ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਗੁਰਦਾਸਪੁਰ ਵੱਲੋਂ ‘ਨਸ਼ਾ ਵਿਰੋਧੀ ਪੰਜਾਬ’ ਮੁਹਿੰਮ ਤਹਿਤ ਸਰਕਾਰੀ ਪੌਲੀਟੈਕਨਿਕ ਕਾਲਜ  ਬਟਾਲਾ ਵਿਖੇ ਸਮਾਗਮ

ਬਟਾਲਾ 10 ਅਕਤੂਬਰ : ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਅਗਵਾਈ ਵਿੱਚ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਗੁਰਦਾਸਪੁਰ ਵੱਲੋਂ ਸਰਕਾਰੀ ਪੋਲੀਟੈਕਨਿਕ ਕਾਲਜ  ਬਟਾਲਾ ਵਿਖੇ ‘ਨਸ਼ਾ ਵਿਰੋਧੀ ਪੰਜਾਬ’ ਮੁਹਿੰਮ ਤਹਿਤ ਸਮਾਗਮ ਕਰਵਾਇਆ ਗਿਆ। ਇਸ ਮੌਕੇ ਮੁੱਖ ਮਹਿਮਾਨ ਵਜੋਂ ਜੁਡੀਸ਼ੀਅਲ ਮੈਜਿਸਟਰੇਟ ਸ. ਹਰਜਿੰਦਰ ਸਿੰਘ (ਮਾਣਯੋਗ ਜੇਐਮਆਈਸੀ) ਨੇ ਸ਼ਮਾ ਰੋਸ਼ਨ ਕਰਕੇ ਇਸ ਪ੍ਰੋਗਰਾਮ ਦੀ ਸ਼ੁਰੂਆਤ ਕਰਦਿਆਂ ਵੱਡੀ ਗਿਣਤੀ ਵਿੱਚ ਹਾਜ਼ਰ ਵਿਦਿਆਰਥੀਆਂ ਅਤੇ ਸਟਾਫ ਨਾਲ ਵਿਚਾਰ ਸਾਂਝੇ ਕੀਤੇ। ਉਹਨਾਂ ਕਿਹਾ ਕਿ ਨਸ਼ਿਆਂ ਦੇ ਖਿਲਾਫ ਵਿੱਢੀ ਗਈ ਮੁਹਿੰਮ ਦੇ ਅੰਤਰਗਤ ਵੱਖ-ਵੱਖ ਵਿਭਾਗਾਂ ਨਾਲ ਤਾਲਮੇਲ ਕਰਕੇ ਨਸ਼ਿਆਂ ਨੂੰ ਜੜ੍ਹ ਤੋਂ ਖ਼ਤਮ ਕਰਨ ਲਈ 1 ਅਕਤੂਬਰ ਤੋਂ 31 ਅਕਤੂਬਰ 2023 ਤੱਕ ਇਹ ਮੁਹਿੰਮ ਚਲਾਈ ਜਾਵੇਗੀ। ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਤਹਿਤ ਪੈਨਲ ਵਕੀਲਾਂ, ਪੈਰਾ ਲੀਗਲ ਵਲੰਟੀਅਰ, ਪਿੰਡਾਂ, ਸਕੂਲਾਂ, ਕਾਲਜਾਂ ਤੋਂ ਇਲਾਵਾ ਜਨਤਕ ਥਾਵਾਂ ਤੇ ਵੱਖ-ਵੱਖ ਸੈਮੀਨਾਰ ਲਗਾ ਕੇ ਆਮ ਜਨਤਾ ਨੂੰ ਨਸ਼ਿਆਂ ਦੇ ਖਿਲਾਫ ਜਾਗਰੂਕ ਕੀਤਾ ਜਾਵੇਗਾ। ਇਸ ਮੌਕੇ ਕਾਲਜ ਦੇ ਪ੍ਰਿੰਸੀਪਲ ਬਲਵਿੰਦਰ ਸਿੰਘ ਨੇ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਨੁਕਸਾਨ ਤੋਂ ਜਾਣੂ ਕਰਵਾ ਕੇ ਉਹਨਾਂ ਨੂੰ ਆਪਣਾ ਜੀਵਨ ਸੁਚੱਜੇ ਢੰਗ ਨਾਲ ਜਿਊਣ ਬਾਰੇ ਪ੍ਰੇਰਿਤ ਕੀਤਾ ਗਿਆ। ਇਸ ਮੌਕੇ ਆਪਣੇ ਸੰਬੋਧਨ ਵਿੱਚ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਬਟਾਲਾ ਐਡਵੋਕੇਟ ਪੰਕਜ ਕੁਮਾਰ ਨੇ  ਕਿਹਾ ਕਿ ਨਸ਼ਾ ਘਰ ਅਤੇ ਸਿਹਤ ਨੂੰ ਜੜ੍ਹੋਂ ਖ਼ਤਮ ਕਰ ਦਿੰਦਾ ਹੈ। ਅੱਜ- ਕੱਲ੍ਹ ਦੇਖਣ ਵਿੱਚ ਆਇਆ ਹੈ ਕਿ ਆਮ ਸਕੂਲ ਕਾਲਜ ਦੇ ਵਿਦਿਆਰਥੀ ਅਤੇ ਬਾਕੀ ਨੌਜਵਾਨ ਨਸ਼ਿਆਂ ਵਿਚ ਪੈ ਕੇ ਜ਼ੁਰਮ ਨੂੰ ਅੰਜਾਮ ਦਿੰਦੇ ਹਨ। ਉਨਾਂ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵ ਬਾਰੇ ਦੱਸਦਿਆਂ ਹੋਇਆਂ ਟੋਲ ਫਰੀ ਨੰਬਰਾਂ ਬਾਰੇ ਜਾਣਕਾਰੀ ਦਿੱਤੀ। ਇਸ ਮੌਕੇ ਪਲੇਸਮੈਂਟ ਅਫਸਰ ਜਸਬੀਰ ਸਿੰਘ, ਰੈੱਡ ਰੀਬਨ ਕਲੱਬ ਦੇ ਨੋਡਲ ਅਫਸਰ ਤੇਜ ਪ੍ਰਤਾਪ ਸਿੰਘ ਕਾਹਲੋਂ ਨੇ ਵਿਚਾਰ ਪੇਸ਼ ਕਰਦਿਆਂ ਕਿਹਾ ਕਿ ਉਹ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਗੁਰਦਾਸਪੁਰ ਨਾਲ ਰਲ਼ ਕੇ ਵਿਦਿਆਰਥੀਆਂ ਅਤੇ ਆਮ ਜਨਤਾ ਨੂੰ ਨਸ਼ਿਆਂ ਤੋਂ ਦੂਰ ਰਹਿਣ ਬਾਰੇ ਕਾਉਂਸਲਿੰਗ ਕਰਕੇ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕਰਨਗੇ। ਉਨ੍ਹਾਂ ਕਿਹਾ ਕਿ ਸਾਨੂੰ ਉਮੀਦ ਹੈ ਕਿ ਇਹ ਮੁਹਿੰਮ ਨਸ਼ਿਆਂ ਦੀ ਰੋਕਥਾਮ ਲਈ ਇੱਕ ਵੱਡਾ ਕਦਮ ਸਾਬਿਤ ਹੋਵੇਗੀ। ਇਸ ਮੌਕੇ ਵਿਸ਼ੇਸ਼ ਤੌਰ ਤੇ ਪਹੁੰਚੇ ਰਣਜੋਧ ਸਿੰਘ ਬੱਲ ਡੀ.ਐਲ.ਐਸ.ਲਏ ਆਫਿਸ ਬਟਾਲਾ, ਕਾਲਜ ਦੇ ਵਿਭਾਗੀ ਮੁਖੀ ਸ਼ਿਵਰਾਜਨ ਪੁਰੀ, ਵਿਜੇ ਮਨਿਹਾਸ, ਹਰਜਿੰਦਰ ਪਾਲ ਸਿੰਘ,  ਸੁਨਿਮਰਜੀਤ ਕੌਰ, ਜਗਦੀਪ ਸਿੰਘ, ਮੈਡਮ ਰੇਖਾ, ਹੁਨਰਬੀਰ ਸਿੰਘ, ਹਾਜ਼ਰ ਸਨ।