ਮਹਾਨ ਸ਼ਹੀਦਾਂ ਵੱਲੋਂ ਦਿੱਤੀਆਂ ਸ਼ਹਾਦਤਾਂ ਸਦਕਾ ਹੀ ਅੱਜ ਅਸੀਂ ਆਜ਼ਾਦੀ ਦਾ ਨਿੱਘ ਮਾਣ ਰਹੇ ਹਾ-ਡਿਪਟੀ ਕਮਿਸ਼ਨਰ

  • ਦੇਸ਼ ਦੇ ਮਹਾਨ ਸ਼ਹੀਦਾਂ ਵੱਲੋਂ ਲਏ ਗਏ ਸੁਪਨਿਆਂ ਨੂੰ ਸਾਕਾਰ ਕਰਨਾ ਸਾਡਾ ਸਾਰਿਆਂ ਦਾ ਫਰਜ਼

ਤਰਨ ਤਾਰਨ, 31 ਜੁਲਾਈ : ਜ਼ਿਲ੍ਹਾ ਪ੍ਰਸ਼ਾਸ਼ਨ ਤਰਨ ਤਾਰਨ ਵੱਲੋਂ ਡਿਪਟੀ ਕਮਿਸ਼ਨਰ ਸ਼੍ਰੀਮਤੀ ਬਲਦੀਪ ਕੌਰ ਅਗਵਾਈ ਹੇਠ ਅੱਜ ਮਹਾਨ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਵਸ ਦੇ ਮੌਕੇ’ ਤੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਮਹਾਨ ਸ਼ਹੀਦ ਨੂੰ ਯਾਦ ਕਰਦਿਆਂ ਸ਼ਰਧਾ ਦੇ ਫੁੱਲ ਅਰਪਣ ਕੀਤੇ ਗਏ। ਇਸ ਮੌਕੇ ਸੰਬੋਧਨ ਕਰਿਦਆਂ ਡਿਪਟੀ ਕਮਿਸ਼ਨਰ ਸ਼੍ਰੀਮਤੀ ਬਲਦੀਪ ਕੌਰ ਨੇ ਕਿਹਾ ਕਿ ਦੇਸ਼ ਨੂੰ ਅੰਗਰੇਜ਼ਾਂ ਦੀ ਗੁਲਾਮੀ ਤੋਂ ਆਜ਼ਾਦ ਕਰਵਾਉਣ ਲਈ ਮਹਾਨ ਸ਼ਹੀਦਾਂ ਵੱਲੋਂ ਦਿੱਤੀਆਂ ਸ਼ਹਾਦਤਾਂ ਸਦਕਾ ਹੀ ਅੱਜ ਅਸੀਂ ਆਜ਼ਾਦੀ ਦਾ ਨਿੱਘ ਮਾਣ ਰਹੇ ਹਾਂ, ਇਸ ਲਈ ਸਾਡਾ ਸਾਰਿਆਂ ਦਾ ਫਰਜ਼ ਬਣਦਾ ਹੈ ਕਿ ਅਸੀਂ ਦੇਸ਼ ਦੇ ਮਹਾਨ ਸਹੀਦਾਂ ਵੱਲੋਂ ਲਏ ਗਏ ਸੁਪਨਿਆਂ ਨੂੰ ਸਾਕਾਰ ਕਰਨ ਲਈ ਦੇਸ਼ ਸੇਵਾ ਹਿੱਤ ਹਮੇਸ਼ਾ ਤਤਪਰ ਰਹੀਏ। ਉਨ੍ਹਾਂ ਕਿਹਾ ਕਿ ਸ਼ਹੀਦ ਊਧਮ ਸਿੰਘ ਭਾਰਤ ਮਾਂ ਦੇ ਉਹ ਮਹਾਨ ਸਪੂਤ ਸਨ, ਜਿੰਨ੍ਹਾਂ ਨੇ ਜ਼ਾਲਮ ਅੰਗਰੇਜ਼ ਹਕੂਮਤ ਵੱਲੋਂ ਜਲ੍ਹਿਆਂ ਵਾਲੇ ਬਾਗ ਵਿੱਚ ਨਿਹੱਥੇ ਤੇ ਬੇਕਸੂਰ ਭਾਰਤੀਆਂ ’ਤੇ ਕੀਤੇ ਜੁ਼ਲਮ ਦਾ ਬਦਲਾ ਜ਼ਾਲਮ ਅੰਗਰੇਜ਼ ਦੇ ਘਰ ਲੰਡਨ ਜਾ ਕੇ ਲਿਆ। ਉਹਨਾਂ ਕਿਹਾ ਕਿ ਅੱਜ ਅਸੀਂ ਜਿਸ ਆਜ਼ਾਦੀ ਫਿਜ਼ਾ ਵਿੱਚ ਸਾਹ ਲੈ ਰਹੇ ਹਾਂ, ਉਹ ਸਾਡੇ ਅਨੇਕਾਂ ਦੇਸ਼ ਭਗਤਾਂ ਦੀਆਂ ਕੁਰਬਾਨੀਆਂ ਸਦਕਾ ਹੀ ਸੰਭਵ ਹੋ ਸਕਿਆ ਹੈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਆਜ਼ਾਦੀ ਦੀ ਜੰਗ ਵਿੱਚ ਪੰਜਾਬੀਆਂ ਨੇ ਵੱਡੀ ਗਿਣਤੀ ਵਿੱਚ ਕੁਰਬਾਨੀਆਂ ਦਿੱਤੀਆਂ ਅਤੇ ਸ਼ਹੀਦ ਊਧਮ ਸਿੰਘ ਵੱਲੋਂ ਦਿੱਤੀ ਕੁਰਬਾਨੀ ਆਪਣੇ ਆਪ ਵਿੱਚ ਬੇਮਿਸਾਲ ਹੈ। ਉਨ੍ਹਾਂ ਕਿਹਾ ਕਿ ਸਾਡਾ ਸਾਰਿਆਂ ਦਾ ਫਰਜ਼ ਬਣਦਾ ਹੈ ਕਿ ਅਸੀਂ ਆਪਣੇ ਮਹਾਨ ਸ਼ਹੀਦਾਂ ਦੇ ਵਿਖਾਏ ਮਾਰਗ ’ਤੇ ਚੱਲਦੇ ਹੋਏ ਦੇਸ਼ ਦੀ ਖੁਸ਼ਹਾਲੀ ਤੇ ਤਰੱਕੀ ਵਿੱਚ ਆਪਣਾ ਯੋਗਦਾਨ ਪਾਈਏ।