ਪੰਜਾਬ ਪੁਲਿਸ ਦੇ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਨੇ 12 ਕਿਲੋ ਹੈਰੋਇਨ ਸਣੇ ਇੱਕ ਮੁਲਜ਼ਮ ਨੂੰ ਕੀਤਾ ਕਾਬੂ 

ਅੰਮ੍ਰਿਤਸਰ, 23 ਅਕਤੂਬਰ : ਪੰਜਾਬ ਪੁਲਿਸ ਦੇ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਨੂੰ ਉਸ ਸਮੇਂ ਵੱਡੀ ਸਫਲਤਾ ਹਾਸਿਲ ਹੋਈ ਜਦੋਂ ਉਨ੍ਹਾਂ ਨੇ ਇੱਕ ਨਸ਼ਾ ਤਸਕਰ ਨੂੰ ਵੱਡੀ ਹੈਰੋਇਨ ਦੀ ਖੇਪ ਨਾਲ ਕਾਬੂ ਕੀਤਾ। ਮਿਲੀ ਜਾਣਕਾਰੀ ਮੁਤਾਬਿਕ ਪੰਜਾਬ ਪੁਲਿਸ ਦੇ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਨੇ 12 ਕਿਲੋ ਹੈਰੋਇਨ ਸਣੇ ਇੱਕ ਮੁਲਜ਼ਮ ਨੂੰ ਕਾਬੂ ਕੀਤਾ ਗਿਆ ਹੈ। ਇਸ ਸਬੰਧੀ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਟਵੀਟ ਕਰ ਇਸਦੀ ਜਾਣਕਾਰੀ ਦਿੱਤੀ ਹੈ। ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਸਰਹੱਦ ਪਾਰ ਨਸ਼ੀਲੇ ਪਦਾਰਥਾਂ ਦੇ ਨੈੱਟਵਰਕ ਨੂੰ ਵੱਡਾ ਝਟਕਾ ਲੱਗਿਆ। ਐਸਐਸਓਸੀ ਅੰਮ੍ਰਿਤਸਰ ਨੇ ਸਰਹੱਦ ਪਾਰ ਹੈਰੋਇਨ ਦੀ ਤਸਕਰੀ ਕਰਨ ਵਾਲੇ ਰੈਕੇਟ ਦਾ ਪਰਦਾਫਾਸ਼ ਕੀਤਾ ਹੈ ਅਤੇ ਇੱਕ ਵਿਅਕਤੀ ਨੂੰ ਗ੍ਰਿਫਤਾਰ ਕਰਕੇ 12 ਕਿਲੋ ਹੈਰੋਇਨ ਬਰਾਮਦ ਕੀਤੀ ਹੈ। ਮਾਮਲੇ ਸਬੰਧੀ ਪੁਲਿਸ ਨੇ ਦੱਸਿਆ ਕਿ ਗ੍ਰਿਫਤਾਰ ਕੀਤੇ ਗਏ ਵਿਅਕਤੀ ਦੇ ਨਸ਼ਾ ਤਸਕਰ ਰਣਜੀਤ ਸਿੰਘ, ਜਿਸਨੂੰ ਚੀਤਾ ਵੀ ਕਿਹਾ ਜਾਂਦਾ ਹੈ, ਨਾਲ ਸਿੱਧੇ ਸਬੰਧ ਸਨ, ਜਿਸ ਨੂੰ ਮਈ 2020 ਵਿੱਚ ਫੜਿਆ ਗਿਆ ਸੀ। ਚੀਤਾ ਜੂਨ 2019 ਵਿੱਚ ਅਟਾਰੀ ਵਿੱਚ ਇੰਟੈਗਰੇਟਿਡ ਚੈੱਕ ਪੋਸਟ 'ਤੇ ਕਸਟਮ ਅਧਿਕਾਰੀਆਂ ਦੁਆਰਾ 532 ਕਿਲੋਗ੍ਰਾਮ ਹੈਰੋਇਨ ਦੀ ਵੱਡੀ ਮਾਤਰਾ ਵਿੱਚ ਜ਼ਬਤ ਕਰਨ ਦੇ ਮਾਮਲੇ ਵਿੱਚ ਭਗੌੜਾ ਸੀ।