ਸੱਭਿਆਚਾਰਕ ਪ੍ਰੋਗਰਾਮ ਦੀ ਰਿਹਰਸਲ ਕੱਲ 18 ਜਨਵਰੀ ਨੂੰ ਸ਼ਿਵ ਕੁਮਾਰ ਬਟਾਲਵੀ ਸੱਭਿਆਚਾਰਕ ਕੇਂਦਰ ਬਟਾਲਾ ਵਿਖੇ ਹੋਵੇਗੀ

ਬਟਾਲਾ, 17 ਜਨਵਰੀ : ਸਰਕਾਰੀ ਪੋਲੀਟੈਕਨਿਕ ਕਾਲਜ ਬਟਾਲਾ ਦੇ ਰਾਜੀਵ ਗਾਂਧੀ ਖੇਡ ਸਟੇਡੀਅਮ ਵਿਖੇ ਹਰ ਸਾਲ ਦੀ ਤਰਾਂ ਇਸ ਵਾਰ ਵੀ 26 ਜਨਵਰੀ ਨੂੰ ਗਣਤੰਤਰ ਦਿਵਸ ਪੂਰੇ ਉਤਸ਼ਾਹ ਨਾਲ ਮਨਾਇਆ ਜਾਵੇਗਾ, ਜਿਸ ਸਬੰਧੀ ਰਿਹਰਸਲਾਂ ਕੱਲ ਤੋਂ ਸ਼ੁਰੂ ਹੋਣਗੀਆਂ।  ਇਸ ਸਬੰਧੀ ਜਾਣਕਾਰੀ ਦਿੰਦਿਆਂ ਤਹਿਸੀਲਦਾਰ ਅਭਿਸ਼ੇਕ ਵਰਮਾ ਨੇ ਦੱਸਿਆ ਕਿ ਐਸ ਡੀ ਐਮ, ਡਾ ਸ਼ਾਇਰੀ ਭੰਡਾਰੀ ਦੇ ਦਿਸ਼ਾ ਨਿਰਦੇਸ਼ਾਂ ਹੇਠ, ਮਾਰਚ ਪਾਸਟ (ਬੈਂਡ) ਵਿੱਚ ਭਾਗ ਲੈਣ ਵਾਲੀਆਂ ਸਾਰੀਆਂ ਟੀਮਾਂ ਦੀ ਰਿਹਰਸਲ 18 ਅਤੇ 22 ਜਨਵਰੀ ਨੂੰ ਪੁਲਿਸ ਲਾਈਨ ਬਟਾਲਾ ਵਿਖੇ ਸਵੇਰੇ 10.00 ਵਜੇ ਹੋਵੇਗੀ।  ਇਸੇ ਤਰਾਂ ਸੱਭਿਆਚਾਰਕ ਪ੍ਰੋਗਰਾਮ ਦੀ ਰਿਹਰਸਲ 18 ਅਤੇ 22 ਜਨਵਰੀ ਨੂੰ ਸ਼ਿਵ ਕੁਮਾਰ ਬਟਾਲਵੀ ਸੱਭਿਆਚਾਰਕ ਕੇਂਦਰ, ਬਟਾਲਾ ਵਿਖੇ ਸਵੇਰੇ 10.00 ਵਜੇ ਹੋਵੇਗੀ ਅਤੇ ਫੁੱਲ ਡਰੈੱਸ ਰਿਹਰਸਲ 24 ਜਨਵਰੀ ਨੂੰ ਸਮਾਗਮ ਵਾਲੀ ਥਾਂ ਰਾਜੀਵ ਗਾਂਧੀ ਸਟੇਡੀਅਮ ਬਟਾਲਾ ਵਿਖੇ ਹੋਵੇਗੀ। ਉਨ੍ਹਾਂ ਸਬੰਧਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਸਮਾਗਮ ਦੀਆਂ ਤਿਆਰੀਆਂ ਵਿੱਚ ਕੋਈ ਢਿੱਲਮੱਠ ਨਾ ਵਰਤਣ । ਉਨ੍ਹਾਂ ਕਿਹਾ ਕਿ ਗਣਤੰਤਰ ਦਿਵਸ ਨੂੰ ਪੂਰੇ ਉਤਸ਼ਾਹ ਤੇ ਜੋਸ਼ ਨਾਲ ਮਨਾਇਆ ਜਾਵੇਗਾ।