ਸ਼੍ਰੋਮਣੀ ਕਮੇਟੀ ਵੱਲੋਂ ਦਿੱਲੀ ਵਿਖੇ ਹੋਣ ਵਾਲੇ ਸਮਾਗਮਾਂ ਦੇ ਪ੍ਰਬੰਧਾਂ ਲਈ ਕਰਮਚਾਰੀਆਂ ਦੀਆਂ ਲਗਾਈਆਂ ਡਿਊਟੀਆਂ

  • ਸਰਦਾਰ ਜੱਸਾ ਸਿੰਘ ਰਾਮਗੜ੍ਹੀਆ ਦੇ 300 ਸਾਲਾ ਜਨਮ ਦਿਹਾੜੇ ਨੂੰ ਸਮਰਪਿਤ 16, 17, ਤੇ 18 ਅਪ੍ਰੈਲ ਨੂੰ ਦਿੱਲੀ ਵਿਖੇ ਹੋਣਗੇ ਸਮਾਗਮ- ਸ. ਪ੍ਰਤਾਪ ਸਿੰਘ

ਅੰਮ੍ਰਿਤਸਰ, 12 ਅਪ੍ਰੈਲ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਕੌਮ ਦੇ ਮਹਾਨ ਜਰਨੈਲ ਸਰਦਾਰ ਜੱਸਾ ਸਿੰਘ ਜੀ ਰਾਮਗੜ੍ਹੀਆ ਦਾ 300 ਸਾਲਾ ਜਨਮ ਦਿਹਾੜਾ ਸਿੱਖ ਜਥੇਬੰਦੀਆਂ ਅਤੇ ਸੰਗਤਾਂ ਦੇ ਸਹਿਯੋਗ ਨਾਲ ਮਨਾਇਆ ਜਾ ਰਿਹਾ ਹੈ। ਇਸ ਸਬੰਧ ਵਿਚ ਦਿੱਲੀ ਵਿਖੇ ਹੋਣ ਵਾਲੇ ਸਮਾਗਮਾਂ ਦੇ ਪ੍ਰਬੰਧਾਂ ਸਬੰਧੀ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਨਿਰਦੇਸ਼ਾਂ ਅਨੁਸਾਰ ਅਧਿਕਾਰੀਆਂ ਅਤੇ ਕਰਮਚਾਰੀਆਂ ਦੀਆਂ ਡਿਊਟੀਆਂ ਲਗਾਈਆਂ ਗਈਆਂ। ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ ਨੇ ਅਧਿਕਾਰੀਆਂ ਨਾਲ ਸ਼ਤਾਬਦੀ ਸਮਾਗਮਾਂ ਦੀਆਂ ਤਿਆਰੀਆਂ ਸਬੰਧੀ ਇਕੱਤਰਤਾ ਕੀਤੀ। ਪ੍ਰਤਾਪ ਸਿੰਘ ਨੇ ਕਿਹਾ ਕਿ ਸਰਦਾਰ ਜੱਸਾ ਸਿੰਘ ਜੀ ਰਾਮਗੜ੍ਹੀਆ ਸਿੱਖ ਕੌਮ ਦੇ ਮਹਾਨ ਜਰਨੈਲ ਸਨ, ਜਿਨ੍ਹਾਂ ਦੀ ਇਤਿਹਾਸ ਅੰਦਰ ਨਿਵੇਕਲੀ ਥਾਂ ਹੈ। ਉਨ੍ਹਾਂ ਕਿਹਾ ਕਿ ਅਜਿਹੇ ਜਰਨੈਲਾਂ ਦੇ ਦਿਹਾੜੇ ਮਨਾਉਣਾ ਸਾਡਾ ਕੌਮੀ ਫਰਜ ਹੈ। ਸਮਾਗਮਾਂ ਸਬੰਧੀ ਜਾਣਕਾਰੀ ਦਿੰਦਿਆਂ ਸਕੱਤਰ ਸ. ਪ੍ਰਤਾਪ ਸਿੰਘ ਤੇ ਸ. ਬਲਵਿੰਦਰ ਸਿੰਘ ਕਾਹਲਵਾਂ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਸ਼ਤਾਬਦੀ ਦਾ ਮੁੱਖ ਸਮਾਗਮ 5 ਮਈ ਨੂੰ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦਿਵਾਨ ਹਾਲ ਸ੍ਰੀ ਅੰਮ੍ਰਿਤਸਰ ਵਿਖੇ ਕੀਤਾ ਜਾਣਾ ਹੈ। ਇਸ ਤੋਂ ਪਹਿਲਾਂ ਸੰਗਤਾਂ ਦੀ ਮੰਗ ਅਨੁਸਾਰ 16 ਅਪ੍ਰੈਲ ਨੂੰ ਗੁਰਦੁਆਰਾ ਸ੍ਰੀ ਰਕਾਬ ਗੰਜ ਸਾਹਿਬ ਦਿੱਲੀ ਤੋਂ ਖ਼ਾਲਸਾ ਫ਼ਤਹ ਮਾਰਚ ਆਰੰਭ ਹੋਵੇਗਾ ਜੋਂ ਰਾਤ ਨੂੰ ਡੀਡੀਏ ਗਰਾਊਂਡ, ਹਰੀ ਨਗਰ ਦਿੱਲੀ ਵਿਖੇ ਪੁੱਜੇਗਾ ਜਿਥੇ 17 ਅਪ੍ਰੈਲ ਨੂੰ ਸ਼ਾਮ 5 ਵਜੇ ਤੋਂ ਰਾਤ 12 ਵਜੇ ਤੱਕ ਗੁਰਮਤਿ ਸਮਾਗਮ ਹੋਣਗੇ।  