ਆਜ਼ਾਦੀ ਦਿਹਾੜੇ ਦੇ ਮੌਕੇ 15 ਅਗਸਤ ਨੂੰ ਸ੍ਰੀ ਗੁਰੂ ਅਰਜਨ ਦੇਵ ਖੇਡ ਸਟੇਡੀਅਮ ਤਰਨ ਤਾਰਨ ਵਿਖੇ ਪੂਰੀ ਸ਼ਾਨੋ-ਸ਼ੌਕਤ ਤੇ ਉਤਸ਼ਾਹ ਨਾਲ ਮਨਾਇਆ ਜਾਵੇਗਾ ਜ਼ਿਲ੍ਹਾ ਪੱਧਰੀ ਸਮਾਗਮ

  • ਸਮਾਗਮ ਦੌਰਾਨ ਕੈਬਨਿਟ ਮੰਤਰੀ ਸ੍ਰ. ਕੁਲਦੀਪ ਸਿੰਘ ਧਾਲੀਵਾਲ ਅਦਾ ਕਰਨਗੇ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ
  • ਆਜ਼ਾਦੀ ਦਿਹਾੜੇ ਮੌਕੇ ਕਰਵਾਏ ਜਾਣ ਵਾਲੇ ਜ਼ਿਲ੍ਹਾ ਪੱਧਰੀ ਸਮਾਗਮ ਦੀਆਂ ਤਿਆਰੀਆਂ ਨੂੰ ਅੰਤਿਮ ਛੋਹਾਂ ਦੇਣ ਲਈ ਵਿਸ਼ੇਸ ਮੀਟਿੰਗ

ਤਰਨ ਤਾਰਨ, 13 ਅਗਸਤ 2024 : ਆਜ਼ਾਦੀ ਦਿਹਾੜੇ ਦੇ ਮੌਕੇ 15 ਅਗਸਤ, 2024 ਨੂੰ ਜ਼ਿਲ੍ਹਾ ਪੱਧਰੀ ਸਮਾਗਮ ਸ੍ਰੀ ਗੁਰੂ ਅਰਜਨ ਦੇਵ ਖੇਡ ਸਟੇਡੀਅਮ ਤਰਨ ਤਾਰਨ ਵਿਖੇ ਪੂਰੀ ਸ਼ਾਨੋ-ਸ਼ੌਕਤ ਤੇ ਉਤਸ਼ਾਹ ਨਾਲ ਮਨਾਇਆ ਜਾਵੇਗਾ। ਇਸ ਸਮਾਗਮ ਦੀਆਂ ਤਿਆਰੀਆਂ ਨੂੰ ਅੰਤਿਮ ਛੋਹਾਂ ਦੇਣ ਲਈ ਅੱਜ ਪੇਂਡੂ ਵਿਕਾਸ ਭਵਨ ਤਰਨ ਤਾਰਨ ਵਿਖੇ ਵਧੀਕ ਡਿਪਟੀ ਕਮਿਸ਼ਨਰ ਜਨਰਲ ਸ੍ਰੀ ਗੁਰਪ੍ਰੀਤ ਸਿੰਘ ਥਿੰਦ ਦੀ ਅਗਵਾਈ ਹੇਠ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਦੀ ਵਿਸ਼ੇਸ ਮੀਟਿੰਗ ਹੋਈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ੍ਰੀ ਵਰਿੰਦਰਪਾਲ ਸਿੰਘ ਬਾਜਵਾ, ਐੱਸ. ਡੀ. ਐੱਮ. ਤਰਨ ਤਾਰਨ ਸ੍ਰੀ ਸਿਮਰਨਦੀਪ ਸਿੰਘ, ਐੱਸ. ਪੀ. ਹੈੱਡਕੁਆਟਰ ਸ੍ਰੀ ਕੰਵਲਜੀਤ ਸਿੰਘ, ਸਿਵਲ ਸਰਜਨ ਡਾ. ਭਰਤ ਭੂਸ਼ਣ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਸ੍ਰੀ ਹਰਜਿੰਦਰ ਸਿੰਘ ਸੰਧੂ, ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਸ਼੍ਰੀਮਤੀ ਜਸਜੀਤ ਕੌਰ ਅਤੇ ਸਮੂਹ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ। ਮੀਟਿੰਗ ਦੌਰਾਨ ਵਧਕਿ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਪ੍ਰਵਾਸੀ ਭਾਰਤੀ ਮਾਮਲੇ ਤੇ ਪ੍ਰਬੰਧਕੀ ਵਿਭਾਗ ਪੰਜਾਬ ਦੇ ਕੈਬਨਿਟ ਮੰਤਰੀ ਸ੍ਰ. ਕੁਲਦੀਪ ਸਿੰਘ ਧਾਲੀਵਾਲ, ਸ੍ਰੀ ਗੁਰੂ ਅਰਜਨ ਦੇਵ ਖੇਡ ਸਟੇਡੀਅਮ ਤਰਨ ਤਾਰਨ ਵਿਖੇ ਰਾਸ਼ਟਰੀ ਝੰਡਾ ਲਿਹਰਾਉਣ ਦੀ ਰਸਮ ਅਦਾ ਕਰਨਗੇ। ਇਸ ਮੌਕੇ ਉਹਨਾਂ ਸਮਾਗਮ ਦੀ ਤਿਆਰੀਆਂ ਦਾ ਜਾਇਜ਼ਾ ਲੈਂਦਿਆਂ ਸਮੂਹ ਅਧਿਕਾਰੀਆਂ ਨੂੰ ਜ਼ਿਲ੍ਹਾ ਪੱਧਰੀ ਸਮਾਗਮ ਸਬੰਧੀ ਪੁਖ਼ਤਾ ਪ੍ਰਬੰਧ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਉਹਨਾਂ ਦੱਸਿਆ ਕਿ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਪੰਜਾਬ ਪੁਲਿਸ, ਮਹਿਲਾ ਪੁਲਿਸ, ਐਨ. ਸੀ. ਸੀ., ਹੋਮਗਾਰਡ, ਗਰਲਜ਼ ਗਾਈਡ, ਸਕਾਊਟਸ ਆਦਿ ਵੱਲੋਂ ਮਾਰਚ ਪਾਸਟ ਕੀਤਾ ਜਾਵੇਗਾ। ਇਸ ਤੋਂ ਇਲਾਵਾ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਪੀ. ਟੀ. ਸ਼ੋਅ ਅਤੇ ਦੇਸ਼ ਭਗਤੀ ਦੀ ਭਾਵਨਾ ਨਾਲ ਭਰਪੂਰ ਪ੍ਰੋਗਰਾਮ ਪੇਸ਼ ਕੀਤਾ ਜਾਵੇਗਾ। ਇਸ ਮੌਕੇ ਉਹਨਾਂ ਪੁਲਿਸ ਵਿਭਾਗ ਨੂੰ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕਰਨ ਦੀਆਂ ਹਦਾਇਤਾਂ ਦਿੱਤੀਆਂ ਅਤੇ ਇਹ ਵੀ ਕਿਹਾ ਕਿ ਸਮਾਗਮ ਤੋਂ ਪਹਿਲਾਂ ਅਤੇ ਬਾਅਦ ਵਿੱਚ ਟ੍ਰੈਫਿਕ ਵਿਵਸਥਾ ਨੂੰ ਸੁਚਾਰੂ ਰੱਖਣ ਲਈ ਢੁੱਕਵੇਂ ਬੰਦੋਬਸਤ ਕੀਤੇ ਜਾਣ ਤਾਂ ਜੋ ਲੋਕਾਂ ਨੂੰ ਕੋਈ ਅਸੁਵਿਧਾ ਨਾ ਹੋਵੇ। ਵਧੀਕ ਡਿਪਟੀ ਕਮਿਸ਼ਨਰ ਨੇ ਹੋਰ ਲੋੜੀਂਦੇ ਪ੍ਰਬੰਧਾਂ ਦੀ ਸਮੀਖਿਆ ਕਰਦਿਆਂ ਸਮੂਹ ਅਧਿਕਾਰੀਆਂ ਨੂੰ ਕਿਹਾ ਕਿ ਸਟੇਡੀਅਮ ਦੀ ਸਾਫ-ਸਫਾਈ, ਸਜਾਵਟ, ਬੈਠਣ ਦੇ ਪ੍ਰਬੰਧ, ਪੀਣ ਵਾਲਾ ਪਾਣੀ, ਨਿਰਵਿਘਨ ਬਿਜਲੀ ਸਪਲਾਈ, ਫਾਇਰ ਬ੍ਰਿਗੇਡ, ਆਰਜ਼ੀ ਪਖਾਨੇ ਆਦਿ ਸਮੇਤ ਸਮੁੱਚੇ ਇੰਤਜ਼ਾਮ ਸਮੇਂ ਸਿਰ ਮੁਕੰਮਲ ਹੋਣੇ ਚਾਹੀਦੇ ਹਨ, ਜਿਸ ਦੇ ਲਈ ਸੀਨੀਅਰ ਅਧਿਕਾਰੀ ਖੁਦ ਇੰਤਜ਼ਾਮਾਂ ਦੀ ਨਿਗਰਾਨੀ ਯਕੀਨੀ ਬਣਾਉਣ। ਉਨ੍ਹਾਂ ਇਸ ਮੌਕੇ ਸਿਵਲ ਸਰਜਨ ਨੂੰ ਸਮਾਗਮ ਵਾਲੇ ਸਥਾਨ ’ਤੇ ਮੈਡੀਕਲ ਟੀਮਾਂ ਤਾਇਨਾਤ ਕਰਨ ਦੇ ਨਿਰਦੇਸ਼ ਵੀ ਦਿੱਤੇ। ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਸਮੂਹ ਅਧਿਕਾਰੀਆਂ ਨਿਰਦੇਸ਼ ਜਾਰੀ ਕਰਦਿਆਂ ਕਿਹਾ ਕਿ ਸਮਾਗਮ ਵਾਲੇ ਸਥਾਨ ’ਤੇ ਆਉਣ ਵਾਲੇ ਲੋਕਾਂ ਦੀ ਸਹੂਲਤ ਦਾ ਵਿਸ਼ੇਸ਼ ਧਿਆਨ ਰੱਖਿਆ ਜਾਵੇ ਅਤੇ ਸੁਖਾਲੀ ਐਂਟਰੀ, ਪਾਰਕਿੰਗ ਆਦਿ ਦੇ ਢੁੱਕਵੇਂ ਪ੍ਰਬੰਧ ਪਹਿਲਾਂ ਹੀ ਯਕੀਨੀ ਬਣਾ ਲਏ ਜਾਣ ਤਾਂ ਜੋ ਸਮਾਗਮ ਵਿੱਚ ਆਉਣ ਵਾਲੇ ਲੋਕਾਂ ਨੂੰ ਕਿਸੇ ਕਿਸਮ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ। ਉਹਨਾਂ ਕਿਹਾ ਕਿ ਸਮੂਹ ਅਧਿਕਾਰੀ ਤੇ ਕਰਮਚਾਰੀ ਰਾਸ਼ਟਰੀ ਮਹੱਤਤਾ ਵਾਲੇ ਇਸ ਸਮਾਗਮ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਲਈ ਪੂਰੀ ਤਨਦੇਹੀ ਅਤੇ ਸਮਰਪਣ ਭਾਵਨਾ ਨਾਲ ਡਿਊਟੀ ਨਿਭਾਉਣ ਅਤੇ ਸਮਾਗਮ ਦੌਰਾਨ ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਦੀ ਹਾਜ਼ਰੀ ਯਕੀਨ ਿਬਣਾਈ ਜਾਵੇ।