ਅੰਤਰ-ਰਾਸ਼ਟਰੀ ਬਜ਼ੁਰਗ ਦਿਵਸ ਮੌਕੇ 80 ਸਾਲ ਤੋਂ ਵੱਧ ਉਮਰ ਦੇ ਵੋਟਰਾਂ ਦਾ ਵਿਸ਼ੇਸ਼ ਸਨਮਾਨ

ਬਟਾਲਾ, 1 ਅਕਤੂਬਰ : ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਵੱਲੋਂ ਅੱਜ ਅੰਤਰ-ਰਾਸ਼ਟਰੀ ਬਜ਼ੁਰਗ ਦਿਵਸ ਪੂਰੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਭਾਰਤ ਚੋਣ ਕਮਿਸ਼ਨ ਦੇ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਚੋਣ ਦਫ਼ਤਰ  ਵੱਲੋਂ 80 ਸਾਲ ਤੋਂ ਵੱਧ ਉਮਰ ਦੇ ਸਾਰੇ ਸੀਨੀਅਰ ਸਿਟੀਜ਼ਨ ਵੋਟਰਾਂ ਨੂੰ ਚੋਣ ਪ੍ਰੀਕ੍ਰਿਆ ਅਤੇ ਭਾਰਤੀ ਲੋਕਤੰਤਰ ਨੂੰ ਮਜ਼ਬੂਤ ਕਰਨ ਲਈ ਪਾਏ ਗਏ ਲਗਾਤਾਰ ਯੋਗਦਾਨ ਲਈ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਗੱਲ ਕਰਦਿਆਂ ਡਾ ਸ਼ਾਇਰੀ ਭੰਡਾਰੀ, ਐਸਡੀਐਮ ਬਟਾਲਾ ਨੇ ਦੱਸਿਆ ਕਿ ਜਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਡਾ ਹਿਮਾਂਸ਼ੂ ਅਗਰਵਾਲ ਦੀ ਅਗਵਾਈ ਹੇਠ ਵਿਧਾਨ ਸਭਾ ਹਲਕੇ ਵਿੱਚ ਸੈਕਟਰ ਪੱਧਰ ਅਤੇ ਬੂਥ ਪੱਧਰ ’ਤੇ ਵੀ ਵਿਸ਼ੇਸ਼ ਪ੍ਰੋਗਰਾਮ ਕੀਤੇ ਗਏ ਸਨ। ਉਨ੍ਹਾਂ ਦੱਸਿਆ ਕਿ ਬੂਥ ਪੱਧਰ ’ਤੇ ਹਰੇਕ ਬੀ.ਐੱਲ.ਓ. ਵੱਲੋਂ ਘਰ-ਘਰ ਜਾ ਕੇ 80 ਸਾਲ ਤੋਂ ਵੱਧ ਉਮਰ ਦੇ ਵੋਟਰਾਂ ਨੂੰ ਪ੍ਰਸੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਬੂਥ ਨੰਬਰ 63,ਨੇੜੇ ਨਹਿਰੂ ਗੇਟ, ਠਠਿਆਰੀ ਮੁਹੱਲਾ, ਠਠਿਆਰੀ ਗੇਟ ਤੇ ਓਹਰੀ ਗੇਟ ਆਦਿ ਵਿਖੇ ਸਮਾਗਮ ਕਰਵਾਏ ਗਏ। ਐਸਡੀਐਮ ਨੇ ਅੱਗੇ ਕਿਹਾ ਕਿ ਸਾਡੇ ਬਜ਼ੁਰਗਾਂ ਨੇ ਜੀਵਨ ਭਰ ਚੋਣ ਪ੍ਰੀਕ੍ਰਿਆ ਅਤੇ ਭਾਰਤੀ ਲੋਕਤੰਤਰ ਨੂੰ ਮਜ਼ਬੂਤ ਕਰਨ ਲਈ ਬਹੁਤ ਵੱਡਾ ਯੋਗਦਾਨ ਪਾਇਆ ਹੈ। ਉਨ੍ਹਾਂ ਕਿਹਾ ਕਿ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਤਹਿਤ ਅੱਜ ਅੰਤਰ-ਰਾਸ਼ਟਰੀ ਬਜ਼ੁਰਗ ਦਿਵਸ ਮੌਕੇ ਇਨ੍ਹਾਂ ਸਾਰੇ ਬਜ਼ੁਰਗਾਂ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕਰਨ ਦਾ ਪ੍ਰੋਗਰਾਮ ਰੱਖਿਆ ਗਿਆ ਹੈ। ਇਸ ਮੌਕੇ ਜਸਬੀਰ ਸਿੰਘ ਸੈਕਟਰ ਅਫਸਰ ਅਤੇ ਬੀਐਲਓਜ ਮੋਜੂਦ ਸਨ।