ਭਵਿੱਖ ਵਿੱਚ ਨੌਜਵਾਨਾਂ ਨੂੰ ਨੌਕਰੀਆਂ ਦੇ ਵੱਡੇ ਮੌਕੇ ਮਿਲਣਗੇ, ਜਿਸ ਕਾਰਨ ਨੌਜਵਾਨ ਹੁਣ ਵਿਦੇਸ਼ਾਂ ਵੱਲ ਜਾਣ ਨੂੰ ਘੱਟ ਤਰਜੀਹ ਦੇ ਰਹੇ ਹਨ : ਕੈਬਨਿਟ ਮੰਤਰੀ ਧਾਲੀਵਾਲ

  • 53 ਆਂਗਨਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਕੈਬਨਿਟ ਮੰਤਰੀ ਧਾਲੀਵਾਲ ਨੇ ਵੰਡੇ ਨਿਯੁਕਤੀ ਪੱਤਰ

ਅਜਨਾਲਾ, 24 ਅਕਤੂਬਰ : ਕੈਬਨਿਟ ਮੰਤਰੀ ਸ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਹੈ ਕਿ ਭਗਵੰਤ ਮਾਨ ਸਰਕਾਰ ਵੱਲੋਂ ਸੂਬੇ ਵਿੱਚ 36 ਹਜ਼ਾਰ ਬੇਰੁਜਗਾਰ ਨੋਜਵਾਨਾਂ ਨੂੰ ਨੌਕਰੀਆਂ ਦਿੱਤੀਆਂ ਗਈਆਂ ਹਨ। ਹਜ਼ਾਰਾ ਕਰਮਚਾਰੀ ਰੈਗੂਲਰ ਕਰ ਦਿੱਤੇ ਹਨ ਅਤੇ ਭਵਿੱਖ ਵਿੱਚ ਨੌਜਵਾਨਾਂ ਨੂੰ ਨੌਕਰੀਆਂ ਦੇ ਵੱਡੇ ਮੌਕੇ ਮਿਲਣਗੇ, ਜਿਸ ਨਾਲ ਪੰਜਾਬ ਦੇ ਨੌਜਵਾਨ ਹੁਣ ਵਿਦੇਸ਼ਾਂ ਵੱਲ ਜਾਣ ਨੂੰ ਘੱਟ ਤਰਜੀਹ ਦੇ ਰਹੇ ਹਨ। ਅਜਨਾਲਾ ਵਿਖੇ ਆਂਗਨਵਾੜੀ ਵਰਕਰਾਂ ਅਤੇ ਹੈਲਪਰਾਂ ਨੂੰ ਨਿਯੁਕਤੀ ਪੱਤਰ ਵੰਡਣ ਮੌਕੇ ਕੈਬਨਿਟ ਮੰਤਰੀ ਸ ਧਾਲੀਵਾਲ ਨੇ ਕਿਹਾ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਭ੍ਰਿਸ਼ਟਾਚਾਰ ਮੁਕਤ ਸਾਫ ਸੁਥਰਾ ਪ੍ਰਸਾਸ਼ਨ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਜੋ ਵਾਅਦਾ ਚੋਣਾਂ ਦੌਰਾਨ ਲੋਕਾਂ ਨਾਲ ਕੀਤਾ ਸੀ, ਸਰਕਾਰ ਬਣਨ ਤੋਂ ਬਾਅਦ ਮੁੱਖ ਮੰਤਰੀ ਇੱਕ ਇੱਕ ਕਰਕੇ ਹਰ ਵਾਅਦਾ ਪੂਰਾ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਆਮ ਘਰਾਂ ਦੇ ਬਿਜਲੀ ਦੇ ਬਿੱਲ ਜੀਰੋ ਆ ਰਹੇ ਹਨ ਅਤੇ ਬਿਜਲੀ ਦੇ ਬਿੱਲਾਂ ਦੀ ਬੱਚਤ ਨਾਲ ਲੋਕਾਂ ਦੀ ਆਰਥਿਕਤਾ ਮਜਬੂਤ ਹੋ ਰਹੀ ਹੈ। ਸਰਕਾਰ ਵੱਲੋਂ ਮੁਫਤ ਸਿਹਤ ਸਹੂਲਤਾਂ ਲਈ ਸੈਕੜੇ ਆਮ ਆਦਮੀ ਕਲੀਨਿਕ ਲੋਕਾਂ ਦੇ ਘਰਾਂ ਨੇੜੇ ਖੋਲ ਦਿੱਤੇ ਗਏ ਹਨ, ਜਿੱਥੇ ਮੁਫਤ ਦਵਾਈ, ਟੈਸਟ ਦੀ ਸਹੂਲਤ ਮਿਲ ਰਹੀ ਹੈ।  ਕੈਬਨਿਟ ਮੰਤਰੀ ਨੇ ਕਿਹਾ ਕਿ ਸਿੱਖਿਆ ਦੇ ਖੇਤਰ ਵਿੱਚ ਕ੍ਰਾਤੀਕਾਰੀ ਕਦਮ ਚੁੱਕੇ ਹਨ ਅਤੇ ਆਉਣ ਵਾਲੇ ਸਮੇਂ ਵਿਚ ਅਜਨਾਲਾ ਸਿਹਤ, ਸਿੱਖਿਆ ਅਤੇ ਵਿਕਾਸ ਪੱਖੋਂ ਰਾਜ ਦਾ ਮੋਹਰੀ ਸੂਬਾ ਹੋਵੇਗਾ। ਉਨ੍ਹਾਂ ਨੇ ਕਿਹਾ ਕਿ ਜਿਹੜੀਆਂ ਵੀ ਨੌਕਰੀਆਂ ਦਿੱਤੀਆਂ ਜਾ ਰਹੀਆਂ ਹਨ, ਨਿਰੋਲ ਮੈਰਿਟ ਦੇ ਅਧਾਰ ਤੇ ਚੋਣ ਕੀਤੀ ਗਈ ਹੈ, ਹਰ ਵਰਗ ਸਰਕਾਰ ਦੀ ਕਾਰਗੁਜਾਰੀ ਤੋ ਖੁੱਸ਼ ਹੈ। ਉਨ੍ਹਾਂ ਨੇ ਆਂਗਨਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਵੰਡਣ ਮੌਕੇ ਸੁੱਭਕਾਮਨਾਵਾ ਦਿੰਦੇ ਹੋਏ ਕਿਹਾ ਕਿ ਹੁਣ ਸੇਵਾ ਦੀ ਭਾਵਨਾ ਨਾਲ ਕੰਮ ਕਰਨ ਲਈ ਜੁੱਟ ਜਾਣ। ਇਸ ਮੌਕੇ ਐਸ ਡੀ ਐਮ ਸ ਅਰਵਿੰਦਰਪਾਲ ਸਿੰਘ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।