ਖੇਤਰੀ ਖੋਜ ਕੇਂਦਰ, ਗੁਰਦਾਸਪੁਰ ਵਿਖੇ ਕਿਸਾਨ ਮੇਲਾ 12 ਸਤੰਬਰ ਨੂੰ

ਗੁਰਦਾਸਪੁਰ, 8 ਸਤੰਬਰ : ‘ਵਿਗਿਆਨਕ ਖੇਤੀ ਦੇ ਰੰਗ, ਪੀ.ਏ.ਯੂ. ਦੇ ਕਿਸਾਨ ਮੇਲਿਆਂ ਦੇ ਸੰਗ’ ਦੇ ਉਦੇਸ਼ ਨਾਲ ਖੇਤਰੀ ਕਿਸਾਨ ਮੇਲਾ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਖੇਤਰੀ ਕੇਂਦਰ, ਗੁਰਦਾਸਪੁਰ ਵਿਖੇ 12 ਸਤੰਬਰ 2023 ਨੂੰ ਲਗਾਇਆ ਜਾ ਰਿਹਾ ਹੈ। ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਖੇਤਰੀ ਕੇਂਦਰ ਗੁਰਦਾਸਪੁਰ ਦੇ ਨਿਰਦੇਸ਼ਕ ਡਾ. ਭੁਪਿੰਦਰ ਸਿੰਘ ਢਿੱਲੋਂ ਨੇ ਕਿਸਾਨ ਮੇਲੇ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਇਸ ਮੇਲੇ ਵਿਚ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਲੋਂ ਕੀਤੀਆਂ ਨਵੀਆਂ ਸਿਫਾਰਿਸ਼ਾਂ, ਤਕਨੀਕਾਂ ਅਤੇ ਨਵੀ ਖੇਤੀ ਮਸ਼ੀਨਰੀ ਦੀ ਜਾਣਕਾਰੀ ਦਿੱਤੀ ਜਾਵੇਗੀ। ਮੇਲੇ ਵਿਚ ਮਾਹਿਰਾਂ ਵੱਲੋਂ ਖੇਤੀ ਨੂੰ ਦਰਪੇਸ਼ ਸਮੱਸਿਆਵਾਂ ਸਬੰਧੀ ਸਵਾਲਾਂ ਦੇ ਜਵਾਬ ਦਿੱਤੇ ਜਾਣਗੇ। ਮੇਲੇ ਵਿਚ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵੱਲੋਂ ਹਾੜੀ ਦੀਆ ਫ਼ਸਲਾਂ ਦੀਆਂ ਸਿਫਾਰਿਸ਼ ਕੀਤੀਆਂ ਕਿਸਮਾਂ ਦੇ ਬੀਜ, ਤੇਲ ਬੀਜ ਫ਼ਸਲਾਂ ਦੇ ਬੀਜ, ਵੱਖ ਵੱਖ ਸਬਜ਼ੀਆਂ ਦੇ ਬੀਜ ਅਤੇ ਫ਼ਲਦਾਰ ਬੂਟੇ ਮੁਹੱਈਆ ਹੋਣਗੇ। ਕਿਸਾਨ ਆਪਣੀਆਂ ਸਮੱਸਿਆਵਾਂ ਦੇ ਹੱਲ ਲਈ ਮਾਹਿਰਾਂ ਨਾਲ ਵਿਚਾਰ ਵਿਟਾਂਦਰਾ ਕਰ ਸਕਣਗੇ। ਡਾ. ਭੁਪਿੰਦਰ ਸਿੰਘ ਢਿੱਲੋਂ ਨੇ ਦੱਸਿਆ ਕਿ ਕਿਸਾਨ ਮੇਲੇ ਵਿਚ ਸ੍ਰੀ ਲਾਲ ਚੰਦ ਕਟਾਰੂਚੱਕ, ਕੈਬਨਿਟ ਮੰਤਰੀ ਖੁਰਾਕ ਅਤੇ ਸਿਵਲ ਸਪਲਾਈ, ਖਪਤਕਾਰ ਮਾਮਲੇ ਅਤੇ ਜੰਗਲਾਤ ਵਿਭਾਗ, ਪੰਜਾਬ ਸਰਕਾਰ, ਮੁੱਖ ਮਹਿਮਾਨ ਵਜੋਂ ਸਾਮਲ ਹੋਣਗੇ। ਡਾ. ਸਤਬੀਰ ਸਿੰਘ ਗੋਸਲ ਉਪ ਕੁਲਪਤੀ, ਪੰਜਾਬ ਖੇਤੀਬਾੜੀ ਯੂਨੀਵਰਸਿਟੀ ਮੇਲੇ ਦੀ ਪ੍ਰਧਾਨਗੀ ਕਰਨਗੇ। ਡਾ. ਭੁਪਿੰਦਰ ਸਿੰਘ ਢਿੱਲੋਂ ਨੇ ਕਿਸਾਨਾਂ ਨੂੰ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਖੇਤਰੀ ਕੇਂਦਰ, ਗੁਰਦਾਸਪੁਰ ਦੇ ਵਿਹੜੇ ਵਿਚ 12 ਸਤੰਬਰ 2023 ਨੂੰ ਹੁੰਮ-ਹੁੰਮਾ ਕੇ ਪਹੁੰਚਣ ਦੀ ਅਪੀਲ ਕੀਤੀ ਹੈ।