ਸਿੰਘ ਸਾਹਿਬਾਨ ਦੀ ਹੋਈ ਮੀਟਿੰਗ, ਭੂੰਦੜ ਅਤੇ ਪ੍ਰਧਾਨ ਧਾਮੀ ਹੋਏ ਸ਼ਾਮਿਲ।

ਅੰਮ੍ਰਿਤਸਰ, 20 ਨਵੰਬਰ 2024 : ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੇ ਨਿਵਾਸ ਅਸਥਾਨ ਉਤੇ ਸਿੰਘ ਸਾਹਿਬਾਨ ਦੀ ਮੀਟਿੰਗ ਹੋਈ। ਇਸ ਦੌਰਾਨ ਸਿੰਘ ਸਾਹਿਬਾਨ ਨੂੰ ਮਿਲ ਕੇ ਬਾਹਰ ਆਏ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਅਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਉਨ੍ਹਾਂ ਦੀ ਸਿੰਘ ਸਾਹਿਬਾਨ ਨਾਲ ਸ਼ਿਸ਼ਟਾਚਾਰਕ ਮੀਟਿੰਗ ਸੀ ਅਤੇ ਸੁਖਬੀਰ ਸਿੰਘ ਬਾਦਲ ਬਾਰੇ ਕੋਈ ਗੱਲ ਨਹੀਂ ਹੋਈ। ਮੀਟਿੰਗ ਉਪਰੰਤ ਗਿਆਨੀ ਹਰਪ੍ਰੀਤ ਸਿੰਘ ਅਤੇ ਬਲਵਿੰਦਰ ਸਿੰਘ ਭੂੰਦੜ ਵੀ ਬਾਹਰ ਆਏ ਤੇ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਸਿੰਘ ਸਾਹਿਬਾਨ, ਸ਼੍ਰੋਮਣੀ ਕਮੇਟੀ ਪ੍ਰਧਾਨ ਤੇ ਅਕਾਲੀ ਦਲ ਦੇ ਪ੍ਰਧਾਨ ਦਰਮਿਆਨ ਪੰਥਕ ਮਸਲਿਆਂ ਨੂੰ ਲੈ ਕੇ ਅਕਸਰ ਇਹੋ ਜਿਹੀਆਂ ਮੀਟਿੰਗਾ ਹੁੰਦੀਆਂ ਰਹਿੰਦੀਆਂ ਹਨ। ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਦੇ ਮਾਮਲੇ ਵਿਚ ਸਿੰਘ ਸਾਹਿਬਾਨ ਦੀ ਇਕੱਤਰਤਾ ਸੱਦਣ ਬਾਰੇ ਫੈਸਲਾ ਜਥੇਦਾਰ ਗਿਆਨੀ ਰਘਬੀਰ ਸਿੰਘ ਵਲੋਂ ਲਿਆ ਜਾਵੇਗਾ। ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਇਹ ਮੀਟਿੰਗ ਆਮ ਹੈ, ਉਹਨਾਂ ਕਿਹਾ ਕਿ ਪੰਥਕ ਹਿੱਤਾਂ ਦੀਆਂ ਬਹੁਤ ਸਾਰੀਆਂ ਵਿਚਾਰਾਂ ਕਰਨ ਵਾਲੀਆਂ ਹੁੰਦੀਆਂ ਹਨ ਜੋ ਇਸ ਤਰ੍ਹਾਂ ਦੀਆਂ ਮੀਟਿੰਗਾਂ ਵਿੱਚ ਹੀ ਸੰਭਵ ਹਨ। ਜਥੇਦਾਰਾਂ ਦੇ ਅਸਤੀਫੇ ਦੀਆਂ ਚਰਚਾਵਾਂ ਨੂੰ ਲੈ ਕੇ ਉਹਨਾਂ ਕਿਹਾ ਕਿ ਇਸ ਤਰ੍ਹਾਂ ਦੀ ਕੋਈ ਗੱਲ ਨਹੀਂ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਸਬੰਧੀ ਪੰਜ ਸਿੰਘ ਸਾਹਿਬਾਨ ਵਿੱਚ ਹੀ ਅਗਲਾ ਫੈਸਲਾ ਲਿਆ ਜਾ ਸਕਦਾ ਹੈ। ਇਸ ਤੋਂ ਇਲਾਵਾ ਉਨ੍ਹਾਂ ਵੱਲੋਂ ਇਸ ਮੀਟਿੰਗ 'ਚ ਹਰਨਾਮ ਸਿੰਘ ਧੂੰਮਾ ਵੱਲੋਂ ਬੀਜੇਪੀ ਨੂੰ ਸਮਰਥਨ ਦਾ ਵਿਰੋਧ ਕੀਤਾ ਗਿਆ।