ਹਲਕੇ ਦਾ ਸਰਬਪੱਖੀ ਵਿਕਾਸ ਕਾਰਜ ਕਰਵਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਰਹਿਣ ਦਿੱਤੀ ਜਾਵੇਗੀ-ਵਿਧਾਇਕ ਅਮਰਪਾਲ ਸਿੰਘ

  • ਵਿਧਾਇਕ ਅਮਰਪਾਲ ਸਿੰਘ ਨੇ ਹਲਕਾ ਵਾਸੀਆਂ ਦੀ ਮੁਸ਼ਕਿਲਾਂ ਸੁਣੀਆਂ

ਬਟਾਲਾ, 24 ਜੂਨ : ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਨੌਜਵਾਨ ਵਿਧਾਇਕ ਐਡਵੋਕੈਟ ਅਮਰਪਾਲ ਸਿੰਘ ਕਿਸ਼ਨਕੋਟ ਵਲੋਂ ਲੋਕ ਮਿਲਣੀ ਤਹਿਤ ਹਲਕਾ ਵਾਸੀਆਂ ਨਾਲ ਮਿਲ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ ਗਈਆਂ ਤੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹੱਲ ਕਰਨ ਦੇ ਦਿਸ਼ਾ ਨਿਰਦੇਸ਼ ਦਿੱਤੇ ਗਏ। ਇਸ ਮੌਕੇ ਗੱਲ ਕਰਦਿਆਂ ਵਿਧਾਇਕ ਐਡਵੋਕੈਟ ਅਮਰਪਾਲ ਸਿੰਘ ਕਿਸ਼ਨਕੋਟ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ, ਲੋਕਾਂ ਦੇ ਸਰਬਪੱਖੀ ਵਿਕਾਸ ਤੇ ਭਲਾਈ ਸਕੀਮਾਂ ਦਾ ਲਾਭ ਪਾਰਦਰਸ਼ੀ ਢੰਗ ਨਾਲ ਦੇਣ ਲਈ ਵਚਨਬੱਧ ਹੈ।  ਵਿਧਾਇਕ ਅਮਰਪਾਲ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਮਹਿਜ 15 ਮਹੀਨਿਆਂ  ਦੇ ਕਾਰਜਕਾਲ ਦੌਰਾਨ ਲੋਕ ਹਿੱਤ ਵਿੱਚ ਵੱਡੇ ਇਤਿਹਾਸਕ ਫੈਸਲੇ ਲਏ ਗਏ ਹਨ। ਸਿੱਖਿਆ ਦਾ ਮਿਆਰ ਹੋਰ ਉੱਚਾ ਚੁੱਕਣ ਲਈ ਸਕੂਲ ਆਫ ਐਮੀਂਨੈੱਸ ਖੋਲੇ ਗਏ, ਲੋਕਾਂ ਦੀ ਸਿਹਤ ਸਹੂਲਤ ਨੂੰ ਮੁੱਖ ਰੱਖਦਿਆਂ 500 ਤੋਂ ਵੱਧ ਆਮ ਆਦਮੀ ਕਲੀਨਿਕ ਖੋਲ੍ਹੇ, 600 ਯੂਨਿਟ ਬਿਜਲੀ ਦੇ ਬਿੱਲ ਮਾਫ ਕੀਤੇ, ਔਰਤਾਂ ਨੂੰ ਮੁਫਤ ਬੱਸ ਦੀ ਸਹੂਲਤ, ਕਿਰਤੀਆਂ ਤੇ ਕਿਸਾਨਾ ਆਦਿ ਦੇ ਹਿੱਤ ਲਈ ਵੱਡੇ ਫੈਸਲੇ  ਲਏ ਗਏ ਹਨ, ਜੋ ਪਿਛਲੀਆਂ ਸਰਕਾਰਾਂ ਕਰਨ ਵਿੱਚ ਅਸਫਲ ਰਹੀਆਂ ਹਨ। ਇਤਿਹਾਸਕ ਤੇ ਧਾਰਮਿਕ ਕਸਬਾ ਸ੍ਰੀ ਹਰਗੋਬਿੰਦਪੁਰ ਸਾਹਿਬ ਹਲਕੇ ਦੇ ਵਿਕਾਸ ਦੀ ਗੱਲ ਕਰਦਿਆਂ ਵਿਧਾਇਕ ਅਮਰਪਾਲ ਸਿੰਘ ਨੇ ਕਿਹਾ ਕਿ ਹਲਕੇ ਅੰਦਰ ਵੱਖ ਵੱਖ ਵਿਕਾਸ ਕੰਮ ਕਰਵਾਏ ਜਾ ਚੁੱਕੇ ਹਨ ਅਤੇ ਕਈ ਵਿਕਾਸ ਕੰਮ ਪ੍ਰਗਤੀ ਅਧੀਨ ਹਨ। ਉਨਾਂ ਦੁਹਰਾਇਆ ਕਿ ਹਲਕੇ ਦਾ ਚਹੁਪੱਖੀ ਵਿਕਾਸ ਕੰਮ ਕਰਵਾਉਣ ਵਿੱਚ ਕੋਈ ਕਮੀਂ ਨਹੀਂ ਰਹਿਣ ਦਿੱਤੀ ਜਾਵੇਗੀ।