ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਵਿਸ਼ਾਲ ਨਗਰ ਕੀਰਤਨ

ਅੰਮ੍ਰਿਤਸਰ, 18 ਅਕਤੂਬਰ 2024 : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਗੁਰਪੁਰਬ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਨਗਾਰਿਆਂ, ਜੈਕਾਰਿਆਂ ਅਤੇ ਨਰਸਿੰਙਿਆਂ ਦੀ ਗੂੰਜ ਵਿਚ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਅਰਦਾਸ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਸੁਨਹਿਰੀ ਪਾਲਕੀ ਵਿਚ ਸੁਸ਼ੋਭਿਤ ਕੀਤਾ ਅਤੇ ਚੌਰ ਸਾਹਿਬ ਦੀ ਸੇਵਾ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਨਿਭਾਈ। ਇਸ ਮੌਕੇ ਹਾਜ਼ਰ ਵੱਡੀ ਗਿਣਤੀ ਵਿਚ ਸੰਗਤਾਂ ਨੇ ਫੁੱਲਾਂ ਦੀ ਵਰਖਾ ਕਰਕੇ ਸ਼ਰਧਾ ਦਾ ਪ੍ਰਗਟਾਵਾ ਕੀਤਾ। ਸਭਾ-ਸੁਸਾਇਟੀਆਂ ਅਤੇ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਏ ਨਗਰ ਕੀਰਤਨ ਦਾ ਪੁਰਾਤਨ ਦਰਵਾਜ਼ਿਆਂ ਨੂੰ ਜੋੜਦੇ ਮਾਰਗ ’ਤੇ ਸੰਗਤਾਂ ਨੇ ਭਰਵਾਂ ਸਵਾਗਤ ਕੀਤਾ। ਵੱਖ-ਵੱਖ ਥਾਵਾਂ ’ਤੇ ਸਭਾ-ਸੁਸਾਇਟੀਆਂ ਅਤੇ ਸੰਗਤਾਂ ਨੇ ਪੰਜ ਪਿਆਰੇ ਅਤੇ ਨਿਸ਼ਾਨਚੀ ਸਿੰਘਾਂ ਨੂੰ ਸਿਰੋਪਾਓ ਦੇ ਕੇ ਸ਼ਰਧਾ ਪ੍ਰਗਟਾਈ, ਉਥੇ ਹੀ ਸੰਗਤਾਂ ਵੱਲੋਂ ਵੱਖ-ਵੱਖ ਤਰ੍ਹਾਂ ਦੇ ਲੰਗਰਾਂ ਦਾ ਪ੍ਰਬੰਧ ਵੀ ਕੀਤਾ ਹੋਇਆ ਸੀ। ਸਾਰੇ ਰਸਤੇ ਨਗਰ ਕੀਰਤਨ ਨਾਲ ਚੱਲਦੀਆਂ ਸੰਗਤਾਂ ਸਤਿਨਾਮ ਵਾਹਿਗੁਰੂ ਦਾ ਜਾਪ ਕਰਕੇ ਚੌਥੇ ਪਾਤਸ਼ਾਹ ਜੀ ਨੂੰ ਸ਼ਰਧਾ ਤੇ ਸਤਿਕਾਰ ਭੇਟ ਕਰ ਰਹੀਆਂ ਸਨ। ਨਗਰ ਕੀਰਤਨ ਮੌਕੇ ਘੰਟਾ ਘਰ ਪਲਾਜ਼ਾ ਵਿਖੇ ਪੰਜਾਬ ਪੁਲਿਸ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਸਤਿਕਾਰ ਭੇਟ ਕਰਦਿਆਂ ਸਲਾਮੀ ਦਿੱਤੀ ਗਈ। ਨਗਰ ਕੀਰਤਨ ’ਚ ਸ਼ਾਮਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਗੁਰਪੁਰਬ ਦੀ ਵਧਾਈ ਦਿੰਦਿਆਂ ਸੰਗਤ ਨੂੰ ਗੁਰੂ ਸਾਹਿਬ ਜੀ ਦੀ ਵਿਚਾਰਧਾਰਾ ਅਨੁਸਾਰ ਜੀਵਨ ਜਿਊਣ ਦੀ ਪ੍ਰੇਰਣਾ ਕੀਤੀ। ਉਨ੍ਹਾਂ ਕਿਹਾ ਕਿ ਸਿੱਖ ਸਿਧਾਂਤਾਂ ਉੱਤੇ ਦ੍ਰਿੜ੍ਹਤਾ ਨਾਲ ਪਹਿਰਾ ਦੇਣਾ ਅਤੇ ਗੁਰਮਤਿ ਰਹਿਣੀ ਦੇ ਧਾਰਨੀ ਹੋਣਾ ਹਰ ਸਿੱਖ ਦਾ ਮੁੱਢਲਾ ਫ਼ਰਜ਼ ਹੈ। ਨਗਰ ਕੀਰਤਨ ਦੌਰਾਨ ਵੱਖ-ਵੱਖ ਸਭਾ-ਸੁਸਾਇਟੀਆਂ ਦੇ ਨੁਮਾਇੰਦਿਆਂ ਤੇ ਸੰਗਤਾਂ ਤੋਂ ਇਲਾਵਾ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ, ਸ੍ਰ੍ਰੀ ਅਕਾਲ ਤਖ਼ਤ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਮਲਕੀਤ ਸਿੰਘ, ਸ਼੍ਰੋਮਣੀ ਕਮੇਟੀ ਦੇ ਜਰਨਲ ਸਕੱਤਰ ਭਾਈ ਰਾਜਿੰਦਰ ਸਿੰਘ ਮਹਿਤਾ, ਮੈਂਬਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਭਾਈ ਰਾਮ ਸਿੰਘ, ਸ. ਹਰਜਾਪ ਸਿੰਘ ਸੁਲਤਾਨਵਿੰਡ, ਸ. ਬਲਦੇਵ ਸਿੰਘ ਕਲਿਆਣ, ਸ. ਗੁਰਮੀਤ ਸਿੰਘ ਬੂਹ, ਸ. ਅਮਰੀਕ ਸਿੰਘ ਵਿਛੋਆ, ਸ. ਜਗਸੀਰ ਸਿੰਘ ਮਾਂਗੇਆਣਾ, ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜਾਇਬ ਸਿੰਘ ਅਭਿਆਸੀ, ਕਥਾਵਾਚਕ ਗਿਆਨੀ ਜਸਵੰਤ ਸਿੰਘ, ਫੈਡਰੇਸ਼ਨ ਆਗੂ ਸ. ਜਸਬੀਰ ਸਿੰਘ ਘੁੰਮਣ, ਸ. ਅਮਰਬੀਰ ਸਿੰਘ ਢੋਟ, ਡਿਪਟੀ ਕਮਿਸ਼ਨਰ ਸ਼ਾਕਸ਼ੀ ਸਾਹਨੀ, ਪੁਲਿਸ ਕਮਿਸ਼ਨਰ ਸ. ਗੁਰਪ੍ਰੀਤ ਸਿੰਘ ਭੁੱਲਰ, ਓਐਸਡੀ ਸ. ਸਤਬੀਰ ਸਿੰਘ ਧਾਮੀ, ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ, ਸ. ਬਲਵਿੰਦਰ ਸਿੰਘ ਕਾਹਲਵਾਂ, ਸ. ਕੁਲਵਿੰਦਰ ਸਿੰਘ ਰਮਦਾਸ, ਸ. ਗੁਰਿੰਦਰ ਸਿੰਘ ਮਥਰੇਵਾਲ, ਸ. ਬਿਜੈ ਸਿੰਘ, ਸ. ਤੇਜਿੰਦਰ ਸਿੰਘ ਪੱਡਾ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਭਗਵੰਤ ਸਿੰਘ ਧੰਗੇੜਾ, ਮੀਤ ਸਕੱਤਰ ਸ. ਗੁਰਦਿਆਲ ਸਿੰਘ, ਸ. ਕੁਲਦੀਪ ਸਿੰਘ ਰੋਡੇ, ਸ. ਗੁਰਚਰਨ ਸਿੰਘ ਕੋਹਾਲਾ, ਸ. ਜਸਵਿੰਦਰ ਸਿੰਘ ਜੱਸੀ, ਪ੍ਰੋ. ਸੁਖਦੇਵ ਸਿੰਘ, ਸ. ਗੁਰਨਾਮ ਸਿੰਘ, ਸ. ਬਲਵਿੰਦਰ ਸਿੰਘ ਖੈਰਾਬਾਦ, ਸ. ਮਨਜੀਤ ਸਿੰਘ ਤਲਵੰਡੀ, ਸ. ਹਰਭਜਨ ਸਿੰਘ ਵਕਤਾ, ਸ. ਸੁਖਬੀਰ ਸਿੰਘ, ਸੁਪਰਡੈਂਟ ਸ. ਨਿਸ਼ਾਨ ਸਿੰਘ, ਸ. ਮਲਕੀਤ ਸਿੰਘ ਬਹਿੜਵਾਲ, ਮੈਨੇਜਰ ਹਰਪ੍ਰੀਤ ਸਿੰਘ, ਸ. ਜਗਤਾਰ ਸਿੰਘ, ਸ. ਨਰਿੰਦਰ ਸਿੰਘ, ਸ. ਸਤਨਾਮ ਸਿੰਘ ਰਿਆੜ, ਵਧੀਕ ਮੈਨੇਜਰ ਸ. ਇਕਬਾਲ ਸਿੰਘ ਮੁਖੀ, ਸ. ਬਿਕਰਮਜੀਤ ਸਿੰਘ ਝੰਗੀ, ਸ. ਰਾਜਿੰਦਰ ਸਿੰਘ ਰੂਬੀ, ਸ. ਗੁਰਿੰਦਰ ਸਿੰਘ ਦੇਵੀਦਾਸਪੁਰ, ਸ. ਯੁਵਰਾਜ ਸਿੰਘ, ਸ. ਗੁਰਤਿੰਦਰਪਾਲ ਸਿੰਘ ਆਦਿ ਹਾਜ਼ਰ ਸਨ।

ਚੌਥੇ ਪਾਤਸ਼ਾਹ ਜੀ ਦੇ ਪ੍ਰਕਾਸ਼ ਪੁਰਬ ਦੀ ਐਡਵੋਕੇਟ ਧਾਮੀ ਨੇ ਸੰਗਤ ਨੂੰ ਦਿੱਤੀ ਵਧਾਈ
ਇਸੇ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪ੍ਰਕਾਸ਼ ਗੁਰਪੁਰਬ ਦੀ ਦੇਸ਼-ਵਿਦੇਸ਼ ਦੀਆਂ ਸੰਗਤਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦਾ ਜੀਵਨ ਸੇਵਾ, ਪ੍ਰੇਮਾ-ਭਗਤੀ ਤੇ ਸਦ ਗੁਣਾਂ ਨਾਲ ਭਰਪੂਰ ਹੈ। ਗੁਰੂ ਸਾਹਿਬ ਵੱਲੋਂ ਸੱਚੇ ਸਿਦਕ ਨਾਲ ਨਿਭਾਈ ਨਿਸ਼ਕਾਮ ਸੇਵਾ ਵਰਗੀ ਦੁਨੀਆਂ ਦੇ ਇਤਿਹਾਸ ਅੰਦਰ ਕਿਧਰੇ ਹੋਰ ਮਿਸਾਲ ਨਹੀਂ ਮਿਲਦੀ। ਉਨ੍ਹਾਂ ਨੇ ਸਿੱਖੀ ਦੇ ਬੂਟੇ ਨੂੰ ਪ੍ਰਫੁੱਲਿਤ ਕਰਨ ਲਈ ਅਨੇਕਾਂ ਕਾਰਜ ਕੀਤੇ ਅਤੇ ਲੋਕਾਈ ਨੂੰ ਆਤਮਿਕ, ਧਾਰਮਿਕ, ਸਮਾਜਿਕ ਤੌਰ ’ਤੇ ਅਗਵਾਈ ਤੇ ਪ੍ਰੇਰਣਾ ਦਿੱਤੀ। ਉਨ੍ਹਾਂ ਸਿੱਖ ਜਗਤ ਨੂੰ ਗੁਰੂ ਸਾਹਿਬ ਦੇ ਮਹਾਨ ਜੀਵਨ ਨੂੰ ਯਾਦ ਕਰਦਿਆਂ ਆਪਣੇ ਅੰਦਰ ਨਿਮਰਤਾ, ਸੇਵਾ ਅਤੇ ਸਿਮਰਨ ਦੇ ਭਾਵ ਪੈਦਾ ਕਰਦੇ ਹੋਏ ਸਿੱਖ-ਪੰਥ ਦੇ ਸਿਧਾਂਤਾਂ ਨੂੰ ਵਿਵਹਾਰਕ ਜੀਵਨ ਦਾ ਹਿੱਸਾ ਬਣਾਉਣ ਦੀ ਅਪੀਲ ਕੀਤੀ।