ਨਹਿਰੂ ਯੁਵਾ ਕੇਂਦਰ ਤਰਨਤਾਰਨ ਵੱਲੋਂ ਜ਼ਿਲ੍ਹਾ ਪੱਧਰੀ ਯੁਵਕ ਮੇਲੇ ਦਾ ਆਯੋਜਨ

  • ਯੁਵਕ ਮੇਲੇ ਦੌਰਾਨ ਸੰਸਦ ਮੈਂਬਰ ਸ੍ਰ. ਜਸਬੀਰ ਸਿੰਘ ਡਿੰਪਾ ਅਤੇ ਡਿਪਟੀ ਕਮਿਸ਼ਨਰ ਸ਼੍ਰੀਮਤੀ ਬਲਦੀਪ ਕੌਰ ਨੇ ਵਿਸ਼ੇਸ ਤੌਰ ‘ਤੇ ਕੀਤੀ ਸ਼ਿਰਕਤ

ਤਰਨ ਤਾਰਨ , 08 ਜੁਲਾਈ : ਨਹਿਰੂ ਯੁਵਾ ਕੇਂਦਰ ਤਰਨਤਾਰਨ, ਯੁਵਕ ਮਾਮਲੇ ਅਤੇ ਖੇਡ ਮੰਤਰਾਲਾ ਭਾਰਤ ਸਰਕਾਰ ਵੱਲੋਂ ਜ਼ਿਲ੍ਹਾ ਪੱਧਰੀ ਯੁਵਕ ਮੇਲੇ ਅਤੇ “ਭਾਰਤ-2047” ਸਬੰਧੀ ਪ੍ਰੋਗਰਾਮ ਦਾ ਆਯੋਜਨ ਸਥਾਨਕ ਮਾਈ ਭਾਗੋ ਕਾਲਜ ਆਫ਼ ਨਰਸਿੰਗ ਵਿਖੇ ਜ਼ਿਲ੍ਹਾ ਯੁਵਾ ਅਫ਼ਸਰ ਮੈਡਮ ਜਸਲੀਨ ਕੌਰ ਦੀ ਪ੍ਰਧਾਨਗੀ ਹੇਠ ਕਰਵਾਇਆ ਗਿਆ।ਨਹਿਰੂ ਯੁਵਾ ਕੇਂਦਰ ਤਰਨਤਾਰਨ ਵੱਲੋਂ ਕਰਵਾਏ ਗਏ ਇਸ ਯੁਵਕ ਮੇਲੇ ਦੇ ਪ੍ਰੋਗਰਾਮ ਦਾ ਵਿਸ਼ਾ ਪੰਚ ਪ੍ਰਾਣ ਸੀ। ਇਸ ਯੁਵਕ ਮੇਲੇ ਦੌਰਾਨ ਮੁੱਖ ਮਹਿਮਾਨ ਮੈਂਬਰ ਪਾਰਲੀਮੈਂਟ ਸ੍ਰ. ਜਸਬੀਰ ਸਿੰਘ ਡਿੰਪਾ, ਡਿਪਟੀ ਕਮਿਸ਼ਨਰ ਸ਼੍ਰੀਮਤੀ ਬਲਦੀਪ ਕੌਰ, ਜਿਲ੍ਹਾ ਸਮਾਜਿਕ ਸੁਰੱਖਿਆ ਅਫਸਰ ਮੈਡਮ ਕੀਰਤਪ੍ਰੀਤ ਕੌਰ, ਕਾਲਜ ਦੇ ਡਾਇਰੈਕਟਰ ਸਰਦਾਰ ਜਸਵਿੰਦਰ ਸਿੰਘ, ਕਾਲਜ ਪ੍ਰਿੰਸੀਪਲ ਸਰਦਾਰ ਜਸਮੀਤ ਸਿੰਘ ਵਾਲੀਆ ਨੇ ਸ਼ਿਰਕਤ ਕੀਤੀ। ਪ੍ਰੋਗਰਾਮ ਦੀ ਸ਼ੁਰੂਆਤ ਮੁੱਖ ਮਹਿਮਾਨ ਮੈਂਬਰ ਪਾਰਲੀਮੈਂਟ ਸ੍ਰ. ਜਸਬੀਰ ਸਿੰਘ ਡਿੰਪਾ ਅਤੇ ਜਿਲ੍ਹਾ ਯੂਥ ਅਫਸਰ ਜਸਲੀਨ ਕੌਰ ਨੇ ਸ਼ਮ੍ਹਾਂ ਰੌਸ਼ਨ ਕਰਕੇ ਕੀਤੀ। ਪ੍ਰੋਗਰਾਮ ਦੀ ਸ਼ੁਰੂਆਤ ਵਿੱਚ ਜ਼ਿਲ੍ਹਾ ਯੁਵਾ ਅਫ਼ਸਰ ਮੈਡਮ ਜਸਲੀਨ ਕੌਰ ਨੇ ਮੁੱਖ ਮਹਿਮਾਨ ਅਤੇ ਜਿਊਰੀ ਦੇ ਮੈਂਬਰਾਂ ਅਤੇ ਪ੍ਰੋਗਰਾਮ ਵਿੱਚ ਭਾਗ ਲੈਣ ਵਾਲੇ ਸਾਰੇ ਮਹਿਮਾਨਾਂ ਨੂੰ ਜੀ ਆਇਆਂ ਕਿਹਾ ਅਤੇ ਪ੍ਰੋਗਰਾਮ ਵਿੱਚ ਭਾਗ ਲੈਣ ਵਾਲੇ ਨੌਜਵਾਨਾਂ ਨੂੰ ਇਸਦੇ ਉਦੇਸ਼ਾਂ ਦੇ ਨਾਲ-ਨਾਲ ਪੰਜ ਪ੍ਰਾਣ ਬਾਰੇ ਵੀ ਦੱਸਿਆ। ਪ੍ਰੋਗਰਾਮ ਸਬੰਧੀ ਲੇਖਾ ਅਤੇ ਪ੍ਰੋਗਰਾਮ ਸਹਾਇਕ ਰੋਹਿਲ ਕੁਮਾਰ ਕੱਟਾ ਨੇ ਸਾਰਿਆਂ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਨੌਜਵਾਨ ਪ੍ਰਤਿਭਾ ਨੂੰ ਮੰਚ ਪ੍ਰਦਾਨ ਕਰਨ ਲਈ ਨਹਿਰੂ ਯੁਵਾ ਕੇਂਦਰ ਸੰਗਠਨ ਵੱਲੋਂ ਪਿਛਲੇ ਸਾਲ ਤੋਂ ਹੀ ਯੁਵਕ ਮੇਲਾ ਪ੍ਰੋਗਰਾਮ ਸ਼ੁਰੂ ਕੀਤਾ ਗਿਆ ਹੈ, ਜਿਸ ਤਹਿਤ ਹਰ ਜ਼ਿਲ੍ਹੇ `ਚ ਯੁਵਕ ਮੇਲੇ ਦੇ ਪ੍ਰੋਗਰਾਮ ਕਰਵਾਏ ਜਾ ਰਹੇ ਹਨ।ਇਨ੍ਹਾਂ ਜ਼ਿਲ੍ਹਾ ਪੱਧਰੀ ਯੁਵਕ ਮੇਲਿਆਂ ਦੇ ਪ੍ਰੋਗਰਾਮਾਂ ਵਿੱਚ 5 ਤਰ੍ਹਾਂ ਦੀਆਂ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ।ਪੇਂਟਿੰਗ ਮੁਕਾਬਲੇ, ਕਵਿਤਾ ਲੇਖਣ ਮੁਕਾਬਲੇ, ਮੋਬਾਈਲ ਫੋਟੋਗ੍ਰਾਫੀ ਮੁਕਾਬਲੇ, ਭਾਸ਼ਣ ਮੁਕਾਬਲੇ ਅਤੇ ਸੱਭਿਆਚਾਰਕ ਪ੍ਰੋਗਰਾਮ ਦੇ ਨਾਲ-ਨਾਲ ਉਨ੍ਹਾਂ ਨੇ ਸਾਰੇ ਮੁਕਾਬਲਿਆਂ ਦੇ ਨਿਯਮ ਅਤੇ ਹਦਾਇਤਾਂ ਵੀ ਸਾਰਿਆਂ ਨੂੰ ਦਿੱਤੀਆਂ। ਇਸ ਮੌਕੇ ਮੁੱਖ ਮਹਿਮਾਨ ਮੈਂਬਰ ਪਾਰਲੀਮੈਂਟ ਸ੍ਰ. ਜਸਬੀਰ ਸਿੰਘ ਡਿੰਪਾ ਨੇ ਨਹਿਰੂ ਯੁਵਾ ਕੇਂਦਰ ਤਰਨਤਾਰਨ ਵੱਲੋਂ ਕਰਵਾਏ ਜਾ ਰਹੇ ਪ੍ਰੋਗਰਾਮਾਂ ਦੀ ਭਰਪੂਰ ਸ਼ਲਾਘਾ ਕੀਤੀ ਅਤੇ ਉਨ੍ਹਾਂ ਨੇ ਭਵਿੱਖ ਵਿੱਚ ਹੋਣ ਵਾਲੇ ਪ੍ਰੋਗਰਾਮਾਂ ਵਿੱਚ ਵੱਧ ਤੋਂ ਵੱਧ ਨੌਜਵਾਨਾਂ ਨੂੰ ਭਾਗ ਲੈਣ ਦੀ ਅਪੀਲ ਕਰਨ ਦੇ ਨਾਲ-ਨਾਲ ਨੌਜਵਾਨਾਂ ਨੂੰ ਵੀ ਆਪਣਾ ਯੋਗਦਾਨ ਪਾਉਣ ਲਈ ਪ੍ਰੇਰਿਤ ਕੀਤਾ।