ਪੰਜਾਬ ਸਰਕਾਰ ਨੇ ਖੇਡਾਂ ਬਾਰੇ ਜਾਗਰੂਕਤਾ ਪੈਦਾ ਕਰਨ ਲਈ ਪਹਿਲੀ ਵਾਰ ਮਸ਼ਾਲ ਮਾਰਚ ਸ਼ੁਰੂ ਕਰਨ ਦਾ ਲਿਆ ਫੈਸਲਾ-ਵਿਧਾਇਕ ਸ਼ੈਰੀ ਕਲਸੀ

  • ‘ਖੇਡਾਂ ਵਤਨ ਪੰਜਾਬ ਦੀਆਂ’ ਸੀਜ਼ਨ-2

ਬਟਾਲਾ, 22 ਅਗਸਤ : ਅਮਨਸ਼ੇਰ ਸਿੰਘ ਸ਼ੈਰੀ ਕਲਸੀ, ਵਿਧਾਇਕ ਬਟਾਲਾ ਨੇ ਦੱਸਿਆ ਕਿ ਪੰਜਾਬ ਨੂੰ ਖੇਡਾਂ ਵਿੱਚ ਦੇਸ਼ ਦਾ ਮੋਹਰੀ ਸੂਬਾ ਬਣਾਉਣ ਅਤੇ ਖੇਡ ਸੱਭਿਆਚਾਰ ਪੈਦਾ ਕਰਨ ਲਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਉਤੇ ਸ਼ੁਰੂ ਕੀਤੀਆਂ ਗਈਆਂ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਪਹਿਲੇ ਸਾਲ ਦੀ ਸਫਲਤਾ ਤੋਂ ਬਾਅਦ ਇਸ ਸਾਲ ਸੀਜ਼ਨ-2 ਤੋਂ ਸ਼ੁਰੂਆਤ ਤੋਂ ਪਹਿਲਾਂ ਖੇਡਾਂ ਬਾਰੇ ਜਾਗਰੂਕਤਾ ਪੈਦਾ ਕਰਨ ਲਈ ਪਹਿਲੀ ਵਾਰ ਮਸ਼ਾਲ ਮਾਰਚ ਸ਼ੁਰੂ ਕਰਨ ਦਾ ਫੈਸਲਾ ਕੀਤਾ ਗਿਆ ਹੈ। ਵਿਧਾਇਕ ਸ਼ੈਰੀ ਕਲਸੀ ਨੇ ਅੱਗੇ ਦੱਸਿਆ ਕਿ ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਦੀ ਅਗਵਾਈ ਵਿੱਚ ਖੇਡ ਵਿਭਾਗ ਵਲੋਂ ਸੂਬੇ ਅੰਦਰ ਖੇਡ ਸੱਭਿਅਚਾਰ ਪ੍ਰਫੁੱਲਤ ਕਰਨ  ਲਈ ਵਿਸ਼ੇਸ ਉਪਰਾਲੇ ਕੀਤੇ ਗਏ ਹਨ। ਜਿਸਦੇ ਚੱਲਦਿਆਂ ਇਸ ਵਾਰ ਖੇਡਾਂ ਵਤਨ ਪੰਜਾਬ ਦੀਆਂ ਦੇ ਸੀਜ਼ਨ-2 ਦੇ ਉਦਘਾਟਨੀ ਸਮਾਰੋਹ ਮੌਕੇ ਜਲਾਈ ਜਾਣ ਵਾਲੀ ਮਸ਼ਾਲ ਨੂੰ ਇਕ ਹਫਤਾ ਪੂਰੇ ਪੰਜਾਬ ਵਿੱਚ ਹਰ ਜ਼ਿਲਾ ਹੈਡਕੁਆਟਰ ਵਿੱਚ ਲਿਜਾਇਆ ਜਾਵੇਗਾ, ਜਿਸ ਦੀ ਸ਼ੁਰੂਆਤ ਲੁਧਿਆਣਾ ਤੋਂ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ 29 ਅਗਸਤ ਨੂੰ ਬਠਿੰਡਾ ਵਿਖੇ ਖੇਡਾਂ ਦੇ ਦੂਜੇ ਸੀਜ਼ਨ ਦਾ ਉਦਘਾਟਨ ਹੋਵੇਗਾ। ਹਰ ਜ਼ਿਲਾ ਹੈਡਕੁਆਟਰ ਉਤੇ ਮਸ਼ਾਲ ਮਾਰਚ ਵਿੱਚ ਸਥਾਨਕ ਉੱਘੇ ਖਿਡਾਰੀ, ਖੇਡ ਵਿਭਾਗ ਦੇ ਕਰਮਚਾਰੀ, ਸਥਾਨਕ ਨੁਮਾਇੰਦੇ ਅਤੇ ਜ਼ਿਲਾ ਪ੍ਰਸ਼ਾਸਨ ਦੇ ਅਧਿਕਾਰੀ ਸ਼ਾਮਲ ਹੋਣਗੇ। ਉਨਾਂ ਦੱਸਿਆ ਕਿ 23 ਅਗਸਤ ਨੂੰ ਫਿਰੋਜ਼ਪੁਰ, ਤਰਨ ਤਾਰਨ ਤੇ ਅੰਮ੍ਰਿਤਸਰ, 24 ਅਗਸਤ ਨੂੰ ਗੁਰਦਾਸਪੁਰ, ਪਠਾਨਕੋਟ ਤੇ ਹੁਸ਼ਿਆਰਪੁਰ, 25 ਅਗਸਤ ਨੂੰ ਜਲੰਧਰ, ਸ਼ਹੀਦ ਭਗਤ ਸਿੰਘ ਨਗਰ ਤੇ ਰੂਪਨਗਰ, 26 ਅਗਸਤ ਨੂੰ ਐਸ.ਏ.ਐਸ.ਨਗਰ, ਫਤਹਿਗੜ੍ਹ ਸਾਹਿਬ ਤੇ ਮਾਲੇਰਕੋਟਲਾ, 27 ਅਗਸਤ ਨੂੰ ਪਟਿਆਲਾ, ਸੰਗਰੂਰ ਤੇ ਮਾਨਸਾ, 28 ਅਗਸਤ ਨੂੰ ਬਰਨਾਲਾ, ਫਰੀਦਕੋਟ ਤੇ ਫਾਜ਼ਿਲਕਾ ਅਤੇ 29 ਅਗਸਤ ਨੂੰ ਸ੍ਰੀ ਮੁਕਤਸਰ ਸਾਹਿਬ ਤੇ ਬਠਿੰਡਾ ਵਿਖੇ ਮਸ਼ਾਲ ਮਾਰਚ ਗੁਜ਼ਰੇਗੀ।