ਸੰਤ ਸੀਚੇਵਾਲ ਵੱਲੋਂ ਹਰੀਕੇ ਪੱਤਣ ਵਿਖੇ ਦਰਿਆ ਵਿੱਚ ਪਾਣੀ ਦੇ ਵਹਾਅ ਦਾ ਜਾਇਜ਼ਾ ਲੈਣ ਲਈ ਹਰੀਕੇ ਹੈੱਡ ਵਰਕਸ ਦਾ ਦੌਰਾ

  • ਨਹਿਰੀ ਵਿਭਾਗ ਦੇ ਅਧਿਕਾਰੀਆਂ ਤੋਂ ਪਾਣੀ ਦੇ ਵਹਾਅ ਤੇ ਹਰੀਕੇ ਹੈੱਡ ਵਰਕਸ ਤੋਂ ਡਾਊਨ ਸਟਰੀਮ ਛੱਡੇ ਜਾ ਰਹੀ ਪਾਣੀ ਦੀ ਸਥਿਤੀ ਸਬੰਧੀ ਹਾਸਿਲ ਕੀਤੀ ਜਾਣਕਾਰੀ

ਹਰੀਕੇ ਪੱਤਣ, 11 ਅਗਸਤ : ਰਾਜ ਸਭਾ ਮੈਂਬਰ ਪਦਮ ਸ਼੍ਰੀ ਸੰਤ ਬਲਬੀਰ ਸਿੰਘ ਸੀਚੇਵਾਲ ਵੱਲੋਂ ਅੱਜ ਹਰੀਕੇ ਪੱਤਣ ਵਿਖੇ ਦਰਿਆ ਵਿੱਚ ਪਾਣੀ ਦੇ ਵਹਾਅ ਦਾ ਜਾਇਜ਼ਾ ਲੈਣ ਲਈ ਹਰੀਕੇ ਹੈੱਡ ਵਰਕਸ ਦਾ ਦੌਰਾ ਕੀਤਾ ਗਿਆ। ਇਸ ਮੌਕੇ ਡਿਪਟੀ ਕਮਿਸ਼ਨਰ ਤਰਨ ਤਾਰਨ ਸ਼੍ਰੀਮਤੀ ਬਲਦੀਪ ਕੌਰ ਅਤੇ ਬਿ੍ਰਟਿਸ਼ ਸੰਸਦ ਮੈਂਬਰ ਸ੍ਰੀ ਤਨਮਨਜੀਤ ਸਿੰਘ ਢੇਸੀ ਤੋਂ ਇਲਾਵਾ ਨਹਿਰੀ ਤੇ ਡਰੇਨੇਜ਼ ਵਿਭਾਗ ਦੇ ਅਧਿਕਾਰੀ ਵੀ ਉਹਨਾਂ ਦੇ ਨਾਲ ਸਨ। ਇਸ ਮੌਕੇ ਸੰਤ ਬਲਬੀਰ ਸਿੰਘ ਸੀਚੇਵਾਲ ਵੱਲੋਂ ਨਹਿਰੀ ਵਿਭਾਗ ਦੇ ਅਧਿਕਾਰੀਆਂ ਤੋਂ ਪਾਣੀ ਦੇ ਵਹਾਅ ਤੇ ਹਰੀਕੇ ਹੈੱਡ ਵਰਕਸ ਤੋਂ ਡਾਊਨ ਸਟਰੀਮ ਛੱਡੇ ਜਾ ਰਹੀ ਪਾਣੀ ਦੀ ਸਥਿਤੀ ਸਬੰਧੀ ਜਾਣਕਾਰੀ ਹਾਸਿਲ ਕੀਤੀ ਗਈ । ਉਹਨਾਂ ਦੱਸਿਆ ਕਿ ਪਿਛਲੇ ਦਿਨਾਂ ਵਿੱਚ ਹੜਾਂ ਦੇ ਪਾਣੀ ਨਾਲ ਸੁਲਤਾਨਪੁਰ ਲੋਧੀ ਹਲਕੇ ਦੇ ਪਿੰਡਾਂ ਨੂੰ ਭਾਰੀ ਨੁਕਸਾਨ ਪਹੁੰਚਿਆਂ ਹੈ, ਪਰ ਦਰਿਆ ਵਿੱਚ ਪਾਣੀ ਦਾ ਪੱਧਰ ਘੱਟ ਹੋਣ ਦੇ ਬਾਵਜੂਦ ਅਜੇ ਵੀ ਸੁਲਤਾਨਪੁਰ ਲੋਧੀ ਹਲਕੇ ਦੇ ਪਿੰਡਾਂ ਵਿੱਚ ਪਾਣੀ ਦਾ ਪੱਧਰ ਘੱਟ ਨਹੀਂ ਹੋ ਰਿਹਾ ਅਤੇ ਟਿਊਬਵੈੱਲਾਂ ਰਾਹੀਂ ਪਾਣੀ ਨੂੰ ਕੱਢਿਆ ਜਾ ਰਿਹਾ ਹੈ। ਉਹਨਾਂ ਕਿਹਾ ਕਿ ਜੇਕਰ ਪਹਾੜਾਂ ਵਿੱਚ ਹੋਰ ਬਰਸਾਤ ਹੋ ਜਾਂਦੀ ਹੈ ਤਾਂ ਭਾਖੜਾ ਤੋਂ ਹੋਰ ਪਾਣੀ ਛੱਡੇ ਜਾਣ ਨਾਲ ਹਲਕੇ ਦੇ ਪਿੰਡਾਂ ਨੂੰ ਹੋਰ ਨੁਕਸਾਨ ਪਹੁੰਚ ਸਕਦਾ ਹੈ, ਜੋ ਕਿ ਭਾਰੀ ਚਿੰਤਾ ਦਾ ਵਿਸ਼ਾ ਹੈ। ਉਹਨਾਂ ਨਹਿਰੀ ਵਿਭਾਗ ਦੇ ਮੁਖੀ ਨਾਲ ਗੱਲ ਕਰਦਿਆਂ ਮੌਜੂਦਾ ਸਥਿਤੀ ਤੋਂ ਜਾਣੂ ਕਰਵਾਇਆ ਅਤੇ ਇਸ ਦਾ ਸਥਾਈ ਹੱਲ ਕਰਨ ਲਈ ਕਿਹਾ ਤਾਂ ਜੋ ਸੁਲਤਾਨਪੁਰ ਲੋਧੀ ਹਲਕੇ ਦੇ ਪਿੰਡਾਂ ਨੂੰ ਹੋਣ ਵਾਲੇ ਹੋਰ ਨੁਕਸਾਨ ਤੋਂ ਬਚਾਇਆ ਜਾ ਸਕੇ।