ਪੰਜਾਬ ਸਰਕਾਰ ਰਾਜ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਦ੍ਰਿੜ ਸੰਕਲਪ : ਕੈਬਨਿਟ ਮੰਤਰੀ ਬਲਕਾਰ ਸਿੰਘ

  • ਨਸ਼ਿਆਂ ਦੀ ਮਾੜੀ ਆਦਤ ਦਾ ਸ਼ਿਕਾਰ ਹੋ ਚੁੱਕੇ ਨੌਜਵਾਨਾਂ ਨੂੰ ਨਸ਼ਿਆਂ ਦੀ ਦਲਦਲ ਵਿਚੋਂ ਬਾਹਰ ਕੱਢਣ ਲਈ ਖੇਡਾਂ ਵੱਲ ਕੀਤਾ ਜਾਵੇਗਾ ਪ੍ਰੇਰਿਤ

ਤਰਨ ਤਾਰਨ, 21 ਜੁਲਾਈ : ਪੰਜਾਬ ਸਰਕਾਰ ਰਾਜ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਦ੍ਰਿੜ ਸੰਕਲਪ ਹੈ ਅਤੇ ਨਸ਼ਿਆਂ ਦੀ ਮਾੜੀ ਆਦਤ ਦਾ ਸ਼ਿਕਾਰ ਹੋ ਚੁੱਕੇ ਨੌਜਵਾਨਾਂ ਨੂੰ ਨਸ਼ਿਆਂ ਦੀ ਦਲਦਲ ਵਿਚੋਂ ਬਾਹਰ ਕੱਢਣ ਅਤੇ ਉਹਨਾਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨ ਲਈ ਪਿੰਡ ਪੱਧਰ ‘ਤੇ ਜਿੰਮ ਖੋਲ੍ਹੇ ਜਾਣਗੇ । ਇਨ੍ਹਾਂ ਪ੍ਰਗਟਾਵਾ ਕੈਬਨਿਟ ਮੰਤਰੀ ਪੰਜਾਬ ਸ੍ਰੀ ਬਲਕਾਰ ਸਿੰਘ ਨੇ ਅੱਜ ਆਪਣੇ ਜੱਦੀ ਪਿੰਡ ਸੋਹਲ ਵਿਖੇ ਹਰ ਸਾਲ ਮਨਾਏ ਜਾਂਦੇ ਬਾਬਾ ਖਾਕੀ ਸ਼ਾਹ ਦੀ ਦਰਗਾਹ ‘ਤੇ ਨਮਸਤਕ ਹੋਣ ਤੋਂ ਬਾਅਦ ਖੇਡ ਸਟੇਡੀਅਮ ਵਿੱਚ ਲੋਕਾਂ ਦੇ ਜੁੜੇ ਇਕੱਠ ਨੂੰ ਸੰਬੋਧਨ ਕਰਦਿਆਂ ਕੀਤਾ।ਉਨ੍ਹਾਂ ਕਿਹਾ ਕਿ ਪਿੰਡ ਸੋਹਲ ਦੇ ਵਿਕਾਸ ਕਾਰਜਾਂ ਲਈ ਫੰਡਾਂ ਦੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ। ਇਸ ਮੌਕੇ ਉਨ੍ਹਾਂ ਨੇ ਸੂਬੇ ਵਿੱਚ ਆਏ ਹੜ੍ਹਾਂ ਦੀ ਗੱਲ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਕੁਦਰਤੀ ਆਫ਼ਤ ਵਿੱਚ ਆਪਣੇ ਲੋਕਾਂ ਨਾਲ਼ ਡਟ ਕੇ ਖੜ੍ਹੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ੍ਰ. ਭਗਵੰਤ ਸਿੰਘ ਮਾਨ ਦੇ ਹੁਕਮਾਂ ਤੇ ਪਹਿਰਾ ਦਿੰਦਿਆਂ ਹੜ੍ਹ ਪੀੜ੍ਹਤਾਂ ਨੂੰ ਫੌਰੀ ਰਾਹਤ ਦੇਣ ਲਈ ਮੰਤਰੀਆਂ, ਵਿਧਾਇਕਾਂ, ਅਧਿਕਾਰੀਆਂ ਤੇ ਕਰਮਚਾਰੀਆਂ ਨੇ ਦਿਨ ਰਾਤ ਇੱਕ ਕਰਕੇ ਹੜ੍ਹ ਪੀੜ੍ਹਤਾਂ ਦੀ ਸਾਰ ਲਈ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਹੜ੍ਹਾਂ ਦਾ ਪ੍ਰਕੋਪ ਖਤਮ ਹੋਣ ਤੋਂ ਬਾਅਦ ਪੰਜਾਬ ਸਰਕਾਰ ਵੱਲੋਂ ਵਿਸ਼ੇਸ਼ ਸਰਵੇ ਕਰਵਾ ਕੇ ਲੋਕਾਂ ਦੇ ਹੜ੍ਹਾਂ ਕਾਰਨ ਹੋਏ ਨੁਕਸਾਨ ਦੀ ਭਰਪਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਖੁਦ ਹੜ੍ਹਾਂ ਤੋਂ ਬਚਾਅ ਲਈ ਕੀਤੇ ਜਾ ਰਹੇ ਕਾਰਜਾਂ ਦੀ ਨਿਗਰਾਨੀ ਕਰ ਰਹੇ ਹਨ। ਇਸ ਮੌਕੇ ਪਿੰਡ ਵਾਸੀਆਂ ਵੱਲੋਂ ਉਨਾਂ ਨੂੰ ਸਨਮਾਨਿਤ ਵੀ ਕੀਤਾ ਗਿਆ। ਪਿੰਡ ਵਾਸੀਆਂ ਵੱਲੋਂ ਦਰਪੇਸ਼ ਆ ਰਹੀਆਂ ਮੁਸ਼ਕਿਲਾਂ ਵੀ ਉਨਾਂ ਦੇ ਧਿਆਨ ਵਿੱਚ ਲਿਆਂਦੀਆਂ ਗਈਆਂ, ਜਿਸ ਦਾ ਕੈਬਨਿਟ ਮੰਤਰੀ ਨੇ ਹਰ ਸੰਭਵ ਹੱਲ ਦਾ ਭਰੋਸਾ ਦਿੱਤਾ । ਇਸ ਮੌਕੇ ਹਲਕਾ ਵਿਧਾਇਕ ਤਰਨ ਤਾਰਨ ਡਾਕਟਰ ਕਸ਼ਮੀਰ ਸਿੰਘ ਸੋਹਲ ਵੀ ਉਨ੍ਹਾਂ ਦੇ ਨਾਲ ਸਨ।