ਜ਼ਿਲ੍ਹਾ ਤਰਨ ਤਾਰਨ ਵਿੱਚ ਚੱਲ ਰਹੇ 14 ਆਮ ਆਦਮੀ ਕਲੀਨਿਕਾਂ ਰਾਹੀਂ ਹੁਣ ਤੱਕ 99189 ਮਰੀਜ਼ਾਂ ਨੂੰ ਦਿੱਤੀ ਗਈ ਮੁਫ਼ਤ ਇਲਾਜ ਦੀ ਸਹੂਲਤ ; ਡਿਪਟੀ ਕਮਿਸ਼ਨਰ

  • ਡਿਪਟੀ ਕਮਿਸ਼ਨਰ ਸ਼੍ਰੀਮਤੀ ਬਲਦੀਪ ਕੌਰ ਵੱਲੋਂ ਆਮ ਆਦਮੀ ਕਲੀਨਿਕ ਮੁਰਾਦਪੁਰਾ, ਫਤਿਆਬਾਦ ਅਤੇ ਗੋਇੰਦਵਾਲ ਸਾਹਿਬ ਦਾ ਅਚਨਚੇਤ ਦੌਰਾ
  • ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਆਮ ਆਦਮੀ ਕਲੀਨਿਕ ਵਿੱਚ ਆਉਣ ਵਾਲੇ ਹਰ ਇੱਕ ਮਰੀਜ਼ ਨੂੰ ਲੋੜੀਂਦੀਆਂ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੀ ਹਦਾਇਤ

ਤਰਨ ਤਾਰਨ, 18 ਜੁਲਾਈ : ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਜ਼ਿਲ੍ਹਾ ਤਰਨ ਤਾਰਨ ਵਿੱਚ ਚੱਲ ਰਹੇ 14 ਆਮ ਆਦਮੀ ਕਲੀਨਿਕਾਂ ਰਾਹੀਂ ਹੁਣ ਤੱਕ 99189 ਮਰੀਜ਼ਾਂ ਨੂੰ ਮੁਫ਼ਤ ਇਲਾਜ ਦੀ ਸਹੂਲਤ ਦਿੱਤੀ ਗਈ ਹੈ ਅਤੇ 25683 ਮੈਡੀਕਲ ਟੈਸਟ ਮੁਫ਼ਤ ਕੀਤੇ ਗਏ ਹਨ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀਮਤੀ ਬਲਦੀਪ ਕੌਰ ਨੇ ਅੱਜ ਆਮ ਆਦਮੀ ਕਲੀਨਿਕ ਮੁਰਾਦਪੁਰਾ, ਫਤਿਆਬਾਦ ਅਤੇ ਗੋਇੰਦਵਾਲ ਸਾਹਿਬ ਦਾ ਅਚਨਚੇਤ ਦੌਰਾ ਕਰਦਿਆਂ ਦਿੱਤੀ।ਇਸ ਮੌਕੇ ਸਿਵਲ ਸਰਜਨ ਤਰਨ ਤਾਰਨ ਡਾ. ਗੁਰਪ੍ਰੀਤ ਸਿੰਘ ਰਾਏ ਵੀ ਉਹਨਾਂ ਦੇ ਨਾਲ ਸਨ। ਇਸ ਮੌਕੇ ਡਿਪਟੀ ਕਮਿਸ਼ਨਰ ਵੱਲੋਂ ਆਮ ਆਦਮੀ ਕਲੀਨਿਕਾਂ ਵਿੱਚ ਆਏ ਮਰੀਜ਼ਾਂ ਨਾਲ ਗੱਲਬਾਤ ਕੀਤੀ ਗਈ ਅਤੇ ਸਿਹਤ ਵਿਭਾਗ ਦੇ ਸਟਾਫ਼ ਨੂੰ ਹਦਾਇਤਾਂ ਦਿੱਤੀਆਂ ਕਿ ਆਮ ਆਦਮੀ ਕਲੀਨਿਕ ਵਿੱਚ ਆਉਣ ਵਾਲੇ ਹਰ ਇੱਕ ਮਰੀਜ਼ ਨੂੰ ਲੋੜੀਂਦੀਆਂ ਸਿਹਤ ਸਹੂਲਤਾਂ ਦਿੱਤੀਆਂ ਜਾਣ ਅਤੇ ਦਵਾਈਆਂ ਦੇ ਸਟਾਕ ਨੂੰ ਪੂਰਾ ਰੱਖਿਆ ਜਾਵੇ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹਾ ਤਰਨ ਤਾਰਨ ਵਿੱਚ ਇਸ ਸਮੇਂ ਕੁੱਲ 14 ਆਮ ਆਦਮੀ ਕਲੀਨਿਕ ਚੱਲ ਰਹੇ ਹਨ, ਜਿੰਨਾਂ ਵਿਚ 50 ਤੋਂ ਵੱਧ ਤਰ੍ਹਾਂ ਦੀਆਂ ਦਵਾਈਆਂ ਅਤੇ ਲੈਬ ਟੈਸਟ ਬਿਲਕੁਲ ਮੁਫ਼ਤ ਹਨ। ਉਹਨਾਂ ਦੱਸਿਆ ਕਿ ਮਹੀਨਾ ਜੂਨ, 2023 ਦੌਰਾਨ ਇਹਨਾਂ ਆਮ ਅਦਮੀ ਕਲੀਨਿਕਾਂ ਤੋਂ 13122 ਮਰੀਜ਼ਾਂ ਨੂੰ ਮੁਫ਼ਤ ਇਲਾਜ ਦੀ ਸਹੂਲਤ ਮੁਹੱਈਆ ਕਰਵਾਈ ਗਈ ਹੈ ਅਤੇ 3203 ਮੈਡੀਕਲ ਟੈਸਟ ਮੁਫ਼ਤ ਕੀਤੇ ਗਏ ਹਨ। ਇਸ ਮੌਕੇ ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ ਨੇ ਕਿਹਾ ਕਿ ਇਹ ਆਮ ਆਦਮੀ ਕਲੀਨਿਕ ਪੰਜਾਬ ਸਰਕਾਰ ਦਾ ਬਹੁਤ ਵਧੀਆ ਉਪਰਾਲਾ ਹੈ, ਜਿਸ ਵਿੱਚ ਲੋਕਾਂ ਨੂੰ ਸਰਕਾਰ ਵੱਲੋਂ ਦਿੱਤੀਆਂ ਜਾਣ ਵਾਲੀਆਂ ਸਿਹਤ ਸੇਵਾਵਾਂ ਦਾ ਭਰਪੂਰ ਫਾਇਦਾ ਲੈਣਾ ਚਾਹੀਦਾ ਹੈ।ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ `ਤੇ ਤਰਨ ਤਾਰਨ ਜ਼ਿਲ੍ਹੇ ਵਿਚ ਹੋਰ ਆਮ ਆਦਮੀ ਕਲੀਨਿਕ ਖੁੱਲ੍ਹਣ ਜਾ ਰਹੇ ਹਨ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਆਮ ਆਦਮੀ ਕਲੀਨਿਕ ਦੇ ਪ੍ਰਬੰਧਾਂ `ਤੇ ਤਸੱਲੀ ਦਾ ਪ੍ਰਗਟਾਵਾ ਕੀਤਾ।