ਸ਼ਹਿਰ ਨੂੰ ਸਾਫ਼-ਸੁਥਰਾ ਰੱਖਣ ਲਈ ਆਮ ਲੋਕਾਂ ਦੀ ਭਾਗੇਦਾਰੀ ਬਹੁਤ ਜ਼ਰੂਰੀ : ਡਿਪਟੀ ਕਮਿਸ਼ਨਰ

  • ਬਰਸਾਤੀ ਮੌਸਮ ਦੌਰਾਨ ਸ਼ਹਿਰ ਦੀ ਸਫ਼ਾਈ ਦਾ ਜਾਇਜ਼ਾ ਲੈਣ ਲਈ ਨਗਰ ਕੌਂਸਲ ਵੱਲੋਂ ਬਣਾਏ ਗਏ ਕੂੜਾ ਡੰਪ ਦਾ ਕੀਤਾ ਨਿਰੀਖਣ
  • ਨਗਰ ਕੌਂਸਲ ਅਧਿਕਾਰੀਆਂ ਨੂੰ ਸੁੱਕੇ ਤੇ ਗਿੱਲੇ ਕੂੜੇ ਦੀ 100 ਫੀਸਦੀ ਡੋਰ-ਟੂ-ਡੋਰ ਕੁਲੈਕਸ਼ਨ ਕਰਕੇ ਕੂੜੇ ਦਾ ਵਿਗਿਆਨਿਕ ਢੰਗ ਨਾਲ ਨਿਪਟਾਰਾ ਕਰਨ ਦੀ ਹਦਾਇਤ

ਤਰਨ ਤਾਰਨ, 26 ਜੁਲਾਈ : ਡਿਪਟੀ ਕਮਿਸ਼ਨਰ ਤਰਨ ਤਾਰਨ ਸ਼੍ਰੀਮਤੀ ਬਲਦੀਪ ਕੌਰ ਵੱਲੋਂ ਅੱਜ ਤਰਨ ਤਾਰਨ ਸ਼ਹਿਰ ਵਿੱਚ ਬਰਸਾਤੀ ਮੌਸਮ ਦੌਰਾਨ ਸਫ਼ਾਈ ਦਾ ਜਾਇਜ਼ਾ ਲੈਣ ਲਈ ਨਗਰ ਕੌਂਸਲ ਤਰਨ ਤਾਰਨ ਵੱਲੋਂ ਬਣਾਏ ਗਏ ਕੂੜਾ ਡੰਪ ਦਾ ਨਿਰੀਖਣ ਕੀਤਾ ਗਿਆ।ਉਹਨਾਂ ਨਗਰ ਕੌਂਸਲ ਦੇ ਅਧਿਕਾਰੀਆਂ ਨੂੰ ਕਿਹਾ ਕਿ ਬਰਸਾਤ ਦੇ ਸੀਜ਼ਨ ਦੌਰਾਨ ਘਰਾਂ ਤੋਂ ਇਕੱਠਾ ਗਏ ਕੂੜੇ ਦੀ ਸ਼ੈਗਰੀਗੇਸ਼ਨ ਯਕੀਨੀ ਬਣਾਈ ਜਾਵੇ ਅਤੇ ਕੂੜੇ ਲਈ ਬਣਾਈਆਂ ਪਿੱਟਸ ‘ਤੇ ਸੈਗਰੀਗੇਟ ਕਰਨਾ ਯਕੀਨੀ ਬਣਾਇਆ ਜਾਵੇ। ਉਹਨਾਂ ਕਿਹਾ ਕਿ ਸੁੱਕੇ ਤੇ ਗਿੱਲੇ ਕੂੜੇ ਦੀ 100 ਫੀਸਦੀ ਡੋਰ-ਟੂ-ਡੋਰ ਕੁਲੈਕਸ਼ਨ ਕਰਕੇ ਕੂੜੇ ਦਾ ਵਿਗਿਆਨਿਕ ਢੰਗ ਨਾਲ ਨਿਪਟਾਰਾ ਕੀਤਾ ਜਾਵੇ ਤਾਂ ਜੋ ਸ਼ਹਿਰ ਵਿਚੋਂ ਕੂੜੇ ਦੇ ਢੇਰਾਂ ਦਾ ਖਾਤਮਾ ਹੋ ਸਕੇ। ਉਹਨਾਂ ਕਿਹਾ ਕਿ ਸ਼ਹਿਰਾਂ ਵਿੱਚ ਲੋੜ ਅਨੁਸਾਰ ਨਵੀਂਆਂ ਕੰਪੋਸਟ ਪਿਟਸ ਬਣਾਈਆਂ ਜਾਣ ਅਤੇ ਸੁੱਕੇ ਤੇ ਗਿੱਲੇ ਕੂੜੇ ਦਾ ਵਿਗਿਆਨਿਕ ਢੰਗ ਨਾਲ ਨਿਪਟਾਰਾ ਹੋ ਸਕੇ। ਡਿਪਟੀ ਕਮਿਸ਼ਨਰ ਵੱਲੋਂ ਸ਼ਹਿਰ ਵਾਸ਼ੀਆਂ ਨੂੰ ਅਪੀਲ ਕੀਤੀ ਗਈ ਕਿ ਸ਼ਹਿਰ ਨੂੰ ਸਾਫ ਸੁਥਰਾ ਰੱਖਣ ਲਈ ਆਮ ਲੋਕਾਂ ਦੀ ਭਾਗੇਦਾਰੀ ਬਹੁਤ ਜ਼ਰੂਰੀ ਹੈ।ਇਸ ਦੌਰਾਨ ਉਹਨਾ ਵੱਲੋਂ ਸ਼ਹਿਰ ਦੀਆਂ ਵੱਖ-ਵੱਖ ਥਾਵਾਂ ‘ਤੇ ਸਾਫ ਸਫਾਈ ਦੇ ਕੰਮਾਂ ਦੀ ਚੈਕਿੰਗ ਕੀਤੀ ਗਈ ਅਤੇ ਦੁਕਾਨਦਾਰਾਂ ਨੂੰ ਵੀ ਅਪੀਲ ਕੀਤੀ ਗਈ ਕਿ ਉਹ ਆਪਣਾ ਕੂੜਾ ਕਰਕਟ ਬਾਹਰ ਸੜਕਾਂ ਤੇ ਖੁੱਲ੍ਹੇ ਵਿੱਚ ਨਾ ਸੁੱਟਣ ਅਤੇ ਕੂੜਾ ਕਰਕਟ ਨੂੰ ਹਮੇਸ਼ਾ ਹੀ ਗਿੱਲਾ ਕੂੜਾ ਅਤੇ ਸੁੱਕਾ ਕੂੜਾ ਵੱਖ-ਵੱਖ ਡਸਟਬੀਨ ਵਿੱਚ ਰੱਖਿਆ ਜਾਵੇ ਅਤੇ ਨਗਰ ਕੌਂਸਲ ਦੇ ਸਫਾਈ ਸੇਵਕ ਨੂੰ ਹੀ ਦਿੱਤਾ ਜਾਵੇ। ਉਨ੍ਹਾਂ ਨਗਰ ਕੋਂਸਲ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਬਰਸਾਤੀ ਮੌਸਮ ਨੂੰ ਮੱਦੇਨਜ਼ਰ ਰੱਖਦਿਆਂ ਸਹਿਰ ਦੇ ਡਰੇਨਜ਼, ਬਰਸਾਤੀ ਨਾਲਿਆਂ ਤੇ ਨਾਲੀਆਂ ਦੀ ਸਫਾਈ ਕਰਨੀ ਯਕੀਨੀ ਬਣਾਈ ਜਾਵੇ। ਉਨ੍ਹਾਂ ਕਿਹਾ ਕਿ ਦੁਕਾਨਦਾਰ ਤੇ ਸ਼ਹਿਰ ਵਾਸੀ ਪਲਾਸਟਿਕ ਲਫਾਫ਼ਿਆ ਦੀ ਵਰਤੋਂ ਤੋਂ ਗੁਰੇਜ਼ ਕਰਨਾ ਯਕੀਨੀ ਬਣਾਉਣ ਕਿਉਂਕਿ ਇਹ ਨਾਲਿਆਂ, ਨਾਲੀਆਂ ਵਿੱਚ ਫਸ ਕੇ ਸੀਵਰੇਜ ਨੂੰ ਜਾਮ ਕਰਦਾ ਹੈ ਅਤੇ ਇਸ ਦਾ ਇਸਤੇਮਾਲ ਵਾਤਾਵਰਨ ਲਈ ਖਤਰਨਾਕ ਹੈ।ਉਹਨਾਂ ਵੱਲੋਂ ਨਗਰ ਕੌਂਸਲ ਦੇ ਅਧਿਕਾਰੀਆਂ ਅਤੇ ਸਫਾਈ ਕਰਮਚਾਰੀਆਂ ਨੂੰ ਵੀ ਸ਼ਹਿਰ ਦੀ ਸਫਾਈ ਵਿਵਸਥਾ ਨੂੰ ਹੋਰ ਬਿਹਤਰ ਬਣਾਉਣ ਲਈ ਜ਼ਰੂਰੀ ਦਿਸ਼ਾ ਨਿਰਦੇਸ਼ ਦਿੱਤੇ ਗਏ।