ਇਨ੍ਹਾਂ ਸਮਾਗਮਾਂ ਵਿਚ ਪੰਥ ਪ੍ਰਸਿੱਧ ਰਾਗੀ, ਢਾਡੀ, ਕਵੀਸ਼ਰ ਜਥੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਅਤੇ ਸਿੱਖ ਇਤਿਹਾਸ ਨਾਲ ਜੋੜਨਗੇ। ਇਸੇ ਤਰ੍ਹਾਂ 18 ਅਪ੍ਰੈਲ ਨੂੰ ਸ਼ਾਮ 4 ਵਜੇ ਡੀਡੀਏ ਗਰਾਊਂਡ ਵਿਚ ਖਾਲਸਾਈ ਖੇਡਾਂ ਕਰਵਾਈਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ 20 ਅਪ੍ਰੈਲ ਨੂੰ ਗੁਰਦੁਆਰਾ ਛੋਟੇ ਸਾਹਿਬਜ਼ਾਦੇ, ਫ਼ਤਹਿ ਨਗਰ, ਦਿੱਲੀ ਤੋਂ ਖ਼ਾਲਸਾ ਫ਼ਤਹ ਮਾਰਚ ਅਗਲੇ ਪੜਾਅ ਲਈ ਰਵਾਨਾ ਹੋਵੇਗਾ ਜੋ ਹਰਿਆਣਾ ਤੇ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਕਸਬਿਆਂ ਅਤੇ ਪਿੰਡਾ ਤੋਂ ਹੁੰਦਾ ਹੋਇਆ 4 ਮਈ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਪਹੁੰਚ ਕੇ ਸੰਪੰਨ ਹੋਵੇਗਾ। ਉਨ੍ਹਾਂ ਕਿਹਾ ਕਿ ਇਹ ਸਾਰੇ ਪ੍ਰੋਗਰਾਮ ਦਿੱਲੀ ਦੀਆਂ ਪ੍ਰਮੁੱਖ ਸਖ਼ਸ਼ੀਅਤਾਂ ਅਤੇ ਸੰਗਤਾਂ ਦੇ ਸਹਿਯੋਗ ਨਾਲ ਕੀਤੇ ਜਾਣਗੇ। ਇਸ ਮੌਕੇ ਵਧੀਕ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ, ਸ. ਬਲਵਿੰਦਰ ਸਿੰਘ ਕਾਹਲਵਾਂ, ਸ. ਗੁਰਿੰਦਰ ਸਿੰਘ ਮਥਰੇਵਾਲ, ਸ. ਬਿਜੈ ਸਿੰਘ, ਸ. ਸਿਮਰਜੀਤ ਸਿੰਘ, ਮੀਤ ਸਕੱਤਰ ਸ. ਤਜਿੰਦਰ ਸਿੰਘ ਪੱਡਾ, ਸ. ਗੁਰਚਰਨ ਸਿੰਘ ਕੁਹਾਲਾ, ਸ. ਜਸਵਿੰਦਰ ਸਿੰਘ ਜੱਸੀ, ਮੀਡੀਆ ਇੰਚਾਰਜ ਤੇ ਬੁਲਾਰੇ ਸ. ਹਰਭਜਨ ਸਿੰਘ ਵਕਤਾ, ਸੁਪਡੈਂਟ ਸ. ਮਲਕੀਤ ਸਿੰਘ ਬਹਿੜਵਾਲ, ਸ. ਰਜਿੰਦਰ ਸਿੰਘ ਰੂਬੀ, ਇੰਚਾਰਜ ਸ. ਮਨਜੀਤ ਸਿੰਘ, ਸ. ਤਰਸੇਮ ਸਿੰਘ, ਵਧੀਕ ਮੈਨੇਜਰ ਸ. ਨਿਸ਼ਾਨ ਸਿੰਘ ਜਫਰਵਾਲ ਆਦਿ ਹਾਜਰ ਸਨ।