ਤਰਨ ਤਾਰਨ, 02 ਜਨਵਰੀ : ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਸੰਦੀਪ ਕੁਮਾਰ ਨੇ ਕਿਹਾ ਕਿ ਜ਼ਿਲ੍ਹੇ ਵਿੱਚ ਪੈਟਰੋਲ ਅਤੇ ਡੀਜ਼ਲ ਦੀ ਸਪਲਾਈ ਨੂੰ ਲੈ ਕੇ ਚਿੰਤਾ ਕਰਨ ਦੀ ਕੋਈ ਲੋੜ ਨਹੀਂ ਹੈ, ਕਿਉਂਕਿ ਪ੍ਰਸ਼ਾਸਨ ਵੱਲੋਂ ਸਾਰੀ ਸਥਿਤੀ `ਤੇ ਨੇੜਿਓਂ ਨਜ਼ਰ ਰੱਖੀ ਜਾ ਰਹੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਪੈਟਰੋਲ ਅਤੇ ਡੀਜ਼ਲ ਦੀ ਸਪਲਾਈ ਯਕੀਨੀ ਬਣਾਈ ਜਾਵੇਗੀ ਅਤੇ ਲੋਕ ਕਿਸੇ ਵੀ ਤਰ੍ਹਾਂ ਦੀ ਘਬਰਾਹਟ ਵਿੱਚ ਆ ਕੇ ਖਰੀਦਦਾਰੀ ਕਰਨ ਨਾ ਜਾਣ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੰਪਨੀਆਂ ਨੂੰ ਪੈਟਰੋਲ ਪੰਪਾਂ ਨੂੰ ਸਪਲਾਈ ਦੀ ਸਹੂਲਤ ਦੇਣ ਲਈ ਹਰ ਤਰ੍ਹਾਂ ਦਾ ਸਹਿਯੋਗ ਦਿੱਤਾ ਜਾਵੇਗਾ।ਉਹਨਾਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਇਸ ਮਸਲੇ ਨੂੰ ਜਲਦ ਹੱਲ ਕਰਨ ਲਈ ਸਮਰੱਥ ਅਧਿਕਾਰੀਆਂ ਅਤੇ ਹੜਤਾਲੀ ਟਰਾਂਸਪੋਰਟਰਾਂ ਨਾਲ ਗੱਲਬਾਤ ਕੀਤੀ ਜਾ ਰਹੀ ਹੈ।ਡਿਪਟੀ ਕਮਿਸ਼ਨਰ ਨੇ ਇਹ ਵੀ ਚਿਤਾਵਨੀ ਦਿੱਤੀ ਕਿ ਪੈਟਰੋਲ ਪੰਪਾਂ ਜਾਂ ਕਿਸੇ ਵੀ ਵਿਅਕਤੀ ਵੱਲੋਂ ਕਿਸੇ ਵੀ ਤਰ੍ਹਾਂ ਦੀ ਜਮ੍ਹਾਖੋਰੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ ਸਿਰਫ਼ ਤੇਲ ਹੀ ਨਹੀਂ, ਹੋਰ ਜ਼ਰੂਰੀ ਵਸਤਾਂ ਜਿਵੇਂ ਐਲ. ਪੀ. ਜੀ. ਅਤੇ ਦਵਾਈਆਂ ਦੀ ਸਪਲਾਈ ਵਿੱਚ ਵੀ ਕੋਈ ਰੁਕਾਵਟ ਨਹੀਂ ਆਉਣ ਦਿੱਤੀ ਜਾਵੇਗੀ।ਉੁਨ੍ਹਾਂ ਕਿਹਾ ਕਿ ਅਫਵਾਹਾਂ ਰਾਹੀਂ ਦਹਿਸ਼ਤ ਫੈਲਾਉਣ ਵਾਲੇ ਵਿਅਕਤੀਆਂ ਨਾਲ ਸਖ਼ਤੀ ਨਾਲ ਨਿਪਟਿਆ ਜਾਵੇਗਾ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪੁਲਿਸ ਨੂੰ ਵੀ ਪੈਟਰੋਲ ਪੰਪਾਂ `ਤੇ ਗਸ਼ਤ ਵਧਾਉਣ ਦੀ ਤਾਕੀਦ ਕੀਤੀ ਗਈ ਹੈ ਤਾਂ ਜੋ ਉਥੇ ਗੜਬੜ ਵਰਗੀ ਸਥਿਤੀ ਨਾ ਬਣੇ ਅਤੇ ਅਮਨ-ਕਾਨੂੰਨ ਕਾਇਮ ਰੱਖਿਆ ਜਾ ਸਕੇ।ਉਨ੍ਹਾਂ ਕਿਹਾ ਕਿ ਐਮਰਜੈਂਸੀ ਸੇਵਾਵਾਂ ਜਿਵੇਂ ਐਂਬੂਲੈਂਸਾਂ ਅਤੇ ਹੋਰਾਂ ਲਈ, ਕਿਸੇ ਵੀ ਅਣਚਾਹੀ ਸਥਿਤੀ ਨੂੰ ਰੋਕਣ ਲਈ ਲੋੜੀਂਦੀ ਮਾਤਰਾ ਵਿੱਚ ਸਟਾਕ ਰਾਖਵਾਂ ਰੱਖਿਆ ਗਿਆ ਹੈ। ਇਸ ਮੌਕੇ ਐੱਸ. ਡੀ. ਐੱਮ. ਪੱਟੀ ਸ੍ਰੀ ਰਾਜੇਸ਼ ਸ਼ਰਮਾ, ਐੱਸ. ਡੀ. ਐੱਮ. ਖਡੂਰ ਸਾਹਿਬ ਸ੍ਰੀ ਸਚਿਨ ਪਾਠਕ ਅਤੇ ਐੱਸ. ਡੀ. ਐੱਮ. ਤਰਨ ਤਾਰਨ ਸ੍ਰੀ ਸਿਮਰਨਦੀਪ ਸਿੰਘ ਅਤੇ ਹੋਰ ਅਧਿਕਾਰੀ ਵੀ ਮੌਜੂਦ ਸਨ।