ਪੋਲਿੰਗ ਪ੍ਰਤੀਸ਼ਤਤਾ ਵਧਾਉਣ ਲਈ ਕੀਤੇ ਜਾਣਗੇ ਉਪਰਾਲੇ - ਡਿਪਟੀ ਕਮਿਸ਼ਨਰ

  • ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨਾਲ ਵੀਡੀਓ ਕਾਨਫਰੰਸਿੰਗ ਜ਼ਰੀਏ ਕੀਤੀ ਮੀਟਿੰਗ

ਅੰਮਿ਼੍ਰਤਸਰ 12 ਮਾਰਚ : ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਨੇ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨਾਲ ਵੀਡੀਓ ਕਾਨਫਰੰਸਿੰਗ ਜ਼ਰੀਏ ਮੀਟਿੰਗ ਕਰਦੇ ਹੋਏ ਵਿਸਵਾਸ਼ ਦਵਾਇਆ ਕਿ ਜਿਲ੍ਹੇ ਵਿੱਚ ਪੋਲਿੰਗ ਪ੍ਰਤੀਸ਼ਤਤਾ ਨੂੰ ਵਧਾਉਣ ਲਈ ਉਪਰਾਲੇ ਕੀਤੇ ਜਾਣਗੇ ਅਤੇ ਇਸ ਮਕਸਦ ਲਈ ਸੋਸ਼ਲ ਮੀਡੀਆ ਪਲੇਟਫਾਰਮਾਂ ਦੀ ਯੋਗ ਵਰਤੋਂ ਵੀ ਕੀਤੀ ਜਾਵੇਗੀ।  ਮੁੱਖ ਚੋਣ ਅਧਿਕਾਰੀ ਨਾਲ ਵੀਡੀਓ ਕਾਨਫਰੰਸਿੰਗ ਜ਼ਰੀਏ ਮੀਟਿੰਗ ਮਗਰੋਂ ਜਿਲੇ ਦੇ ਹੋਰ ਅਧਿਕਾਰੀਆਂ ਨਾਲ ਗੱਲਬਾਤ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਚੋਣਾਂ ਬਿਨਾਂ ਪੱਖਪਾਤ ਤੋਂ ਪਾਰਦਰਸ਼ੀ ਅਤੇ ਬਿਨਾਂ ਕਿਸੇ ਦਬਾਅ ਦੇ ਕਰਵਾਈਆ ਜਾਣ। ਉਨ੍ਹਾਂ ਕਿਹਾ ਕਿ ਚੋਣ ਅਮਲਾ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਪਾਲਣਾ ਨੂੰ ਇੰਨ-ਬਿੰਨ ਲਾਗੂ ਕਰਵਾਉਣ ਲਈ ਪਾਬੰਦ ਹੈ ਅਤੇ ਕਿਸੇ ਵੀ ਪ੍ਰਕਾਰ ਦੀ ਢਿੱਲ-ਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਲਾਹਪ੍ਰਵਾਹੀ ਕਰਨ ਵਾਲੇ ਅਧਿਕਾਰੀਆਂ ਤੇ ਕਰਮਚਾਰੀਆਂ ਵਿਰੁੱਧ ਬਣਦੀ ਕਾਰਵਾਈ ਕੀਤੀ ਜਾਵੇਗੀ। ਸ਼੍ਰੀ ਥੋਰੀ ਨੇ ਕਿਹਾ ਕਿ ਪੋਲਿੰਗ ਪ੍ਰਤੀਸ਼ਤਤਾ ਵਧਾਉਣ ਲਈ ਇਸ ਵਾਰ 70 ਪਾਰ ਦੇ ਨਾਅਰੇ ਨੂੰ ਅਮਲੀ ਜਾਮਾ ਪਹਿਣਾਉਣ ਲਈ ਸਾਰੇ ਜ਼ਿਲ੍ਹੇ ਉਨ੍ਹਾਂ ਇਲਾਕਿਆਂ ਦੀ ਸ਼ਨਾਖਤ ਕਰਕੇ ਗਤੀਵਿਧੀਆਂ ਵੀ ਕੀਤੀਆਂ ਜਾਣਗੀਆਂ ਜਿੱਥੇ ਪਿਛਲੀਆਂ ਚੋਣਾਂ ਦੌਰਾਨ ਵੋਟ ਪ੍ਰਤੀਸ਼ਸ਼ਤਾ ਘੱਟ ਰਹੀ ਸੀ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਚੋਣ ਪ੍ਰਕਿਰਿਆ ਦੌਰਾਨ ਜੇਕਰ ਕੋਈ ਵੀ ਸਿਆਸੀ ਪਾਰਟੀ ਕਿਸੇ ਪ੍ਰਕਾਰ ਦੀ ਇਜਾਜ਼ਤ ਮੰਗਦੀ ਹੈ ਤਾਂ ਉਸ ਦਾ ਨਿਪਟਾਰਾ ਨਿਰਧਾਰਿਤ ਸਮਾਂ ਸੀਮਾ ਅੰਦਰ ਹੀ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਿਆਸੀ ਪਾਰਟੀਆਂ ਨਾਲ ਮੀਟਿੰਗਾਂ ਕਰਕੇ ਉਨ੍ਹਾਂ ਦੇ ਨੁਮਾਇੰਦਿਆਂ ਨੂੰ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਤੇ ਨਿਯਮਾਂ ਤੋਂ ਜਾਣੂੰ ਵੀ ਕਰਵਾਇਆ ਜਾਵੇਗਾ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਚੋਣ ਜ਼ਾਬਤਾ ਲੱਗਣ ਤੋਂ ਬਾਅਦ ਸਾਰੀਆਂ ਸਰਕਾਰੀ ਇਮਾਰਤਾਂ `ਤੇ ਲੱਗੀਆਂ ਸਿਆਸੀ ਸਖਸ਼ੀਅਤਾਂ ਦੀਆਂ ਤਸਵੀਰਾਂ ਨੂੰ ਹਟਾਉਣ/ਢੱਕਣ ਲਈ ਸਬੰਧਤ ਅਧਿਕਾਰੀਆਂ/ਕਰਮਚਾਰੀਆਂ ਨੂੰ ਹੁਣ ਤੋਂ ਹੀ ਹਦਾਇਤਾਂ ਜਾਰੀ ਕੀਤੀਆਂ ਜਾਣ।