ਕਿਸਾਨ ਖੇਤੀ ਮਸ਼ੀਨਰੀ ਦੀ ਉਪਲਬਧਤਾ ਲਈ ਜ਼ਿਲ੍ਹਾ ਪ੍ਰਸ਼ਾਸਨ ਦੇ ਹੈਲਪ ਲਾਈਨ ਨੰਬਰ 1800-180-1852 ਉੱਪਰ ਸੰਪਰਕ ਕਰ ਸਕਦੇ ਹਨ

  • ਮਸ਼ੀਨਰੀ ਨਾਲ ਪਰਾਲੀ ਦੇ ਨਿਪਟਾਰੇ ਲਈ ਜ਼ਿਲ੍ਹਾ ਪ੍ਰਸ਼ਾਸਨ ਨੇ ਕਿਸਾਨਾਂ ਤੋਂ ਸਹਿਯੋਗ ਦੀ ਮੰਗ ਕੀਤੀ

ਗੁਰਦਾਸਪੁਰ, 11 ਅਕਤੂਬਰ : ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਵੱਲੋਂ ਫ਼ਸਲੀ ਰਹਿੰਦ-ਖੂੰਹਦ ਦੇ ਨਿਪਟਾਰੇ ਲਈ 80 ਫੀਸਦੀ ਸਬਸਿਡੀ ’ਤੇ ਸਹਿਕਾਰੀ ਸਭਾਵਾਂ ਅਤੇ 50 ਫੀਸਦੀ ਸਬਸਿਡੀ ’ਤੇ ਵਿਅਕਤੀਗੜ ਕਿਸਾਨਾਂ ਨੂੰ ਖੇਤੀ ਮਸ਼ੀਨਰੀ ਉਪਲੱਬਧ ਕਰਵਾਈ ਗਈ ਹੈ ਅਤੇ ਜ਼ਿਲ੍ਹਾ ਗੁਰਦਾਸਪੁਰ ਵਿੱਚ `ਫਸਲ ਦੀ ਰਹਿੰਦ-ਖੂੰਹਦ ਪ੍ਰਬੰਧਨ’ ਲਈ ਲੋੜੀਂਦੀ ਮਾਤਰਾ ਵਿੱਚ ਬੇਲਰ, ਰੇਕ, ਸਰਫੇਸ ਸੀਡਰ ਅਤੇ ਕਈ ਹੋਰ ਮਸ਼ੀਨਾਂ ਉਪਲੱਬਧ ਹਨ। ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਅਪੀਲ ਕਰਦਿਆਂ ਪਰਾਲੀ ਪ੍ਰਬੰਧਨ ਲਈ ਉਪਲਬਧ ਇਨ੍ਹਾਂ ਮਸ਼ੀਨਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ ਦੀ ਅਪੀਲ ਕੀਤੀ ਹੈ। ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਕਿਹਾ ਕਿ ਕਿਸਾਨਾਂ ਆਪਣੇ ਨੇੜਿਓਂ `ਫਸਲ ਦੀ ਰਹਿੰਦ-ਖੂੰਹਦ ਪ੍ਰਬੰਧਨ ਮਸ਼ੀਨਰੀ` ਕਿਰਾਏ ਉੱਪਰ ਲੈਣ ਜ਼ਿਲ੍ਹਾ ਪ੍ਰਸ਼ਾਸਨ ਦੇ ਹੈਲਪਲਾਈਨ ਨੰਬਰ 1800-180-1852 ਉੱਪਰ ਸੰਪਰਕ ਕਰ ਸਕਦੇ ਹਨ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਉਪਰੋਕਤ ਨੰਬਰ `ਤੇ ਕਾਲ ਕਰਕੇ ਸਬੰਧਤ ਸੀ.ਆਰ.ਐਮ. ਮਸ਼ੀਨਰੀ ਮਾਲਕ ਦੇ ਨਾਮ, ਪਿੰਡ ਅਤੇ ਸੰਪਰਕ ਸਮੇਤ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ। ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਜ਼ਿਲ੍ਹੇੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਸਾਹਿਬ ਸ੍ਰੀ ਗੁਰੂ  ਨਾਨਕ ਦੇਵ ਜੀ ਦੇ ਹਵਾ ਨੂੰ ਗੁਰੂ, ਪਾਣੀ ਨੂੰ ਪਿਤਾ ਅਤੇ ਮਿੱਟੀ ਨੂੰ ਮਾਤਾ ਮੰਨਣ ਦੇ ਪਾਵਨ ਸੰਦੇਸ਼ ਦਾ ਸਤਿਕਾਰ ਕਰਨ ਅਤੇ ਪਰਾਲੀ ਨੂੰ ਅੱਗ ਨਾ ਲਗਾ ਕੇ ਹਵਾ, ਪਾਣੀ ਅਤੇ ਧਰਤ ਨੂੰ ਦੂਸ਼ਿਤ ਹੋਣ ਤੋਂ ਬਚਾਉਣ ਵਿੱਚ ਆਪਣਾ ਯੋਗਦਾਨ ਪਾਉਣ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਪਰਾਲੀ ਨਾ ਸਾੜ ਕੇ ਮਿਸਾਲ ਕਾਇਮ ਕਰਨ ਵਾਲੇ ਕਿਸਾਨਾਂ ਦਾ ‘ਵਾਤਾਵਰਨ ਦੇ ਰਾਖੇ’ ਐਵਾਰਡ ਨਾਲ ਸਨਮਾਨ ਕਰ ਰਿਹਾ ਹੈ ਤਾਂ ਜੋ ਉਨ੍ਹਾਂ ਦਾ ਹੌਂਸਲਾ ਵਧਾਉਣ ਦੇ ਨਾਲ-ਨਾਲ, ਬਾਕੀ ਦੇ  ਕਿਸਾਨ ਵੀ ਉਨ੍ਹਾਂ ਤੋਂ ਪ੍ਰੇਰਨਾ ਲੈ ਸਕਣ। ਉਨ੍ਹਾਂ ਅਪੀਲ ਕੀਤੀ ਕਿ ਉਹ ਪਰਾਲੀ ਨੂੰ ਅੱਗ ਲਗਾਏ ਬਿਨਾਂ ਇਸ ਦਾ ਨਿਪਟਾਰਾ ਕਰਨ ਲਈ ਅਪਣਾਏ ਗਏ ਅਮਲਾਂ ਦੀ ਪਾਲਣਾ ਕਰਨ।