ਪਰਾਲੀ ਦੀ ਸਾਂਭ-ਸੰਭਾਲ ਸੰਬੰਧੀ ਪਿੰਡ ਸਹਾਏਪੁਰ ਵਿਖੇ ਕਿਸਾਨ ਜਾਗਰੂਕਤਾ ਕੈਂਪ ਲਗਾਇਆ      

ਗੁਰਦਾਸਪੁਰ, 28 ਸਤੰਬਰ : ਨੈਸ਼ਨਲ ਗਰਨਿ ਟ੍ਰਿਬਿਊਨਲ ਅਤੇ ਪੰਜਾਬ ਸਰਕਾਰ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਡਿਪਟੀ ਕਮਿਸ਼ਨਰ ਗੁਰਦਾਸਪੁਰ ਡਾ. ਹਿਮਾਂਸ਼ੂ ਅਗਰਵਾਲ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪਿੰਡਾਂ ਵਿੱਚ ਵਿਸ਼ੇਸ਼ ਜਾਗਰੂਕਤਾ ਮੁਹਿੰਮ ਜਰੀਏ ਕਿਸਾਨਾਂ ਨੂੰ ਫਸਲੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਇਸੇ ਜਾਗਰੂਕਤਾ ਮਹਿੰਮ ਤਹਿਤ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਅੱਜ ਬਲਾਕ ਕਾਹਨੂੰਵਾਨ ਦੇ ਪਿੰਡ ਸਹਾਏਪੁਰ ਵਿੱਚ ਕਿਸਾਨ ਜਾਗਰੂਕਤਾ ਕੈਂਪ ਲਗਾਇਆ ਗਿਆ। ਕੈਂਪ ਦੌਰਾਨ ਬਲਾਕ ਖੇਤੀਬਾੜੀ ਅਫਸਰ ਡਾ. ਦਿਲਬਾਗ ਸਿੰਘ ਭੱਟੀ ਨੇ ਕਿਸਾਨਾਂ ਸੰਬੋਧਨ ਕਰਦਿਆਂ ਕਿਹਾ ਕਿ ਇਸ ਵਾਰ ਅਸੀਂ ਸਾਰੇ ਮਿਲ ਕੇ ਆਪਣੇ ਬਲਾਕ ਤੇ ਜ਼ਿਲ੍ਹੇ ਨੂੰ ਪਰਾਲੀ ਦੀ ਅੱਗ ਤੋਂ ਪੂਰੀ ਤਰ੍ਹਾਂ ਮੁਕਤ ਕਰਨ ਵਿਚ ਆਪਣਾ ਯੋਗਦਾਨ ਪਾਵਾਂਗੇ। ਉਨ੍ਹਾਂ ਕਿਹਾ ਕਿ ਖੇਤਾਂ ਵਿੱਚ ਪਰਾਲੀ ਨੂੰ ਅੱਗ ਲਗਾਉਣੀ ਬਹੁਤ ਨੁਕਸਾਨਦੇਹ ਹੈ ਅਤੇ ਇਸ ਨਾਲ ਵਾਤਾਵਰਨ ਵੀ ਦੂਸ਼ਿਤ ਹੁੰਦਾ ਹੈ। ਉਨ੍ਹਾਂ ਕਿਹਾ ਕਿ ਕਿਸਾਨ ਆਪਣੀ ਫਸਲ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ ਬਲਕਿ ਕਣਕ ਦੀ ਬਿਜਾਈ ਆਪਣੇ ਫਸਲੀ ਚੱਕਰ ਅਨੁਸਾਰ ਹੈਪੀ ਸੀਡਰ, ਸੁਪਰ ਸੀਡਰ, ਸਮਾਰਟ ਸੀਡਰ, ਸਰਫੇਸ ਸੀਡਰ ਆਦਿ ਦੀ ਵਰਤੋਂ ਕਰਕੇ ਕਰਨ। ਉਨ੍ਹਾਂ ਕਿਹਾ ਕਿ ਜਿਹੜੇ ਕਿਸਾਨ ਫਸਲੀ ਰਹਿੰਦ-ਖੂੰਹਦ ਨੂੰ ਅੱਗ ਨਹੀਂ ਲਗਾਉਣਗੇ ਉਨ੍ਹਾਂ ਨੂੰ ਪ੍ਰਸ਼ਾਸਨ ਵੱਲੋਂ ਵਾਤਾਵਰਨ ਦੇ ਰਾਖੇ ਸਨਮਾਨ ਨਾਲ ਸਨਮਾਨਿਤ ਕੀਤਾ ਜਾਵੇਗਾ। ਜਾਗਰੂਕਤਾ ਕੈਂਪ ਦੌਰਾਨ ਇੰਦਰਜੋਤ ਸਿੰਘ ਖੇਤੀਬਾੜੀ ਸਬ ਇੰਸਪੈਕਟਰ, ਜਗਦੀਪ ਸਿੰਘ ਏ.ਟੀ.ਐਮ, ਇਕਬਾਲ ਸਿੰਘ ਖੇਤੀਬਾੜੀ ਵਿਸਥਾਰ ਅਫ਼ਸਰ, ਮਨਜੋਤ ਸਿੰਘ ਏ.ਟੀ.ਐਮ, ਬੂਆ ਸਿੰਘ, ਕੁਲਦੀਪ ਸਿੰਘ, ਸਰਬਜੀਤ ਸਿੰਘ ਚਾਹਲ, ਕਰਨੈਲ ਸਿੰਘ ਅਤੇ ਵੱਡੀ ਗਿਣਤੀ ’ਚ ਕਿਸਾਨ ਹਾਜ਼ਰ ਸਨ।