17 ਨਵੰਬਰ ਨੂੰ ਮਕੌੜਾ ਪੱਤਣ ਤੋਂ ਪਾਰ ਦੇ ਪਿੰਡਾਂ ਵਿੱਚ ਲੱਗਣਗੇ ਅਬਾਦ ਸੰਜੀਵਨੀ ਮੈਡੀਕਲ ਕੈਂਪ

  • ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਅਬਾਦ ਸੰਜੀਵਨੀ ਮੈਡੀਕਲ ਕੈਂਪਾਂ ਜਰੀਏ ਸਰਹੱਦੀ ਖੇਤਰ ਦੇ ਵਸਨੀਕਾਂ ਨੂੰ ਦਿੱਤੀਆਂ ਜਾ ਰਹੀਆਂ ਹਨ ਮੁਫ਼ਤ ਸਿਹਤ ਸੇਵਾਵਾਂ

ਗੁਰਦਾਸਪੁਰ, 15 ਨਵੰਬਰ : ਸਰਹੱਦੀ ਪਿੰਡਾਂ ਦੇ ਵਸਨੀਕਾਂ ਨੂੰ ਮੁਫ਼ਤ ਮੈਡੀਕਲ ਸਹੂਲਤ ਦੇਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਰੈੱਡ ਕਰਾਸ ਸੁਸਾਇਟੀ ਦੇ ਸਹਿਯੋਗ ਨਾਲ ਮਿਸ਼ਨ ਅਬਾਦ ਸੰਜੀਵਨੀ ਤਹਿਤ ਸਰਹੱਦੀ ਪਿੰਡਾਂ ਵਿੱਚ ਮੁਫ਼ਤ ਮੈਡੀਕਲ ਕੈਂਪ ਲਗਾਏ ਜਾ ਰਹੇ ਹਨ। ਇਨ੍ਹਾਂ ਮੈਡੀਕਲ ਕੈਂਪਾਂ ਦੀ ਲੜੀ ਤਹਿਤ 17 ਨਵੰਬਰ ਨੂੰ ਮਕੌੜਾ ਪੱਤਣ ਤੋਂ ਪਾਰ ਦੇ ਪਿੰਡਾਂ ਲਈ ਵਿਸ਼ੇਸ਼ ਮੈਡੀਕਲ ਕੈਂਪ ਲਗਾਏ ਜਾਣਗੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ 17 ਨਵੰਬਰ ਨੂੰ ਸਵੇਰੇ 10:00 ਵਜੇ ਤੋਂ 11:00 ਵਜੇ ਤੱਕ ਸਰਕਾਰੀ ਮਿਡਲ ਸਕੂਲ ਭਰਿਆਲ ਵਿਖੇ ਮੁਫ਼ਤ ਮੈਡੀਕਲ ਕੈਂਪ ਲੱਗੇਗਾ ਜਿਸ ਵਿੱਚ ਪਿੰਡ ਭਰਿਆਲ ਅਤੇ ਰਾਏਪੁਰ ਚਿੱਬ ਦੇ ਵਸਨੀਕਾਂ ਦਾ ਮੁਫ਼ਤ ਮੈਡੀਕਲ ਚੈੱਕਅਪ ਕੀਤਾ ਜਾਵੇਗਾ। ਉਸ ਤੋਂ ਬਾਅਦ 11:30 ਵਜੇ ਤੋਂ ਦੁਪਹਿਰ 12:30 ਵਜੇ ਤੱਕ ਸਰਕਾਰੀ ਪ੍ਰਾਇਮਰੀ ਸਕੂਲ ਤੂਰਬਾਨੀ ਵਿਖੇ ਕੈਂਪ ਲੱਗੇਗਾ ਜਿਸ ਵਿੱਚ ਪਿੰਡ ਤੂਰਬਾਨੀ, ਕੁੱਕਰ ਅਤੇ ਮੰਮੀਚੱਕ ਰੰਗਾ ਦੇ ਵਸਨੀਕਾਂ ਨੂੰ ਮੈਡੀਕਲ ਸੇਵਾਵਾਂ ਦਿੱਤੀਆਂ ਜਾਣਗੀਆਂ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਨ੍ਹਾਂ ਮੁਫ਼ਤ ਮੈਡੀਕਲ ਕੈਂਪਾਂ ਵਿੱਚ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਦੀ ਮੈਡੀਕਲ ਵੈਨ ਅਤੇ ਸਿਹਤ ਵਿਭਾਗ ਦੇ ਮਾਹਿਰ ਡਾਕਟਰ ਪਹੁੰਚਣਗੇ, ਜਿਨ੍ਹਾਂ ਵੱਲੋਂ ਸਰਹੱਦੀ ਪਿੰਡਾਂ ਦੇ ਵਸਨੀਕਾਂ ਦਾ ਮੈਡੀਕਲ ਚੈੱਕਅਪ ਕਰਕੇ ਉਨ੍ਹਾਂ ਨੂੰ ਮੁਫ਼ਤ ਦਵਾਈਆਂ ਦਿੱਤੀਆਂ ਜਾਣਗੀਆਂ। ਉਨ੍ਹਾਂ ਮਕੌੜਾ ਪੱਤਣ ਤੋਂ ਪਾਰ ਦੇ ਵਸਨੀਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਇਨ੍ਹਾਂ ਮੈਡੀਕਲ ਕੈਂਪਾਂ ਦਾ ਲਾਭ ਉਠਾਉਣ।