ਆਪ ਦੀ ਸਰਕਾਰ, ਆਪ ਦੇ ਦੁਆਰ” ਮੁਹਿੰਮ ਤਹਿਤ ਅੱਜ ਤੀਸਰੇ ਦਿਨ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿੱਚ ਲੱਗੇ 17 ਵਿਸ਼ੇਸ਼ ਕੈਂਪ

  • ਲੋਕ ਵੱਡੀ ਪੱਧਰ ’ਤੇ ਇਨ੍ਹਾਂ ਕੈਂਪਾਂ ਵਿੱਚ ਸ਼ਾਮਲ ਹੋ ਕੇ ਉਠਾ ਰਹੇ ਹਨ ਸਰਕਾਰ ਦੀਆਂ ਭਲਾਈ ਯੋਜਨਾਵਾਂ ਦਾ ਲਾਭ

ਤਰਨ ਤਾਰਨ, 09 ਫਰਵਰੀ : “ਆਪ ਦੀ ਸਰਕਾਰ, ਆਪ ਦੇ ਦੁਆਰ” ਪ੍ਰੋਗਰਾਮ ਤਹਿਤ ਅੱਜ ਤੀਜੇ ਦਿਨ ਵੀ ਜ਼ਿਲ੍ਹਾ ਤਰਨ ਤਾਰਨ ਦੇ ਪਿੰਡਾਂ ਤੇ ਸ਼ਹਿਰਾਂ ਵਿੱਚ 17 ਵਿਸ਼ੇਸ਼ ਕੈਂਪ ਲਗਾਏ ਜਿੰਨ੍ਹਾਂ ਵਿੱਚ ਵੱਡੀ ਗਿਣਤੀ ਵਿੱਚ ਆਮ ਲੋਕਾਂ ਨੇ ਸ਼ਾਮਲ ਹੋ ਕੇ ਪੰਜਾਬ ਸਰਕਾਰ ਦੀਆਂ ਭਲਾਈ ਯੋਜਨਾਵਾਂ ਦਾ ਲਾਭ ਉਠਾਇਆ। ਹਲਕਾ ਵਿਧਾਇਕ ਖੇਮਕਰਨ ਸ੍ਰੀ ਸਰਵਨ ਸਿੰਘ ਧੁੰਨ ਅੱਜ ਪਿੰਡ ਡੱਲ ਵਿਖੇ ਲਗਾਏ ਕੈਂਪ ਦੌਰਾਨ ਵਿਸ਼ੇਸ ਤੌਰ ‘ਤੇ ਪਹੁੰਚੇ ਅਤੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ। ਇਨ੍ਹਾਂ ਕੈਂਪਾਂ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਸੰਦੀਪ ਕੁਮਾਰ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਆਮ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਉਨ੍ਹਾਂ ਦੇ ਘਰਾਂ ਦੇ ਨਜ਼ਦੀਕ ਜਾ ਕੇ ਕਰਨ ਲਈ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਅਤੇ ਸ਼ਹਿਰਾਂ ਦੇ ਵਾਰਡਾਂ ਵਿਚ ਕੈਂਪ ਲਗਾਉਣ ਦੀ ਸ਼ੁਰੂਆਤ 6 ਫਰਵਰੀ ਤੋਂ ਹੋ ਚੁੱਕੀ ਹੈ ਅਤੇ ਇੱਕ ਮਹੀਨੇ ਤੱਕ ਇਹ ਕੈਂਪ ਇਸੇ ਤਰ੍ਹਾਂ ਜਾਰੀ ਰਹਿਣਗੇ। ਉਨ੍ਹਾਂ ਕਿਹਾ ਕਿ ਇਨ੍ਹਾਂ ਕੈਂਪਾਂ ਦੌਰਾਨ ਪੰਜਾਬ ਸਰਕਾਰ ਦੀਆਂ ਪ੍ਰਚਾਰ ਵੈਨਾਂ ਵੱਲੋਂ ਭਲਾਈ ਸਕੀਮਾਂ ਬਾਰੇ ਲੋਕਾਂ ਨੂੰ ਜਾਗਰੂਕ ਵੀ ਕੀਤਾ ਜਾ ਰਿਹਾ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਸਮੂਹ ਸਬ ਡਵੀਜ਼ਨਾਂ ’ਚ ਲਗਾਏ ਗਏ 17 