ਉਨ੍ਹਾਂ ਕਿਹਾ ਕਿ ਤਰਨਤਾਰਨ ਸਰਹੱਦੀ ਜ਼ਿਲ੍ਹਾ ਹੋਣ ਕਰਕੇ, ਇੱਥੇ ਇਸ ਤਰ੍ਹਾਂ ਦੇ ਪ੍ਰੋਗਰਾਮ ਕਰਵਾਉਣ ਨਾਲ ਨੌਜਵਾਨਾਂ ਨੂੰ ਅੱਗੇ ਆਉਣ ਅਤੇ ਆਪਣਾ ਹੁਨਰ ਦਿਖਾਉਣ ਦਾ ਇੱਕ ਨਵੀਂ ਦਿਸ਼ਾ ਅਤੇ ਮੌਕਾ ਮਿਲਦਾ ਹੈ। ਅੰਤ ਵਿੱਚ ਉਨ੍ਹਾਂ ਨੇ ਭਾਗ ਲੈਣ ਵਾਲਿਆਂ ਨੂੰ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੰਦੇ ਹੋਏ ਆਪਣੇ ਭਾਸ਼ਣ ਦੀ ਸਮਾਪਤੀ ਕੀਤੀ। ਪ੍ਰੋਗਰਾਮ ਵਿੱਚ ਜ਼ਿਲ੍ਹਾ ਰੋਜ਼ਗਾਰ ਤੇ ਉੱਦਮ ਵਿਭਾਗ, ਜ਼ਿਲ੍ਹਾ ਵਿਕਾਸ ਵਿਭਾਗ, ਜ਼ਿਲ੍ਹਾ ਪ੍ਰੋਗਰਾਮ ਵਿਭਾਗ, ਜ਼ਿਲ੍ਹਾ ਸਮਾਜਿਕ ਸੁਰੱਖਿਆ ਵਿਭਾਗ, ਲੀਡ ਬੈਂਕ, ਜ਼ਿਲ੍ਹਾ ਖੇਤੀਬਾੜੀ ਵਿਭਾਗ, ਵਨ ਸਟਾਪ ਸੈਂਟਰ ਅਤੇ ਜ਼ਿਲ੍ਹਾ ਰੈੱਡ ਕਰਾਸ ਸੋਸਾਇਟੀ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਵੱਲੋਂ ਸਟਾਲ ਵੀ ਲਗਾਏ ਗਏ। ਇਸ ਯੁਵਕ ਮੇਲੇ ਦੇ ਜੇਤੂਆਂ ਨੂੰ ਮੁੱਖ ਮਹਿਮਾਨ ਮੈਂਬਰ ਪਾਰਲੀਮੈਂਟ ਸ੍ਰ. ਜਸਬੀਰ ਸਿੰਘ ਡਿੰਪਾ ਵੱਲੋਂ ਸਨਮਾਨਿਤ ਕੀਤਾ ਗਿਆ।ਯੂਥ ਅਫਸਰ ਮੈਡਮ ਜਸਲੀਨ ਕੌਰ ਨੇ ਦੱਸਿਆ ਕਿ ਇਹਨਾਂ ਸਾਰੇ ਮੁਕਾਬਲਿਆਂ ਦੇ ਜੇਤੂਆਂ ਨੂੰ ਇਨਾਮੀ ਰਾਸ਼ੀ ਉਹਨਾਂ ਦੇ ਬੈਂਕ ਖਾਤੇ ਵਿੱਚ ਪਾਈ ਜਾਵੇਗੀ। ਪ੍ਰੋਗਰਾਮ ਦੀ ਸਮਾਪਤੀ ਰਾਸ਼ਟਰੀ ਗੀਤ ਨਾਲ ਹੋਈ ਅਤੇ ਨਹਿਰੂ ਯੁਵਾ ਕੇਂਦਰ ਤਰਨਤਾਰਨ ਵੱਲੋਂ ਜ਼ਿਲ੍ਹਾ ਯੁਵਾ ਅਫਸਰ ਨੇ ਸਮੂਹ ਮਹਿਮਾਨਾਂ, ਜਿਊਰੀ ਦੇ ਮੈਂਬਰਾਂ ਅਤੇ ਭਾਗੀਦਾਰਾਂ ਸਮੇਤ ਸਮੂਹ ਹਾਜ਼ਰੀਨ ਦਾ ਪ੍ਰੋਗਰਾਮ ਨੂੰ ਸਫਲ ਬਣਾਉਣ ਵਿੱਚ ਪਾਏ ਯੋਗਦਾਨ ਲਈ ਧੰਨਵਾਦ ਕੀਤਾ ਗਿਆ।