ਝੋਨੇ ਦੀ ਪਰਾਲੀ ਦੀ ਸਾਂਭ-ਸੰਭਾਲ ਅਤੇ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ ਸਬੰਧੀ ਕਿਸਾਨ ਸਿਖਲਾਈ ਕੈਂਪ

ਬਟਾਲਾ, 11 ਸਤੰਬਰ : ਡਾ.ਹਿਮਾਸ਼ੂ ਅਗਰਵਾਲ, ਡਿਪਟੀ ਕਮਿਸ਼ਨਰ ਗੁਰਦਾਸਪੁਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਖੇਤੀਬਾੜੀ ਅਤੇ ਕਿਸਾਨ ਵਿਭਾਗ ਵੱਲੋਂ  ਕਿਸਾਨਾਂ ਨੂੰ ਝੋਨੇ ਦੀ ਪਰਾਲੀ ਦੀ ਰਹਿੰਦ ਖੂੰਹਦ ਨੂੰ ਅੱਗ ਨਾ ਲਗਾਉਣ ਲਈ ਵਿਸ਼ੇਸ਼ ਮੁਹਿੰਮ ਵਿੱਢੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਖੇਤੀਬਾੜੀ ਅਫਸਰ ਡਾ. ਕਿਰਪਾਲ ਸਿੰਘ ਢਿੱਲੋਂ ਨੇ ਦੱਸਿਆ ਕਿ ਝੋਨੇ ਦੀ ਪਰਾਲੀ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ ਤੇ ਸੁਚੱਜੀ ਸਾਂਭ-ਸੰਭਾਲ ਸਬੰਧੀ ਪਿੰਡ ਢਡਿਆਲਾ ਨੱਤ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ। ਕੈਂਪ ਦੌਰਾਨ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਤੇ ਮਾਹਿਰਾਂ ਵਲੋਂ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਾਉਣ ਲਈ ਪ੍ਰੇਰਿਤ ਕੀਤਾ। ਉਨਾਂ ਨੇ ਦੱਸਿਆ ਕਿ ਝੋਨੇ ਦੀਆਂ ਘੱਟ ਸਮਾਂ ਲੈਣ ਅਤੇ ਘੱਟ ਕੱਦ ਵਾਲੀਆਂ ਕਿਸਮਾਂ ਦੀ ਚੋਣ ਕਰਨੀ ਚਾਹੀਦੀ ਹੈ। ਉਨ੍ਹਾਂ ਦੱਸਿਆ ਕਿ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਨਾਲ ਧਰਤੀ ਦਾ ਤਾਪਮਾਨ ਵੱਧਣ ਨਾਲ ਸੂਖਮ ਜੀਵ ਅਤੇ ਮਿੱਤਰ ਕੀੜੇ ਮਰ ਜਾਂਦੇ ਹਨ। ਇਸ ਤੋਂ ਬਿਨਾਂ ਉਨ੍ਹਾਂ ਨੇ ਝੋਨੇ ਦੀ ਪਰਾਲੀ ਸਾੜਨ ਨਾਲ ਪੈਦਾ ਹੋਏ ਧੂੰਏ ਨਾਲ ਵਾਤਾਵਰਣ ਅਤੇ ਮਨੁੱਖੀ ਸਿਹਤ ਨੂੰ ਹੋਣ ਵਾਲੇ ਨੁਕਸਾਨਾਂ ਤੇ ਵੀ ਚਾਨਣਾ ਪਾਇਆ। ਇਸ ਦੇ ਨਾਲ ਹੀ ਉਨ੍ਹਾਂ ਝੋਨੇ ਦੀ ਪਰਾਲੀ ਦੀ ਰਹਿੰਦ-ਖੂੰਹਦ ਦੀ ਸੰਭਾਲ ਅਤੇ ਕਣਕ ਦੀ ਬਿਜਾਈ ਲਈ ਪੀ.ਏ.ਯੂ ਵੱਲੋਂ ਬਣਾਈ ਨਵੀ ਤਕਨੀਕ ਦੀ ਖੇਤੀ ਮਸ਼ੀਨਰੀ ਸਰਫ਼ੇਸ ਸੀਡਰ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਕਿਸਾਨਾਂ ਨੂੰ ਝੋਨੇ ਅਤੇ ਹੋਰ ਫਸਲਾਂ ਵਿੱਚ ਕੀੜੇ-ਮਕੌੜੇ ਅਤੇ ਬਿਮਾਰੀਆਂ ਦੀ ਰੋਕਥਾਮ ਸਬੰਧੀ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਗਈ। ਉਨ੍ਹਾਂ ਕਿਸਾਨ ਵੀਰਾਂ ਨੂੰ ਸੁਝਾਅ ਦਿੱਤੇ ਕਿ ਉਹ ਅਪਣੀਆਂ ਫਸਲਾਂ ਦਾ ਲਗਾਤਾਰ ਸਰਵੇਖਣ ਕਰਦੇ ਰਹਿਣ ਅਤੇ ਵਿਭਾਗ ਵਲੋਂ ਸਿਫਾਰਿਸ਼-ਸੁਦਾ ਕੀੜੇਮਾਰ ਦਵਾਈਆਂ ਦੀ ਵਰਤੋਂ ਕਰਨ ਆਖਰ ਵਿੱਚ ਵਿਭਾਗ ਵਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਸਕੀਮਾਂ ਬਾਰੇ ਕਿਸਾਨਾਂ ਨਾਲ ਜਾਣਕਾਰੀ ਸਾਂਝੀ ਕੀਤੀ ਗਈ।