- ਕੈਬਿਨਟ ਮੰਤਰੀ ਹਰਭਜਨ ਸਿੰਘ ਈ:ਟੀ:ਓ ਮੁੱਖ ਮਹਿਮਾਨ ਵਜੋਂ ਕਰਨਗੇ ਸ਼ਿਰਕਤ
- ਜ਼ਿਲ੍ਹੇ ਦੇ ਬਜ਼ੁਰਗ ਨਾਗਰਿਕਾਂ ਨੂੰ ਕੈਂਪ ਦਾ ਵੱਧ ਤੋਂ ਵੱਧ ਫਾਇਦਾ ਲੈਣ ਦੀ ਅਪੀਲ
ਅੰਮ੍ਰਿਤਸਰ, 1 ਨਵੰਬਰ : ਸਾਡੇ ਬਜੁਰਗ ਸਾਡਾ ਮਾਣ ਮੁਹਿੰਮ ਨੂੰ ਜਿਲੇ੍ ਵਿੱਚ ਸਰਗਰਮ ਕਰਨ ਲਈ ਜਿਲ੍ਹਾ ਸਮਾਜਿਕ ਸੁਰੱਖਿਆ ਤੇ ਬਾਲ ਵਿਕਾਸ ਵਿਭਾਗ ਵੱਲੋਂ ਜਗਦੀਸ਼ ਸਦਨ ਹਾਲ ਡਲੀਆਣਾ ਮੰਦਿਰ ਜੰਡਿਆਲਾ ਗੁਰੂ ਵਿਖੇ 5 ਨਵੰਬਰ ਨੂੰ ਜਿਲ੍ਹਾ ਪੱਧਰੀ ਸਮਾਗਮ ਕਰਵਾਇਆ ਜਾ ਰਿਹਾ ਹੈ। ਇਸ ਸਮਾਗਮ ਵਿੱਚ ਕੈਬਨਿਟ ਮੰਤਰੀ ਸ੍ਰ ਹਰਭਜਨ ਸਿੰਘ ਈ:ਟੀ:ਓ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਹੇਠ ਮਾਤਾ-ਪਿਤਾ ਅਤੇ ਬਜ਼ੁਰਗ ਨਾਗਰਿਕਾਂ ਦੀ ਦੇਖਭਾਲ ਅਤੇ ਭਲਾਈ ਐਕਟ-2007 ਅਤੇ ਬਜ਼ੁਰਗ ਵਿਅਕਤੀਆਂ ਦੀ ਭਲਾਈ ਸਬੰਧੀ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਚਲਾਈਆਂ ਜਾ ਰਹੀਆ ਹੋਰ ਸਕੀਮਾਂ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਲਈ ’ਸਾਡੇ ਬਜ਼ੁਰਜ ਸਾਡਾ ਮਾਣ ਮੁਹਿੰਮ‘ ਸ਼ੁਰੂ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਤਹਿਤ 5 ਨਵੰਬਰ 2023 ਨੂੰ ਜਗਦੀਸ਼ ਸਦਨ ਹਾਲ ਡਲੀਆਣਾ ਮੰਦਿਰ ਜੰਡਿਆਲਾ ਵਿਖੇ ਸਵੇਰੇ 10:00 ਵਜੇ ਤੋਂ ਸ਼ਾਮ 4 ਵਜੇ ਤੱਕ ਕੈਂਪ ਲਗਾਇਆ ਜਾਵੇਗਾ। ਇਸ ਕੈਂਪ ਵਿੱਚ ਬਜ਼ੁਰਗਾਂ ਦੀ ਸਿਹਤ ਜਾਂਚ, ਈ.ਐਨ.ਟੀ. ਚੈਕਅੱਪ, ਅੱਖਾਂ ਦਾ ਚੈਕਅੱਪ, ਨਜ਼ਰ ਵਾਲੀਆਂ ਐਨਕਾਂ ਦੀ ਵੰਡ, ਅੱਖਾਂ ਦੀ ਜਾਂਚ, ਬੁਢਾਪਾ ਪੈਨਸ਼ਨ ਲਈ ਰਜਿਸਟਰੇਸ਼ਨ, ਸੀਨੀਅਰ ਸਿਟੀਜਨ ਕਾਰਡਾਂ ਦੀ ਵੰਡ ਆਦਿ ਸੇਵਾਵਾਂ ਦਿੱਤੀਆਂ ਜਾਣਗੀਆਂ। ਉਨ੍ਹਾਂ ਕੈਂਪ ਸਬੰਧੀ ਸਾਰੇ ਪ੍ਰਬੰਧ ਮੁਕੰਮਲ ਕਰਨ ਲਈ ਸਬੰਧਤ ਵਿਭਾਗਾਂ ਨੂੰ ਹਦਾਇਤ ਵੀ ਕੀਤੀ। ਉਨ੍ਹਾਂ ਜ਼ਿਲ੍ਹੇ ਦੇ ਬਜ਼ੁਰਗ ਨਾਗਰਿਕਾਂ ਨੂੰ ਇਸ ਕੈਂਪ ਵਿੱਚ ਵੱਧ ਤੋਂ ਵੱਧ ਸ਼ਾਮਿਲ ਹੋ ਕੇ ਲਾਹਾ ਲੈਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਸਾਡੇ ਬਜ਼ੁਰਗ ਸਾਡਾ ਮਾਣ ਹਨ ਅਤੇ ਬਜ਼ੁਰਗਾਂ ਦੀ ਦੇਖਭਾਲ, ਸਤਿਕਾਰ ਤੇ ਸੇਵਾ ਕਰਨਾ ਸਾਡਾ ਸਾਰਿਆਂ ਦਾ ਮੁੱਢਲਾ ਫ਼ਰਜ਼ ਹੈ। ਉਨ੍ਹਾਂ ਦੱਸਿਆ ਕਿ ਕੈਂਪ ਵਾਲੇ ਸਥਾਨ ਤੇ ਪੀਣ ਵਾਲੇ ਪਾਣੀ, ਵੀਲ ਚੇਅਰਾਂ, ਪਾਰਕਿੰਗ,ਐਂਬੂਲੈਂਸ ਅਤੇ ਸਾਫ ਸਫਾਈ ਦਾ ਪੂਰਾ ਪ੍ਰਬੰਧ ਰੱਖਿਆ ਜਾਵੇਗਾ ਤਾਂ ਜੋ ਆਉਣ ਵਾਲੇ ਬਜੁਰਗਾਂ ਨੂੰ ਕਿਸੇ ਕਿਸਮ ਦੀ ਮੁਸ਼ਕਲ ਪੇਸ਼ ਨਾ ਆਵੇ।