- ਅਸ਼ੀਰਵਾਦ ਸਕੀਮ ਅਧੀਨ ਜ਼ਿਲ੍ਹੇ ਦੇ ਮਾਰਚ, 2023 ਦੇ ਅਨੁਸੂਚਿਤ ਜਾਤੀ ਨਾਲ ਸਬੰਧਿਤ 285 ਕੇਸਾਂ ਦੇ ਲਾਭਪਾਤਰੀਆਂ ਨੂੰ ਦਿੱਤਾ ਲਾਭ
ਤਰਨ ਤਾਰਨ, 19 ਜਨਵਰੀ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਜਿਥੇ ਹਰ ਵਰਗ ਦੀ ਭਲਾਈ ਲਈ ਲਗਾਤਾਰ ਯਤਨਸ਼ੀਲ ਹੈ, ਉੱਥੇ ਹੀ ਅਨੁਸੂਚਿਤ ਜਾਤੀਆਂ ਦੀ ਭਲਾਈ ਲਈ ਵੀ ਲਗਾਤਾਰ ਕਾਰਜਸ਼ੀਲ ਹੈ। ਇਸੇ ਤਹਿਤ ਹੀ ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਤਰਨ ਤਾਰਨ ਦੇ ਅਨੁਸੂਚਿਤ ਜਾਤੀਆਂ ਨਾਲ ਸਬੰਧਿਤ ਲਾਭਪਾਤਰੀਆਂ ਲਈ ਅਸ਼ੀਰਵਾਦ ਸਕੀਮ ਤਹਿਤ ਚਾਲੂ ਵਿੱਤੀ ਵਰ੍ਹੇ ਦੇ ਬਜਟ ਵਿੱਚੋਂ 1 ਕੋਰੜ 45 ਲੱਖ 35 ਹਜ਼ਾਰ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਸੰਦੀਪ ਕੁਮਾਰ ਨੇ ਕਿਹਾ ਕਿ ਇਸ ਰਾਸ਼ੀ ਨਾਲ ਜ਼ਿਲ੍ਹਾ ਤਰਨ ਤਾਰਨ ਦੇ ਅਨੁਸੂਚਿਤ ਜਾਤੀਆਂ ਨਾਲ ਸਬੰਧਿਤ ਮਾਰਚ, 2023 ਦੇ 285 ਕੇਸਾਂ ਦੇ ਯੋਗ ਲਾਭਪਾਤਰੀਆਂ ਨੂੰ ਕਵਰ ਕੀਤਾ ਗਿਆ ਹੈ। ਉਹਨਾਂ ਦੱਸਿਆ ਕਿ ਮਾਰਚ, 2023 ਦੇ ਅਨੁਸੂਚਿਤ ਜਾਤੀਆਂ ਅਤੇ ਪਛੜੀਆਂ ਸ਼੍ਰੇਣੀਆਂ ਨਾਲ ਸਬੰਧਿਤ ਕੁੱਲ 456 ਲਾਭਪਾਰੀਆਂ ਦੇ ਕੇਸ ਸਰਕਾਰ ਨੂੰ ਭੇਜੇ ਗਏ ਸਨ, ਜਿੰਨ੍ਹਾਂ ਦੇ ਲਾਭਪਾਤਰੀਆਂ ਨੂੰ ਵਿੱਤੀ ਰਾਸ਼ੀ ਮੁਹੱਈਆ ਕਰਵਾਈ ਗਈ ਹੈ। ਸ੍ਰੀ ਸੰਦੀਪ ਕੁਮਾਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਤਰਨ ਤਾਰਨ ਦੇ ਪਛੜ੍ਹੀਆਂ ਸ਼੍ਰੇਣੀਆਂ ਨਾਲ ਸਬੰਧਿਤ ਲਾਭਪਾਤਰੀਆਂ ਲਈ ਵੀ ਅਸ਼ੀਰਵਾਦ ਸਕੀਮ ਤਹਿਤ ਚਾਲੂ ਵਿੱਤੀ ਵਰ੍ਹੇ ਦੇ ਬਜਟ ਵਿਚੋਂ 87 ਲੱਖ 21 ਹਜ਼ਾਰ ਰੁਪਏ ਦੀ ਰਾਸ਼ੀ ਪਹਿਲਾ ਹੀ ਜਾਰੀ ਜਾ ਚੁੱਕੀ ਹੈ।ਇਸ ਰਾਸ਼ੀ ਨਾਲ ਜ਼ਿਲ੍ਹਾ ਤਰਨ ਤਾਰਨ ਦੇ ਪਛੜ੍ਹੀਆਂ ਸ਼੍ਰੇਣੀਆਂ ਨਾਲ ਸਬੰਧਿਤ ਮਾਰਚ 2023 ਦੇ 171 ਕੇਸਾਂ ਦੇ ਯੋਗ ਲਾਭਪਾਤਰੀਆਂ ਨੂੰ ਕਵਰ ਕੀਤਾ ਗਿਆ ਹੈ । ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਅਨੁਸੂਚਿਤ ਜਾਤੀਆਂ, ਪੱਛੜੀਆਂ ਸ੍ਰੇਣੀਆਂ ਅਤੇ ਗੈਰ ਅਨੁਸੂਚਿਤ ਜਾਤੀਆਂ ਆਰਥਿਕ ਤੌਰ `ਤੇ ਕਮਜ਼ੋਰ ਵਰਗ ਦੇ ਲੋਕਾਂ ਦੀ ਭਲਾਈ ਲਈ ਲਗਾਤਾਰ ਕਾਰਜ਼ਸ਼ੀਲ ਹੈ।ਉਨ੍ਹਾਂ ਦੱਸਿਆ ਕਿ ਵਿੱਤੀ ਸਹਾਇਤਾ ਦੀ ਅਦਾਇਗੀ ਸਿੱਧੀ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਕੀਤੀ ਜਾਂਦੀ ਹੈ। ਜ਼ਿਲ੍ਹਾ ਸਮਾਜਿਕ ਨਿਆਂ ਤੇ ਅਧਿਕਾਰਤਾ ਅਫ਼ਸਰ ਤਰਨ ਤਾਰਨ ਸ੍ਰੀ ਬਿਕਰਮਜੀਤ ਸਿੰਘ ਪੁਰੇਵਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅਸ਼ੀਰਵਾਦ ਸਕੀਮ ਦਾ ਲਾਭ ਲੈਣ ਲਈ ਬਿਨੈਕਾਰ ਪੰਜਾਬ ਰਾਜ ਦਾ ਸਥਾਈ ਨਾਗਰਿਕ ਹੋਵੇ, ਉਸ ਦਾ ਪਰਿਵਾਰ ਗਰੀਬੀ ਰੇਖਾ ਤੋਂ ਹੇਠਾਂ ਦਾ ਹੋਵੇ, ਬਿਨੈਕਾਰ ਅਨੁਸੂਚਿਤ ਜਾਤੀ, ਪੱਛੜੀਆਂ ਸ੍ਰੇਣੀਆਂ ਅਤੇ ਹੋਰ ਗੈਰ ਅਨੁਸੂਚਿਤ ਜਾਤੀ ਤੇ ਆਰਥਿਕ ਤੌਰ `ਤੇ ਕਮਜ਼ੋਰ ਪਰਿਵਾਰਾਂ ਨਾਲ ਸਬੰਧਤ ਹੋਵੇ ਅਤੇ ਪਰਿਵਾਰ ਦੀ ਸਾਰੇ ਸਾਧਨਾਂ ਤੋਂ ਸਲਾਨਾ ਆਮਦਨ 32,790 ਰੁਪਏ ਤੋਂ ਘੱਟ ਹੋਵੇ, ਅਜਿਹੇ ਪਰਿਵਾਰਾਂ ਦੀਆਂ ਦੋ ਧੀਆਂ ਇਸ ਸਕੀਮ ਦਾ ਲਾਭ ਦੇਣ ਦੇ ਯੋਗ ਹਨ।