ਕੈਂਪਾਂ ਦੌਰਾਨ ਅੱਜ 400 ਤੋਂ ਵੱਧ ਪ੍ਰਸ਼ਾਸਨਿਕ ਸੇਵਾਵਾਂ ਲਈ ਲੋਕਾਂ ਨੇ ਅਰਜ਼ੀਆਂ ਦਿੱਤੀਆਂ ਸਨ, ਜਿੰਨ੍ਹਾਂ ਵਿੱਚੋਂ 245 ਸੇਵਾਵਾਂ ਮੌਕੇ ’ਤੇ ਹੀ ਮੁਹੱਈਆ ਕਰਵਾ ਦਿੱਤੀਆਂ ਗਈਆਂ ਅਤੇ ਬਾਕੀ ਸੇਵਾਵਾਂ ਵੀ ਜਲਦ ਮੁਹੱਈਆ ਕਰਵਾ ਦਿੱਤੀਆਂ ਜਾਣਗੀਆਂ।ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਕੈਂਪਾਂ ਵਿਚ ਪ੍ਰਾਪਤ ਸ਼ਿਕਾਇਤਾਂ ਦਾ ਵੀ ਮੌਕੇ ’ਤੇ ਨਿਪਟਾਰਾ ਕੀਤਾ ਜਾ ਰਿਹਾ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਨ੍ਹਾਂ ਕੈਂਪਾਂ ਦਾ ਉਦੇਸ਼ ਆਮ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਨੇੜੇ ਅਤੇ ਇਕ ਛੱਤ ਹੇਠਾਂ ਵੱਖ-ਵੱਖ ਲੋਕ ਭਲਾਈ ਸਕੀਮਾਂ ਦਾ ਲਾਭ ਪਹੁੰਚਾਉਣਾ, ਲੋਕਾਂ ਦੀਆਂ ਮੁਸ਼ਕਲਾਂ ਸੁਣਨਾ ਅਤੇ ਉਨ੍ਹਾਂ ਦਾ ਮੌਕੇ ’ਤੇ ਹੱਲ ਕਰਨਾ ਹੈ। ਉਨ੍ਹਾਂ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਇਨ੍ਹਾਂ ਵਿਸ਼ੇਸ ਕੈਂਪਾਂ ਦੌਰਾਨ ਪ੍ਰਾਪਤ ਯੋਗ ਬਿਨੈ-ਪੱਤਰਾਂ ਦਾ ਪਹਿਲ ਦੇ ਆਧਾਰ ’ਤੇ ਹੱਲ ਕਰਨਾ ਯਕੀਨੀ ਬਣਾਇਆ ਜਾਵੇ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 09 ਫਰਵਰੀ ਨੂੰ ਵੀ ਜ਼ਿਲ੍ਹਾ ਤਰਨ ਤਾਰਨ ਦੀਆਂ ਸਮੂਹ ਸਬ-ਡਵੀਜ਼ਨਾਂ ਦੇ 17 ਵੱਖ-ਵੱਖ ਪਿੰਡਾਂ ਵਿੱਚ ਸਵੇਰੇ 10 ਵਜੇ ਤੋਂ 01 ਵਜੇ ਤੱਕ ਪਿੰਡ ਕੰਗ, ਮਾਨ, ਠੱਠਾ, ਮੁਗਲ ਚੱਕ, ਮਾੜੀ ਮੇਘਾ, ਗੱਗੋਬੂਹਾ, ਸੰਗਤਪੁਰਾ, ਜਾਤੀ ਉਮਰਾ, ਪੰਡੋਰੀ ਗੋਲਾ, ਅਤੇ ਢੋਟੀਆਂ ਵਿਖੇ ਅਤੇ ਬਾਅਦ ਦੁਪਹਿਰ 02 ਵਜੇ ਤੋਂ 05 ਵਜੇ ਤੱਕ ਪਿੰਡ ਮਾਹਣੇਕੇ ਜੰਡ, ਭੈਲ ਢਾਏ ਵਾਲਾ, ਘਰਿਆਲਾ, ਚੇਲਾ, ਪੰਜਵੜ, ਲੋਹਾਰ ਅਤੇ ਬੱਚੜੇ ਵਿਖੇ ਵਿਸ਼ੇਸ ਕੈਂਪ ਲਗਾਏ ਜਾਣਗੇ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਇਨ੍ਹਾਂ ਕੈਂਪਾਂ ਦਾ ਵੱਧ ਤੋਂ ਵੱਧ ਲਾਹਾ ਲੈਣ ਦੀ ਅਪੀਲ ਕੀਤੀ।