ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਗੁਰਦਾਸਪੁਰ ਵੱਲੋਂ ਨਸ਼ਿਆਂ ਦੇ ਖਾਤਮੇ ਅਤੇ ਨਸ਼ਾ ਪੀੜਤਾਂ ਲਈ ਕਾਨੂੰਨੀ ਸਹਾਇਤਾ ਸਬੰਧੀ ਸੈਮੀਨਾਰ 

ਬਟਾਲਾ, 27 ਸਤੰਬਰ 2024 : ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਦਿਸ਼ਾਂ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਗੁਰਦਾਸਪੁਰ ਵੱਲੋਂ ਸਰਕਾਰੀ ਪੋਲੀਟੈਕਨਿਕ ਕਾਲਜ ਬਟਾਲਾ ਵਿਖੇ ਪ੍ਰਿੰਸੀਪਲ ਦਵਿੰਦਰ ਸਿੰਘ ਭੱਟੀ ਦੀ ਅਗਵਾਈ ਹੇਠ ‘ਨਸ਼ਾ ਵਿਰੋਧੀ’ ਮੁਹਿੰਮ ਤਹਿਤ ਨਸ਼ਿਆਂ ਦੇ ਖਾਤਮੇ ਅਤੇ ਨਸ਼ਾ ਪੀੜਤਾਂ ਲਈ ਕਾਨੂੰਨੀ ਸਹਾਇਤਾ ਸਬੰਧੀ ਸੈਮੀਨਾਰ ਕੀਤਾ ਗਿਆ। ਮੁਖ ਵਕਤਾ ਦੇ ਤੌਰ ਤੇ ਪਹੁੰਚੇ ਪੈਨਲ ਐਡਵੋਕੇਟ ਸੰਦੀਪ ਦੱਤਾ ਨੇ ਇਸ ਪ੍ਰੋਗਰਾਮ ਦੀ ਸ਼ੁਰੂਆਤ ਕਰਦਿਆਂ ਵੱਡੀ ਗਿਣਤੀ ਵਿੱਚ ਹਾਜ਼ਰ ਵਿਦਿਆਰਥੀਆਂ ਅਤੇ ਸਟਾਫ ਨਾਲ ਵਿਚਾਰ ਸਾਂਝੇ ਕੀਤੇ। ਉਹਨਾਂ ਕਿਹਾ ਕਿ ਨਸ਼ਿਆਂ ਦੇ ਖਿਲਾਫ ਵਿੱਢੀ ਗਈ ਮੁਹਿੰਮ ਦੇ ਅੰਤਰਗਤ ਵੱਖ-ਵੱਖ ਵਿਭਾਗਾਂ ਨਾਲ ਤਾਲਮੇਲ ਕਰਕੇ ਨਸ਼ਿਆਂ ਨੂੰ ਜੜ੍ਹ ਤੋਂ ਖ਼ਤਮ ਕਰਨ ਲਈ ਮੁਹਿੰਮ ਚਲਾਈ ਜਾਵੇਗੀ। ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਤਹਿਤ ਪੈਨਲ ਵਕੀਲਾਂ, ਪੈਰਾ ਲੀਗਲ ਵਲੰਟੀਅਰ, ਪਿੰਡਾਂ, ਸਕੂਲਾਂ, ਕਾਲਜਾਂ ਤੋਂ ਇਲਾਵਾ ਜਨਤਕ ਥਾਵਾਂ ਤੇ ਵੱਖ-ਵੱਖ ਸੈਮੀਨਾਰ ਲਗਾ ਕੇ ਆਮ ਜਨਤਾ ਨੂੰ ਨਸ਼ਿਆਂ ਦੇ ਖਿਲਾਫ ਜਾਗਰੂਕ ਕੀਤਾ ਜਾਵੇਗਾ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਨਾਲਸਾ ਸਕੀਮ ਬਾਰੇ ਵੀ ਜਾਣੂ ਕਰਵਾਇਆ। ਉਨਾਂ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵ ਬਾਰੇ ਦੱਸਦਿਆਂ ਹੋਇਆਂ ਟੋਲ ਫਰੀ ਨੰਬਰਾਂ ਬਾਰੇ ਜਾਣਕਾਰੀ ਦਿੱਤੀ। ਇਸ ਮੌਕੇ ਕਾਲਜ ਦੇ ਪ੍ਰਿੰਸੀਪਲ ਦਵਿੰਦਰ ਸਿੰਘ ਭੱਟੀ ਨੇ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਨੁਕਸਾਨ ਤੋਂ ਜਾਣੂ ਕਰਵਾ ਕੇ ਉਹਨਾਂ ਨੂੰ ਕਿਹਾ ਕਿ ਨਸ਼ਾ ਘਰ ਅਤੇ ਸਿਹਤ ਨੂੰ ਜੜ੍ਹੋਂ ਖ਼ਤਮ ਕਰ ਦਿੰਦਾ ਹੈ। ਉਨ੍ਹਾਂ ਨੇ ਵਿਦਿਆਥੀਆਂ ਨੂੰ ਆਪਣਾ ਜੀਵਨ ਸੁਚੱਜੇ ਢੰਗ ਨਾਲ ਜਿਊਣ ਬਾਰੇ ਪ੍ਰੇਰਿਤ ਕੀਤਾ ਗਿਆ। ਇਸ ਮੌਕੇ ਮੁਖੀ ਵਿਭਾਗ ਰਾਜਦੀਪ ਸਿੰਘ ਬੱਲ, ਸ਼ਿਵ ਰਾਜਨ ਪੁਰੀ, ਮੈਡਮ ਰੇਖਾ ਅਤੇ ਪਲੇਸਮੈਂਟ ਅਫਸਰ ਜਸਬੀਰ ਸਿੰਘ ਨੇ ਵੀ ਵਿਦਿਾਰਥੀਆਂ ਨਾਲ ਆਪਣੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਉਹ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਗੁਰਦਾਸਪੁਰ ਨਾਲ ਰਲ਼ ਕੇ ਵਿਦਿਆਰਥੀਆਂ ਅਤੇ ਆਮ ਜਨਤਾ ਨੂੰ ਨਸ਼ਿਆਂ ਤੋਂ ਦੂਰ ਰਹਿਣ ਬਾਰੇ ਕਾਉਂਸਲਿੰਗ ਕਰਕੇ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕਰਨਗੇ। ਉਨ੍ਹਾਂ ਕਿਹਾ ਕਿ ਸਾਨੂੰ ਉਮੀਦ ਹੈ ਕਿ ਇਹ ਮੁਹਿੰਮ ਨਸ਼ਿਆਂ ਦੀ ਰੋਕਥਾਮ ਲਈ ਇੱਕ ਵੱਡਾ ਕਦਮ ਸਾਬਿਤ ਹੋਵੇਗੀ। ਸੈਮੀਨਾਰ ਦੇ ਅੰਤ ਵਿੱਚ ਪ੍ਰਿੰਸੀਪਲ ਦਵਿੰਦਰ ਸਿੰਘ ਭੱਟੀ ਨੇ  ਸਮੂਹ ਸਟਾਫ ਨਾਲ ਐਡਵੋਕੇਟ ਸੰਦੀਪ ਦੱਤਾ ਨੁੰ ਸਨਮਾਨ ਚਿੰਨ੍ਹ ਭੇਂਟ ਕਰਦਿਆਂ ਉਨ੍ਹਾਂ ਦਾ ਧੰਨਵਾਦ ਕੀਤਾ।