ਅੰਮ੍ਰਿਤਸਰ, 7 ਫਰਵਰੀ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਮਹਾਂਰਾਸ਼ਟਰ ਸਰਕਾਰ ਵਲੋਂ ਤਖ਼ਤ ਸੱਚਖੰਡ ਸ੍ਰੀ ਅਬਿਚਲ ਨਗਰ, ਹਜ਼ੂਰ ਸਾਹਿਬ ਨਾਂਦੇੜ ਪ੍ਰਬੰਧਕੀ ਬੋਰਡ ਦੇ ਐਕਟ ਵਿਚ ਮਨਮਰਜ਼ੀ ਨਾਲ ਸੋਧ ਕਰਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਨਾਮਜ਼ਦ ਮੈਂਬਰਾਂ ਦੀ ਗਿਣਤੀ ਘਟਾ ਕੇ ਸਰਕਾਰ ਵਲੋਂ ਨਾਮਜ਼ਦ ਮੈਂਬਰਾਂ ਦੀ ਗਿਣਤੀ ਵਧਾਉਣ ਦੀ ਕਾਰਵਾਈ ਦੀ ਕਰੜੀ ਨਿੰਦਾ ਕਰਦਿਆਂ ਇਸ ਨੂੰ ਸਿੱਖਾਂ ਦੇ ਧਰਮ ਵਿਚ ਸਿੱਧਾ ਦਖ਼ਲ ਕਰਾਰ ਦਿੱਤਾ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਤੋਂ ਜਾਰੀ ਬਿਆਨ ਵਿਚ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਆਖਿਆ ਕਿ ਸਿੱਖ ਪੰਥ ਆਪਣੇ ਪਾਵਨ ਗੁਰਧਾਮਾਂ ਦੇ ਪ੍ਰਬੰਧਾਂ ਵਿਚ ਸਰਕਾਰੀ ਦਖ਼ਲ ਨੂੰ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕਰ ਸਕਦਾ। ਉਨ੍ਹਾਂ ਸ਼੍ਰੋਮਣੀ ਕਮੇਟੀ ਨੂੰ ਆਦੇਸ਼ ਕੀਤਾ ਹੈ ਕਿ ਉਹ ਸਿੱਖਾਂ ਦੇ ਪਾਵਨ ਤਖ਼ਤ ਸੱਚਖੰਡ ਸ੍ਰੀ ਅਬਿਚਲ ਨਗਰ, ਹਜ਼ੂਰ ਸਾਹਿਬ ਪ੍ਰਬੰਧਕੀ ਬੋਰਡ ਦੇ ਐਕਟ ਵਿਚ ਮਨਮਰਜ਼ੀ ਨਾਲ ਤਬਦੀਲੀ ਕਰਨ ਦੇ ਮਾਮਲੇ ‘ਤੇ ਮਹਾਂਰਾਸ਼ਟਰ ਸਰਕਾਰ ਨਾਲ ਗੱਲਬਾਤ ਕਰਕੇ ਉਸ ਤੋਂ ਸਿੱਖ ਵਿਰੋਧੀ ਫੈਸਲਾ ਵਾਪਸ ਕਰਵਾਵੇ।