ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਆਪਣਾ ਪੱਖ ਸੁਣਨ ਲਈ ਗਿਆਨੀ ਰਣਜੀਤ ਸਿੰਘ ਗੌਹਰ ਨੇ ਦਿੱਤੀ ਦਰਖਾਸਤ

ਅੰਮ੍ਰਿਤਸਰ : ਗਿਆਨੀ ਰਣਜੀਤ ਸਿੰਘ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋ ਕੇ ਆਪਣਾ ਪੱਖ ਰੱਖਣ ਲਈ ਦਰਖ਼ਾਸਤ ਦਿੱਤੀ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ  ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਵਿਚ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ  ਸਾਬਕਾ ਜਥੇਦਾਰ ਸਿੰਘ ਸਾਹਿਬ ਗਿਆਨੀ ਰਣਜੀਤ ਸਿੰਘ ਨੇ ਤਖ਼ਤ ਸ੍ਰੀ ਪਟਨਾ ਸਾਹਿਬ ਵਿਖੇ ਚੱਲ ਰਹੇ ਮਾਮਲੇ ਸਬੰਧੀ ਆਪਣਾ ਪੱਖ ਰੱਖਣ ਲਈ ਕਿਹਾ ਹੈ। ਦੱਸਣਯੋਗ ਹੈ ਕਿ ਡਾ. ਗੁਰਵਿੰਦਰ ਸਿੰਘ ਸਮਰਾ ਨੇ ਗਿਆਨੀ ਰਣਜੀਤ ਸਿੰਘ ’ਤੇ ਇਲਜ਼ਾਮ ਲਾਏ ਸਨ। ਜਿਸ ਤੋਂ ਬਾਅਦ ਇਹ ਮਾਮਲਾ ਭਖਦਾ ਗਿਆ, ਤਖ਼ਤ ਸ੍ਰੀ ਪਟਨਾ ਸਾਹਿਬ ਤੋਂ ਪੰਜ ਪਿਆਰਿਆਂ ਨੇ ਪਹਿਲਾ ਉਨ੍ਹਾਂ ਨੂੰ ਤਨਖ਼ਾਹੀਆ ਕਰਾਰ ਦਿੱਤਾ ਸੀ। ਇਸ ਤੋਂ ਬਾਅਦ ਬੀਤੇ ਦਿਨੀਂ ਪੰਥ ਵਿੱਚੋਂ ਛੇਕਣ ਦਾ ਹੁਕਮ ਸੁਣਾ ਦਿੱਤਾ, ਜਿਸ ਵਿਚ ਜਨਰਲ ਸਕੱਤਰ ਇੰਦਰਜੀਤ ਸਿੰਘ ਨੂੰ ਸ਼ਾਮਲ ਕਰ ਦਿੱਤਾ ਗਿਆ। ਗਿਆਨੀ ਰਣਜੀਤ ਸਿੰਘ ਨੇ ਕਿਹਾ ਕਿ ਉਨ੍ਹਾਂ ਨੇ ਆਪਣਾ ਪੱਖ ਰੱਖਣ ਲਈ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਕਿਹਾ ਹੈ। ਉਨ੍ਹਾਂ ਨੇ ਸਕੱਤਰੇਤ ਵਿਖੇ ਜਥੇਦਾਰ ਦੇ ਨਿੱਜੀ ਸਹਾਇਕ ਜਸਪਾਲ ਸਿੰਘ ਨੂੰ ਆਪਣੇ ਪੱਖ ਵਿਚ ਕੁਝ ਦਸਤਾਵੇਜ਼ ਸੌਂਪੇ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਬੇਬੁਨਿਆਦ ਇਲਜ਼ਾਮ ਲਗਾ ਕੇ ਫਸਾਇਆ ਜਾ ਰਿਹਾ ਹੈ। ਉਹ ਆਪਣਾ ਪੱਖ ਰੱਖਣ ਲਈ ਤਿਆਰ ਹਨ, ਜੇਕਰ ਉਨ੍ਹਾਂ ਉਪਰ ਦੋਸ਼ ਸਾਬਤ ਹੋਵੇ ਤਾਂ ਹਰੇਕ ਸਜ਼ਾ ਭੁਗਤਣ ਨੂੰ ਤਿਆਰ ਹਨ।