ਪੰਜਾਬ ਸਰਕਾਰ ਕਿਸਾਨਾਂ ਅਤੇ ਖੇਤੀਬਾੜੀ ਨਾਲ ਜੁੜੇ ਲੋਕਾਂ ਦੀ ਖ਼ੁਸ਼ਹਾਲੀ ਅਤੇ ਤਰੱਕੀ ਲਈ ਵਚਨਬੱਧ : ਵਿਧਾਇਕ ਕਲਸੀ

ਬਟਾਲਾ, 8 ਸਤੰਬਰ : ਅਮਨਸ਼ੇਰ ਸਿੰਘ ਸ਼ੈਰੀ ਕਲਸੀ, ਹਲਕਾ ਵਿਧਾਇਕ ਬਟਾਲਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਦੇ ਬਾਗ਼ਬਾਨੀ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਦੀ ਅਗਵਾਈ ਹੇਠ ਬਾਗਬਾਨੀ ਵਿਭਾਗ ਵਲੋਂ ਕੀਤੇ ਜਾ ਰਹੇ ਯਤਨਾਂ ਸਦਕਾ ਖੇਤੀਬਾੜੀ ਬੁਨਿਆਦੀ ਢਾਂਚਾ ਫ਼ੰਡ (ਏ.ਆਈ.ਐਫ) ਵਿੱਚ ਸ਼ਾਨਦਾਰ ਵਾਧਾ ਦਰਜ ਕੀਤਾ ਗਿਆ ਹੈ। ਵਿਧਾਇਕ ਸ਼ੈਰੀ ਕਲਸੀ ਨੇ ਅੱਗੇ ਦੱਸਿਆ ਕਿ ਖੇਤੀਬਾੜੀ ਬੁਨਿਆਦੀ ਢਾਂਚਾ ਫ਼ੰਡ (ਏ.ਆਈ.ਐਫ) ਜੁਲਾਈ ਮਹੀਨੇ ਤੱਕ ਸੂਬੇ ਭਰ ਵਿੱਚੋਂ ਇਸ ਸਕੀਮ ਤਹਿਤ ਕੁੱਲ 8411 ਅਰਜ਼ੀਆਂ ਪ੍ਰਾਪਤ ਹੋਈਆਂ ਹਨ, ਜੋ ਖੇਤੀ ਆਧਾਰਤ ਵੱਖ-ਵੱਖ ਪ੍ਰਾਜੈਕਟ ਸਥਾਪਤ ਕਰਨ ਵਿੱਚ ਨਿਵੇਸ਼ ਲਈ ਖੇਤੀਬਾੜੀ ਨਾਲ ਸਬੰਧਤ ਲੋਕਾਂ ਅਤੇ ਕਿਸਾਨਾਂ ਦੀ ਡੂੰਘੀ ਦਿਲਚਸਪੀ ਅਤੇ ਉਤਸ਼ਾਹ ਨੂੰ ਦਰਸਾਉਂਦਾ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਪ੍ਰਾਜੈਕਟਾਂ ਦੀ ਕੁੱਲ ਲਾਗਤ 4579 ਕਰੋੜ ਰੁਪਏ ਬਣਦੀ ਹੈ। ਉਨਾਂ ਦੱਸਿਆ ਕਿ ਬਾਗ਼ਬਾਨੀ ਵਿਭਾਗ ਏ.ਆਈ.ਐਫ ਸਕੀਮ ਲਈ ਸੂਬੇ ਦੀ ਨੋਡਲ ਏਜੰਸੀ ਹੈ, ਜੋ ਬਿਨੈਕਾਰਾਂ ਨੂੰ ਸਹਾਇਤਾ ਅਤੇ ਸੇਧ ਪ੍ਰਦਾਨ ਕਰਕੇ ਇਸ ਪ੍ਰਗਤੀ ਵਿੱਚ ਅਹਿਮ ਭੂਮਿਕਾ ਨਿਭਾਅ ਰਿਹਾ ਹੈ। ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਪੰਜਾਬ ਵਿੱਚ ਕਿਸਾਨਾਂ ਅਤੇ ਖੇਤੀਬਾੜੀ ਨਾਲ ਜੁੜੇ ਲੋਕਾਂ ਦੀ ਖ਼ੁਸ਼ਹਾਲੀ ਅਤੇ ਤਰੱਕੀ ਲਈ ਵਚਨਬੱਧ ਹੈ ਅਤੇ ਸਰਕਾਰ ਵੱਲੋਂ ਇਸ ਸਕੀਮ ਦਾ ਪਸਾਰ ਟਿਕਾਊ ਖੇਤੀਬਾੜੀ ਵਿਕਾਸ ਅਤੇ ਕਿਸਾਨਾਂ ਨੂੰ ਸਮਰੱਥ ਬਣਾਉਣ ਦੇ ਸਰਕਾਰ ਦੇ ਦ੍ਰਿਸ਼ਟੀਕੋਣ ਦਾ ਪ੍ਰਮਾਣ ਹੈ। ਏ.ਆਈ.ਐਫ ਸਕੀਮ ਤਹਿਤ ਪੰਜਾਬ ਨੇ ਇਸ ਵਿੱਤੀ ਵਰ੍ਹੇ ਦੀ ਪਹਿਲੀ ਤਿਮਾਹੀ ਦੌਰਾਨ ਵੀ ਵਧੀਆ ਪ੍ਰਦਰਸ਼ਨ ਕਰਦਿਆਂ 117 ਫ਼ੀਸਦੀ ਦਾ ਵਾਧਾ ਦਰਜ ਕੀਤਾ ਹੈ। ਇਸ ਸਕੀਮ ਤਹਿਤ 2 ਕਰੋੜ ਦੇ ਕਰਜ਼ੇ ਤੱਕ 3 ਫ਼ੀਸਦੀ ਵਿਆਜ ਸਹਾਇਤਾ ਦਿੱਤੀ ਜਾ ਰਹੀ ਹੈ। ਇਸ ਸਹਾਇਤਾ ਦਾ ਲਾਭ 7 ਸਾਲਾਂ ਤੱਕ ਮਿਲ ਸਕਦਾ ਹੈ ਅਤੇ ਵਿਆਜ ਦਰ ’ਤੇ 9 ਫੀਸਦੀ ਦੀ ਲਿਮਿਟ ਰੱਖੀ ਗਈ ਹੈ। ਕਰੈਡਿਟ ਗਾਰੰਟੀ ਫੀਸ ਵੀ ਸਰਕਾਰ ਵਲੋਂ ਦਿੱਤੀ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਹਰ ਲਾਭਪਾਤਰੀ 25 ਪ੍ਰਾਜੈਕਟ ਸਥਾਪਿਤ ਕਰ ਸਕਦਾ ਹੈ।