ਸੂਬਾ ਸਰਕਾਰ ਹੜ੍ਹਾ ਚ ਹੋਏ ਲੋਕਾਂ ਦੇ ਨੁਕਸਾਨ ਦੀ ਸਾਰੀ ਭਰਪਾਈ ਕਰੇਗੀ : ਮੀਤ ਹੇਅਰ

  • ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਪਿੰਡ ਪੱਧਰ ‘ਤੇ ਬਣਾਈਆਂ ਜਾਣਗੀਆਂ ਖੇਡ ਗਰਾਊਂਡਾਂ-ਖੇਡ ਮੰਤਰੀ
  • ਰਾਜ ਵਿੱਚ ਨਸ਼ਿਆਂ ਦੀ ਭਿਆਨਕ ਬੁਰਾਈ ਦੇ ਖਾਤਮੇ ਲਈ ਨੌਜਵਾਨਾਂ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕਰਨ ਦੀ ਲੋੜ
  • ਸਰਕਾਰ ਵੱਲੋਂ ਪੰਜਾਬ ਨੂੰ ਖੇਡਾਂ ਵਿੱਚ ਦੇਸ਼ ਦਾ ਨੰਬਰ ਇੱਕ ਸੂਬਾ ਬਣਾਉਣ ਲਈ ਬਣਾਈ ਗਈ ਨਵੀਂ ਖੇਡ ਨੀਤੀ
  • ਜ਼ਿਲ੍ਹਾ ਤਰਨ ਤਾਰਨ ਵਿੱਚ ਚੱਲ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਣ ਲਈ ਸਮੂਹ ਅਧਿਕਾਰੀਆਂ ਨਾਲ ਕੀਤੀ ਵਿਸ਼ੇਸ ਮੀਟਿੰਗ

ਤਰਨ ਤਾਰਨ, 04 ਅਗਸਤ : ਜ਼ਿਲ੍ਹਾ ਤਰਨ ਤਾਰਨ ਵਿੱਚ ਚੱਲ ਰਹੀਆਂ ਵੱਖ-ਵੱਖ ਸਰਕਾਰੀ ਸਕੀਮਾਂ ਤੇ ਵਿਕਾਸ ਕੰਮਾਂ ਦਾ ਜਾਇਜ਼ਾ ਲੈਣ ਲਈ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹਾ ਅਧਿਕਾਰੀਆਂ ਨਾਲ ਕੀਤੀ ਵਿਸ਼ੇਸ ਮੀਟਿੰਗ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਪੰਜਾਬ ਸ੍ਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਸਮੂਹ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਸਕੀਮਾਂ ਦਾ ਲਾਭ ਹਰ ਇੱਕ ਲੋੜਵੰਦ ਵਿਅਤਕੀ ਤੱਕ ਪਹੁੰਚਾਉਣਾ ਯਕੀਨੀ ਬਣਾਇਆ ਜਾਵੇ ਅਤੇ ਜ਼ਿਲ੍ਹੇ ਵਿੱਚ ਵਿਕਾਸ ਕਾਰਜਾਂ ਲਈ ਆਉਣ ਵਾਲੀਆਂ ਗ੍ਰਾਂਟਾਂ ਦੀ ਵਰਤੋਂ ਸਮੇਂ-ਸਿਰ ਯਕੀਨੀ ਬਣਾਕੇ ਵਿਕਾਸ ਕੰਮਾਂ ਨੂੰ ਤਹਿ ਸਮੇਂ ਵਿੱਚ ਮੁਕੰਮਲ ਕਰਨਾ ਯਕੀਨੀ ਬਣਾਇਆ ਜਾਵੇ। ਮੀਟਿੰਗ ਨੂੰ ਸੰਬੋਧਨ ਕਰਿਦਆਂ ਕੈਬਨਿਟ ਮੰਤਰੀ ਸ੍ਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਰਾਜ ਵਿੱਚ ਹੜਾਂ ਕਾਰਨ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਲਈ ਸਪੈਸ਼ਲ ਗਿਰਦਾਵਰੀ ਦਾ ਕੰਮ ਸ਼ੂਰੂ ਕੀਤਾ ਗਿਆ ਹੈ ਅਤੇ ਗਿਰਦਾਵਰੀ ਮੁਕੰਮਲ ਹੋਣ ‘ਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਲੋਕਾਂ ਦੇ ਹੜ੍ਹਾਂ ਕਾਰਨ ਹੋਏ ਕਿਸੇ ਵੀ ਤਰ੍ਹਾਂ ਦੇ ਨੁਕਸਾਨ ਦੀ ਹਰ ਸੰਭਵ ਭਰਪਾਈ ਕੀਤੀ ਜਾਵੇਗੀ। ਇਸ ਮੌਕੇ ਕੈਬਨਿਟ ਮੰਤਰੀ ਪੰਜਾਬ ਸ੍ਰੀ ਲਾਲਜੀਤ ਸਿੰਘ ਭੁੱਲਰ, ਹਲਕਾ ਵਿਧਾਇਕ ਤਰਨ ਤਾਰਨ ਡਾ. ਕਸ਼ਮੀਰ ਸਿੰਘ ਸੋਹਲ, ਹਲਕਾ ਵਿਧਾੲਕਿ ਖੇਮਕਰਨ ਸ੍ਰੀ ਸਰਵਨ ਸਿੰਘ ਧੁੰਨ, ਸ੍ਰੀ ਦਲਬੀਰ ਸਿੰਘ ਟੌਂਗ ਹਲਕਾ ਵਿਧਾਇਕ ਬਾਬਾ ਬਕਾਲਾ, ਡਿਪਟੀ ਕਮਿਸ਼ਨਰ ਸ਼੍ਰੀਮਤੀ ਬਲਦੀਪ ਕੌਰ ਅਤੇ ਐੱਸ. ਐੱਸ. ਪੀ. ਸ੍ਰੀ ਗੁਰਮੀਤ ਸਿੰਘ ਚੌਹਾਨ ਤੋਂ ਇਲਾਵਾ ਸਮੂਹ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ। ਕੈਬਨਿਟ ਮੰਤਰੀ ਨੇ ਕਿਹਾ ਕਿ ਸਰਕਾਰ ਵੱਲੋਂ ਪੰਜਾਬ ਨੂੰ ਖੇਡਾਂ ਵਿੱਚ ਦੇਸ਼ ਦਾ ਨੰਬਰ ਇਕ ਸੂਬਾ ਬਣਾਉਣ ਲਈ ਨਵੀਂ ਖੇਡ ਨੀਤੀ ਬਣਾਈ ਗਈ ਹੈ। ਉਹਨਾਂ ਕਿਹਾ ਕਿ ਖੇਡਾਂ ਵਿੱਚ ਨਾਮਣਾ ਕਮਾਉਣ ਵਾਲੇ ਖਿਡਾਰੀਆਂ ਨੂੰ ਸਰਕਾਰ ਵੱਲੋਂ ਹਰ ਤਰ੍ਹਾਂ ਨਾਲ ਉਤਸ਼ਾਹਿਤ ਕੀਤਾ ਜਾਵੇਗਾ।ਉਹਨਾਂ ਕਿਹਾ ਕਿ ਓਲੰਪਿਕ ਖੇਡਾਂ ਦੇ ਸੋਨੇ, ਚਾਂਦੀ ਤੇ ਕਾਂਸੀ ਦੇ ਮੈਡਲ ਜੇਤੂਆਂ ਦੀ ਮੌਜੂਦਾ ਇਨਾਮ ਰਾਸ਼ੀ ਕ੍ਰਮਵਾਰ 2.25 ਕਰੋੜ, ਡੇਢ ਕਰੋੜ ਰੁਪਏ ਤੇ ਇੱਕ ਕਰੋੜ ਰੁਪਏ ਤੋਂ ਵਧਾ ਕੇ ਕ੍ਰਮਵਾਰ 3 ਕਰੋੜ, 2 ਕਰੋੜ ਤੇ ਇੱਕ ਕਰੋੜ ਕਰਨ ਦਾ ਫੈਸਲਾ ਕੀਤਾ ਗਿਆ ਹੈ। ਮੀਤ ਹੇਅਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਿੰਡਾਂ ਦੇ ਨੌਜਵਾਨਾਂ ਨੂੰ ਵੱਧ ਤੋਂ ਵੱਧ ਖੇਡਾਂ ਨਾਲ ਜੋੜਨ ਲਈ ਪਿੰਡ ਪੱਧਰ ‘ਤੇ ਖੇਡ ਗਰਾਊਂਡਾਂ ਬਣਾਈਆਂ ਜਾ ਰਹੀਆਂ ਹਨ। ਉਹਨਾਂ ਮੀਟਿੰਗ ਵਿੱਚ ਹਾਜ਼ਰ ਜਨਤਕ ਨੁਮਾਇੰਦਿਆਂ ਨੂੰ ਅਪੀਲ ਕੀਤੀ ਕਿ ਰਾਜ ਵਿੱਚ ਨਸ਼ਿਆਂ ਦੀ ਭਿਆਨਕ ਬੁਰਾਈ ਦੇ ਖਾਤਮੇ ਲਈ ਨੌਜਵਾਨਾਂ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕੀਤਾ ਜਾਵੇ। ਉਹਨਾਂ ਕਿਹਾ ਕਿ ਨਸ਼ਿਆਂ ਨੂੰ ਠੱਲ ਪਾਉਣ ਲਈ ਲੋਕ ਲਹਿਰ ਬਹੁਤ ਜ਼ਰੂਰੀ ਹੈ, ਉਹਨਾਂ ਕਿਹਾ ਕਿ ਇਸ ਭਿਆਨਕ ਸਮਾਜਿਕ ਬੁਰਾਈ ਦੇ ਖਾਤਮੇ ਲਈ ਲੋਕਾਂ ਦਾ ਸਹਿਯੋਗ ਬਹੁਤ ਜ਼ਰੂਰੀ ਹੈ।ਉਹਨਾਂ ਪੁਲਿਸ ਵਿਭਾਗ ਦੇ ਅਧਿਕਾਰੀਆਂ ਤੇ ਜਨਤਕ ਨੁਮਾਇੰਦਿਆਂ ਨੰੁ ਕਿਹਾ ਕਿ ਨਸ਼ਿਆਂ ਵਿਰੁੱਧ ਪਿੰਡ ਪੱਧਰ ‘ਤੇ ਲੋਕਾਂ ਨੂੰ ਲਾਮਬੰਦ ਕੀਤਾ ਜਾਵੇ।ਉਹਨਾਂ ਕਿਹਾ ਕਿ ਪਿੰਡਾਂ ਵਿੱਚ ਪੰਚਾਇਤਾਂ ਨੂੰ ਨਾਲ ਲੈ ਕੇ ਪਿੰਡ ਪੱਧਰ ‘ਤੇ ਕਮੇਟੀਆਂ ਬਣਾਈਆਂ ਜਾਣ ਤਾਂ ਜੋ ਕੋਈ ਪਿੰਡਾਂ ਵਿੱਚ ਨਸ਼ਾਂ ਨਾ ਵੇਚ ਸਕੇ। ਇਸ ਮੌਕੇ ਡਿਪਟੀ ਕਮਿਸ਼ਨਰ ਤਰਨ ਤਾਰਨ ਸ਼੍ਰੀਮਤੀ ਬਲਦੀਪ ਕੌਰ ਨੇ ਕੈਬਨਿਟ ਮੰਤਰੀ ਨੂੰ ਭਰੋਸਾ ਦਿਵਾਇਆ ਕਿ ਜ਼ਿਲ੍ਹੇ ਵਿੱਚ ਸਰਕਾਰ ਵੱਲੋਂ ਚਲਾਏ ਜਾ ਰਹੇ ਪ੍ਰੋਗਰਾਮਾਂ ਪੂਰੀ ਪਾਰਦਰਸ਼ਤਾ ਨਾਲ ਲਾਗੂ ਕਰਨਾ ਯਕੀਨੀ ਬਣਾਇਆ ਜਾਵੇਗਾ ਅਤੇ ਵਿਕਾਸ ਕਾਰਜਾਂ ਨੂੰ ਸਮੇਂ ਸਿਰ ਮੁਕੰਮਲ ਕੀਤਾ ਜਾਵੇਗਾ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ਼੍ਰੀਮਤੀ ਅਮਨਿੰਦਰ ਕੌਰ, ਐੱਸ. ਡੀ. ਐੱਮ. ਤਰਨ ਤਾਰਨ ਸ੍ਰੀ ਰਜਨੀਸ਼ ਅਰੋੜਾ, ਐੱਸ. ਡੀ. ਐੱਮ. ਪੱਟੀ ਸ੍ਰੀ ਵਿਪਨ ਭੰਡਾਰੀ, ਐੱਸ. ਡੀ. ਐੱਮ. ਖਡੂਰ ਸਾਹਿਬ ਸ੍ਰੀ ਦੀਪਕ ਭਾਟੀਆ, ਐੱਸ. ਡੀ. ਐੱਮ. ਭਿੱਖੀਵਿੰਡ ਸ੍ਰੀ ਅਨਿਲ ਗੁਪਤਾ ਅਤੇ ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ ਤੋਂ ਇਲਾਵਾ ਸ੍ਰੀ ਜਸਬੀਰ ਸਿੰਘ ਪ੍ਰਬੰਧਕੀ ਡਾਇਰੈਕਟਰ ਪਾਵਰਕਾੱਮ, ਸ੍ਰੀ ਗੁਰਵਿੰਦਰ ਸਿੰਘ ਬਹਿਲਵਾੜ ਚੇਅਰਮੈਨ ਜ਼ਿਲ੍ਹਾ ਯੋਜਨਾ ਕਮੇਟੀ, ਸ੍ਰੀ ਰਜਿੰਦਰ ਸਿੰਘ ਉਸਮਾਂ ਚੇਅਰਮੈਨ ਇੰਪਰੂਵਮੈਂਟ ਟਰੱਸਟ, ਸ੍ਰੀ ਦਿਲਬਾਗ਼ ਸਿੰਘ ਚੇਅਰਮੈਨ ਮਾਰਕੀਟ ਕਮੇਟੀ ਅਤੇ ਸਮੂਹ ਵਿਭਾਗਾਂ ਦੇ ਅਧਿਕਾਰੀ ਤੇ ਪਤਵੰਤੇ ਵੀ ਹਾਜ਼ਰ ਸਨ।