ਜ਼ਿਲ੍ਹਾ ਪੱਧਰੀ ਅਜ਼ਾਦੀ ਦਿਵਸ ਸਮਾਰੋਹ ਸਬੰਧੀ 11 ਅਗਸਤ ਨੂੰ ਹੋਵੇਗੀ ਫੁੱਲ ਡਰੈੱਸ ਰਿਹਰਸਲ-ਡਿਪਟੀ ਕਮਿਸ਼ਨਰ

  • 15 ਅਗਸਤ ਨੂੰ ਪੁਲਿਸ ਲਾਈਨ ਗਰਾਊਂਡ ਤਰਨ ਤਾਰਨ ਵਿਖੇ ਮਨਾਏ ਜਾ ਰਹੇ ਜ਼ਿਲ੍ਹਾ ਪੱਧਰੀ ਸਮਾਰੋਹ ਦੀਆਂ ਤਿਆਰੀਆਂ ਸਬੰਧੀ ਸਮੂਹ ਅਧਿਕਾਰੀਆਂ ਨਾਲ ਕੀਤੀ ਵਿਸ਼ੇਸ ਮੀਟਿੰਗ

ਤਰਨ ਤਾਰਨ, 08 ਅਗਸਤ : ਅਜ਼ਾਦੀ ਦਿਹਾੜੇ ਨੂੰ ਸਮਰਪਿਤ 15 ਅਗਸਤ ਨੂੰ ਪੁਲਿਸ ਲਾਈਨ ਗਰਾਊਂਡ ਤਰਨ ਤਾਰਨ ਵਿਖੇ ਮਨਾਏ ਜਾ ਰਹੇ ਜ਼ਿਲ੍ਹਾ ਪੱਧਰੀ ਸਮਾਰੋਹ ਦੀਆਂ ਤਿਆਰੀਆਂ ਸਬੰਧੀ ਅੱਜ ਡਿਪਟੀ ਕਮਿਸ਼ਨਰ ਸ਼੍ਰੀਮਤੀ ਬਲਦੀਪ ਕੌਰ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਸਮੂਹ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ। ਇਸ ਮੌਕੇ ਐੱਸ. ਡੀ. ਐੱਮ. ਭਿੱਖੀਵਿੰਡ/ਸਹਾਇਕ ਕਮਿਸ਼ਨਰ ਜਨਰਲ ਸ੍ਰੀ ਅਨਿਲ ਗੁਪਤਾ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਸ੍ਰੀ ਗੁਰਪ੍ਰੀਤ ਸਿੰਘ ਗਿੱਲ, ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਸ਼੍ਰੀਮਤੀ ਕਿਰਤਪ੍ਰੀਤ ਕੌਰ, ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਸ੍ਰੀ ਗੁਰਬਚਨ ਸਿੰਘ ਅਤੇ ਜ਼ਿਲ੍ਹਾ ਸਮਾਜਿਕ ਨਿਆਂ ਤੇ ਅੀਧਕਾਰਤਾ ਅਫ਼ਸਰ ਸ੍ਰੀ ਬਿਕਰਮ ਸਿੰਘ ਪੁਰੇਵਾਲ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ। ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਸ਼੍ਰੀਮਤੀ ਬਲਦੀਪ ਕੌਰ ਨੇ ਕਿਹਾ ਕਿ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਜ਼ਿਲ੍ਹਾ ਪੱਧਰੀ ਅਜ਼ਾਦੀ ਦਿਵਸ ਸਮਾਰੋਹ ਪੁਲਿਸ ਲਾਈਨ ਗਰਾਊਂਡ ਤਰਨ ਤਾਰਨ ਵਿਖੇ ਸ਼ਾਨੋ-ਸ਼ੌਕਤ ਨਾਲ ਮਨਾਇਆ ਜਾਵੇਗਾ ਅਤੇ ਹਰ ਵਿਭਾਗ ਆਪਣੀਆਂ ਤਿਆਰੀਆਂ ਨੂੰ ਸਮਾਂ-ਸਿਰ ਮੁਕੰਮਲ ਕਰਨਾ ਯਕੀਨੀ ਬਣਾਉਣ। ਉਨਾਂ ਦੱਸਿਆ ਕਿ ਜ਼ਿਲ੍ਹਾ ਪੱਧਰੀ ਅਜ਼ਾਦੀ ਦਿਵਸ ਸਮਾਰੋਹ ਦੌਰਾਨ ਕੈਬਨਿਟ ਮੰਤਰੀ ਪੰਜਾਬ ਸ੍ਰ. ਚੇਤਨ ਸਿੰਘ ਜੌੜਾਮਾਜਰਾ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ। ਉਹਨਾਂ ਕਿਹਾ ਕਿ ਸਮਾਰੋਹ ਦੌਰਾਨ ਪੰਜਾਬ ਪੁਲਿਸ ਦੇ ਜਵਾਨਾਂ, ਪੰਜਾਬ ਪੁਲਿਸ ਦੀ ਮਹਿਲਾ ਪਲਟੂਨ, ਪੰਜਾਬ ਹੋਮ ਗਾਰਡ, ਐਨ. ਸੀ. ਸੀ. ਕੈਡਿਟ ਅਤੇ ਵੱਖ ਵੱਖ ਸਕੂਲਾਂ ਵੱਲੋਂ ਪਰੇਡ ਅਤੇ ਬੈਂਡ ਟੀਮਾਂ ਵੱਲੋਂ ਸ਼ਾਨਦਾਰ ਮਾਰਚ ਪਾਸਟ ਕੀਤਾ ਜਾਵੇਗਾ।ਉਨਾਂ ਕਿਹਾ ਕਿ ਅਜ਼ਾਦੀ ਦਿਹਾੜੇ ਮੌਕੇ ਸੁਤੰਤਰਤਾ ਸੰਗਰਾਮੀਆਂ ਦੇ ਪਰਿਵਾਰਾਂ, ਵੀਰ ਨਾਰੀਆਂ ਅਤੇ ਵੱਖ-ਵੱਖ ਖੇਤਰਾਂ ਵਿੱਚ ਨਾਮਣਾ ਖੱਟਣ ਵਾਲੀਆਂ ਸਖਸ਼ੀਅਤਾਂ ਤੇ ਵਿਦਿਆਰਥੀਆਂ ਨੂੰ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਜਾਵੇਗਾ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਅਜ਼ਾਦੀ ਜਸ਼ਨਾਂ ਦੌਰਾਨ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਦੇਸ਼ ਭਗਤੀ ਅਤੇ ਪੰਜਾਬੀ ਸੱਭਿਆਚਾਰ ਦੀ ਤਰਜ਼ਮਾਨੀ ਕਰਦਾ ਸ਼ਾਨਦਾਰ ਪ੍ਰੋਗਰਾਮ ਪੇਸ਼ ਕੀਤਾ ਜਾਵੇਗਾ।ਉਨ੍ਹਾਂ ਕਿਹਾ ਕਿ ਸੱਭਿਆਚਾਰਕ ਪ੍ਰੋਗਰਾਮ ਦੀ ਰੋਜ਼ਾਨਾ ਰਿਹਰਸਲ ਕੀਤੀ ਜਾਵੇ।ਉਨ੍ਹਾਂ ਦੱਸਿਆ ਕਿ 11 ਅਗਸਤ ਨੂੰ ਪੁਲਿਸ ਲਾਈਨ ਗਰਾਊਂਡ, ਤਰਨ ਤਾਰਨ ਵਿਖੇ ਜ਼ਿਲ੍ਹਾ ਪੱਧਰੀ ਅਜ਼ਾਦੀ ਦਿਵਸ ਸਮਾਰੋਹ ਸਬੰਧੀ ਦੀ ਫੁੱਲ ਡਰੈੱਸ ਰਿਹਰਸਲ ਹੋਵੇਗੀ।ਉਨ੍ਹਾਂ ਨਗਰ ਕੌਂਸਲ ਦੇ ਅਧਿਕਾਰੀਆਂ ਨੂੰ ਸਟੇਡੀਅਮ ਦੇ ਨਾਲ ਸਮੁੱਚੇ ਸ਼ਹਿਰ ਦੀ ਸਾਫ਼-ਸਫ਼ਾਈ ਅਤੇ ਚੌਂਕਾਂ ਦੀ ਸਜ਼ਾਵਟ ਵੱਲ ਵਿਸ਼ੇਸ਼ ਧਿਆਨ ਦੇਣ ਦੀਆਂ ਹਦਾਇਤਾਂ ਦਿੱਤੀਆਂ।