ਯੋਗਤਾ ਮਿਤੀ 1 ਜਨਵਰੀ 2024 ਦੇ ਅਧਾਰ ’ਤੇ ਫੋਟੋ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾਂ ਦਾ ਰੀਵਾਈਜ਼ਡ ਸ਼ਡਿਊਲ ਜਾਰੀ

  • ਹੁਣ 22 ਜਨਵਰੀ 2024 ਨੂੰ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾਂ ਕੀਤੀ ਜਾਵੇਗੀ

ਬਟਾਲਾ, 28 ਦਸੰਬਰ : ਵਧੀਕ ਜ਼ਿਲ੍ਹਾ ਚੋਣ ਅਧਿਕਾਰੀ-ਕਮ-ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਸੁਭਾਸ਼ ਚੰਦਰ ਨੇ ਦੱਸਿਆ ਕਿ ਮਾਣਯੋਗ ਮੁੱਖ ਚੋਣ ਅਫ਼ਸਰ, ਪੰਜਾਬ ਵੱਲੋਂ ਯੋਗਤਾ ਮਿਤੀ 1 ਜਨਵਰੀ 2024 ਦੇ ਅਧਾਰ ’ਤੇ ਫੋਟੋ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾਂ ਦਾ ਰੀਵਾਈਜ਼ਡ ਸ਼ਡਿਊਲ ਜਾਰੀ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਮਾਣਯੋਗ ਮੁੱਖ ਚੋਣ ਅਫ਼ਸਰ, ਪੰਜਾਬ ਦੀਆਂ ਹਦਾਇਤਾਂ ਅਨੁਸਾਰ ਵੋਟਰ ਸੂਚੀਆਂ ਸਬੰਧੀ ਦਾਅਵੇ ਅਤੇ ਇਤਰਾਜ਼ 12 ਜਨਵਰੀ 2024 ਤੱਕ ਲਏ ਜਾਣਗੇ। ਇਸ ਤੋਂ ਬਾਅਦ 17 ਜਨਵਰੀ 2024 ਤੱਕ ਵੋਟਰ ਸੂਚੀਆਂ ਦੀ ਮਾਪਦੰਡਾਂ ਦੀ ਜਾਂਚ ਅਤੇ ਕਮਿਸ਼ਨ ਦੀ ਆਗਿਆ ਪ੍ਰਾਪਤ ਕਰਨਾ ਅਤੇ ਸਪਲੀਮੈਂਟਸ ਦੀ ਛਪਾਈ ਕੀਤੀ ਜਾਵੇਗੀ। ਇਸ ਤੋਂ ਬਾਅਦ 22 ਜਨਵਰੀ 2024 ਨੂੰ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾਂ ਕੀਤੀ ਜਾਵੇਗੀ। ਵਧੀਕ ਜ਼ਿਲ੍ਹਾ ਚੋਣ ਅਧਿਕਾਰੀ ਨੇ ਜ਼ਿਲ੍ਹੇ ਦੇ ਸਮੂਹ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ ਨੂੰ ਕਿਹਾ ਹੈ ਕਿ ਡੀ.ਐੱਸ.ਈਜ਼ ਅਤੇ ਪੀ.ਐੱਸ.ਈਜ਼. ਦੇ ਫਾਰਮ ਮਿਤੀ 31 ਦਸੰਬਰ 2023 ਤੱਕ ਜਨਰੇਟ ਕੀਤੇ ਜਾਣ ਅਤੇ ਇਨ੍ਹਾਂ ਦਾ ਨਿਪਟਾਰਾ 12 ਜਨਵਰੀ 2024 ਤੱਕ ਕਰਨਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਇਨ੍ਹਾਂ ਹਦਾਇਤਾਂ ਤੋਂ ਸਮੂਹ ਸੁਪਰਵਾਈਜ਼ਰਾਂ ਅਤੇ ਬੀ.ਐੱਲ.ਓਜ਼. ਨੂੰ ਵੀ ਜਾਣੂ ਕਰਵਾਇਆ ਜਾਵੇ ਅਤੇ ਸ਼ਡਿਊਲ ਅਨੁਸਾਰ ਉਪਰੋਕਤ ਕੰਮਾਂ ਨੂੰ ਨਿਯਤ ਸਮੇਂ ਅੰਦਰ ਪੂਰਾ ਕੀਤਾ ਜਾਵੇ।