ਐੱਸਐੱਸਪੀ ਸ੍ਰੀ ਅਸ਼ਵਨੀ ਕਪੂਰ ਦੀ ਅਗਵਾਈ ਹੇਠ ਹੋਈ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਦੀ ਫੁੱਲ ਡਰੈੱਸ ਰਿਹਰਸਲ

  • ਪੰਜਾਬ ਪੁਲਿਸ ਦੇ ਜਵਾਨਾਂ, ਮਹਿਲਾ ਪਲਟੂਨ, ਪੰਜਾਬ ਹੋਮਗਾਰਡ, ਐੱਨ. ਸੀ. ਸੀ. ਕੈਡਿਟਾਂ, ਪੰਜਾਬ ਪੁਲਿਸ ਬੈਂਡ ਅਤੇ ਸਕੂਲੀ ਵਿਦਿਆਰਥੀਆਂ ਵੱਲੋਂ ਕੀਤਾ ਗਿਆ ਸ਼ਾਨਦਾਰ ਪਾਰਚ ਪਾਸਟ

ਤਰਨ ਤਾਰਨ, 24 ਜਨਵਰੀ : ਗਣਤੰਤਰ ਦਿਵਸ ਦੇ ਮੌਕੇ ‘ਤੇ 26 ਜਨਵਰੀ ਨੂੰ ਹੋਣ ਵਾਲੇ ਜ਼ਿਲ੍ਹਾ ਪੱਧਰੀ ਸਮਾਗਮ ਦੀ ਫੁੱਲ ਡਰੈੱਸ ਰਿਹਰਸਲ ਅੱਜ ਪੁਲਿਸ ਲਾਈਨ ਗਰਾਊਂਡ ਤਰਨ ਤਾਰਨ ਵਿਖੇ ਹੋਈ, ਜਿਸ ਦੌਰਾਨ ਐੱਸ. ਐੱਸ. ਪੀ. ਤਰਨ ਤਾਰਨ ਸ੍ਰੀ ਅਸ਼ਵਨੀ ਕਪੂਰ ਵਲੋਂ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਗਈ ਅਤੇ ਪਰੇਡ ਦਾ ਨਿਰੀਖਣ ਕਰਦਿਆਂ ਮਾਰਚ ਪਾਸਟ ਤੋਂ ਸਲਾਮੀ ਲਈ। ਐੱਸ. ਐੱਸ. ਪੀ. ਤਰਨ ਤਾਰਨ ਵੱਲੋਂ ਪਰੇਡ ਦਾ ਮੁਆਇਨਾ ਕਰਨ ਤੋਂ ਉਪਰੰਤ ਪਰੇਡ ਕਮਾਂਡਰ ਆਈ. ਪੀ. ਐੱਸ. ਰਿਸ਼ਭ ਭੱਲਾ ਦੀ ਕਮਾਂਡ ਹੇਠ ਪੰਜਾਬ ਪੁਲਿਸ ਦੇ ਜਵਾਨਾਂ, ਪੰਜਾਬ ਪੁਲਿਸ ਦੀ ਮਹਿਲਾ ਪਲਟੂਨ, ਪੰਜਾਬ ਹੋਮਗਾਰਡ, ਐੱਨ. ਸੀ. ਸੀ. ਕੈਡਿਟਾਂ, ਪੰਜਾਬ ਪੁਲਿਸ ਬੈਂਡ ਅਤੇ ਸਕੂਲੀ ਵਿਦਿਆਰਥੀਆਂ ਦੇ ਬੈਂਡ ਵੱਲੋਂ ਸ਼ਾਨਦਾਰ ਪਾਰਚ ਪਾਸਟ ਕੀਤਾ ਗਿਆ। ਇਸ ਤੋਂ ਬਾਅਦ ਵੱਖ-ਵੱਖ ਸਕੂਲੀ ਵਿਦਿਆਰਥੀਆਂ ਵੱਲੋਂ ਸ਼ਬਦ ਗਾਇਨ, ਦੇਸ਼ ਭਗਤੀ ਦੇ ਰੰਗ ਵਿੱਚ ਰੰਗਿਆ ਸੱਭਿਆਚਾਰਕ ਪ੍ਰੋਗਰਾਮ ਅਤੇ ਪੰਜਾਬ ਦਾ ਲੋਕ ਨਾਚ ਗਿੱਧਾ ਤੇ ਭੰਗੜਾ ਪੇਸ਼ ਕੀਤਾ ਗਿਆ। ਫੁੱਲ ਡਰੈੱਸ ਰਿਹਰਸਲ ਤੋਂ ਬਾਅਦ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਵਰਿੰਦਰਪਾਲ ਸਿੰਘ ਬਾਜਵਾ ਅਤੇ ਐੱਸ. ਡੀ. ਐੱਮ. ਤਰਨ ਤਾਰਨ ਸ੍ਰੀ ਸਿਮਰਨਦੀਪ ਸਿੰਘ ਨੇ ਦੱਸਿਆ ਕਿ 26 ਜਨਵਰੀ ਨੂੰ ਪੁਲਿਸ ਲਾਈਨ ਗਰਾਊਂਡ ਤਰਨ ਤਾਰਨ ਵਿਖੇ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਪੂਰੇ ਉਤਸ਼ਾਹ ਨਾਲ ਕਰਵਾਇਆ ਜਾਵੇਗਾ, ਜਿਸ ਵਿੱਚ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਸੰਦੀਪ ਕੁਮਾਰ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ। ਇਸ ਮੌਕੇ ਉਹਨਾਂ ਸਮੂਹ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਗਣਤੰਤਰ ਦਿਵਸ ਸਮਾਗਮ ਵਿੱਚ ਸਾਰੇ ਸਰਕਾਰੀ ਅਧਿਕਾਰੀਆਂ ਤੇ ਕਰਮਚਾਰੀਆਂ ਦੀ ਹਾਜ਼ਰੀ ਲਾਜ਼ਮੀ ਹੈ ਅਤੇ ਸਾਰੇ ਆਪਣਾ ਫ਼ਰਜ ਸਮਝਦੇ ਹੋਏ ਗਣਤੰਤਰ ਦਿਵਸ ਸਮਾਗਮ ਵਿੱਚ ਸ਼ਾਮਲ ਹੋਣ।ਇਸਦੇ ਨਾਲ ਹੀ ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਵੀ ਅਪੀਲ ਕੀਤੀ ਹੈ ਕਿ ਉਹ ਗਣਤੰਤਰ ਦਿਵਸ ਸਮਾਗਮ ਵਿੱਚ ਸ਼ਾਮਲ ਹੋ ਕੇ ਰੌਣਕਾਂ ਨੂੰ ਵਧਾਉਣ। ਇਸ ਮੌਕੇ ਜ਼ਿਲ੍ਹਾ ਮਾਲ ਅਫ਼ਸਰ ਤਰਨ ਤਾਰਨ ਸ੍ਰੀ ਸਰਬਜੀਤ ਸਿੰਘ, ਕਾਰਜ ਸਾਧਕ ਅਫ਼ਸਰ ਤਰਨ ਤਾਰਨ ਸ੍ਰੀ ਕਮਲਜੀਤ ਸਿੰਘ, ਜ਼ਿਲ੍ਹਾ ਸਮਾਜਿਕ ਨਿਆਂ ਤੇ ਅਧਿਕਾਰਤਾ ਅਫ਼ਸਰ ਸ੍ਰੀ ਬਿਕਰਮਜੀਤ ਸਿੰਘ ਪੁਰੇਵਾਲ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ।