21 ਦਸੰਬਰ ਨੂੰ ਗੁਰਦਾਸਪੁਰ ਤੋਂ ਰਵਾਨਾ ਹੋਵੇਗੀ ਤੀਰਥ ਯਾਤਰਾ ਲਈ ਵਿਸ਼ੇਸ਼ ਬੱਸ : ਰਮਨ ਬਹਿਲ

ਗੁਰਦਾਸਪੁਰ, 20 ਦਸੰਬਰ : ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਤੀਰਥ ਯਾਤਰਾ ਯੋਜਨਾ ਤਹਿਤ 21 ਦਸੰਬਰ ਨੂੰ ਗੁਰਦਾਸਪੁਰ ਤੋਂ ਧਾਰਮਿਕ ਅਸਥਾਨ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਸ੍ਰੀ ਅਨੰਦਪੁਰ ਸਾਹਿਬ ਅਤੇ ਅੰਮਿ੍ਰਤਸਰ ਵਿਖੇ ਸ੍ਰੀ ਦਰਬਾਰ ਸਾਹਿਬ ਦੇ ਦਰਸ਼ਨਾਂ ਲਈ ਵਿਸ਼ੇਸ਼ ਬੱਸ ਰਵਾਨਾ ਹੋਵੇਗੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਨੇ ਦੱਸਿਆ ਕਿ ਗੁਰਦਾਸਪੁਰ ਤੋਂ ਇਹ ਯਾਤਰੂ ਬੱਸ ਸਵੇਰੇ 8:30 ਵਜੇ ਰਵਾਨਾ ਹੋਵੇਗੀ ਅਤੇ ਇਸ ਬੱਸ ਵਿੱਚ ਕੁੱਲ 43 ਯਾਤਰੂ ਧਾਰਮਿਕ ਅਸਥਾਨਾਂ ਦੇ ਦਰਸ਼ਨਾਂ ਨੂੰ ਜਾਣਗੇ। ਸ੍ਰੀ ਰਮਨ ਬਹਿਲ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਿਰਧਾਰਿਤ ਸਮਾਂ ਸਾਰਣੀ ਅਨੁਸਾਰ ਪੰਜਾਬ ਦੇ ਹਰੇਕ ਹਲਕੇ ਵਿੱਚੋਂ ਬੱਸਾਂ ਅਤੇ ਰੇਲ ਗੱਡੀਆਂ ਰਾਹੀਆਂ ਪੰਜਾਬ ਤੇ ਦੇਸ਼ ਦੇ ਵੱਖ-ਵੱਖ ਰਾਜਾਂ ਵਿੱਚ ਸਥਿਤ ਧਾਰਮਿਕ ਅਸਥਾਨਾਂ ਦੀ ਸ਼ਰਧਾਲੂਆਂ ਨੂੰ ਮੁਫ਼ਤ ਯਾਤਰਾ ਕਰਵਾਉਣ ਦੀ ਯੋਜਨਾ ਨੂੰ ਆਰੰਭਿਆ ਗਿਆ ਹੈ, ਜਿਸ ਤਹਿਤ ਭਲਕੇ ਗੁਰਦਾਸਪੁਰ ਤੋਂ ਦੂਸਰੀ ਬੱਸ ਰਵਾਨਾ ਹੋਵੇਗੀ। ਉਨਾਂ ਕਿਹਾ ਕਿ ਪੰਜਾਬ ਸਰਕਾਰ ਦਾ ਇਹ ਇੱਕ ਅਗਾਂਹਵਧੂ ਉਪਰਾਲਾ ਹੈ ਜਿਸ ਨੂੰ ਸੂਬੇ ਭਰ ਵਿੱਚੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਉਨਾਂ ਕਿਹਾ ਕਿ ਜਿਹੜੇ ਲੋਕ ਕਿਸੇ ਕਾਰਨਾਂ ਕਰਕੇ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਤੋਂ ਵਾਂਝੇ ਰਹਿ ਜਾਂਦੇ ਸਨ ਉਨਾਂ ਲਈ ਇਹ ਤੀਰਥ ਯਾਤਰਾ ਯੋਜਨਾ ਵਰਦਾਨ ਸਾਬਤ ਹੋਵੇਗੀ।