- ਕੈਬਨਿਟ ਮੰਤਰੀ ਨੇ ਲੋਕਾਂ ਨੂੰ ਆਪਣੇ ਰੋਜ਼ਾਨਾ ਦੇ ਕੰਮ ਆਸਾਨੀ ਨਾਲ ਕਰਵਾਉਣ ਵਿੱਚ ਮੱਦਦ ਕਰਨ ਲਈ ਸਮੂਹ ਕਰਮਚਾਰੀਆਂ ਨੂੰ ਕੀਤਾ ਉਤਸ਼ਾਹਿਤ
- ਬਿਜਲੀ ਮੁਲਾਜ਼ਮਾਂ ਨੇ ਮੰਤਰੀ ਈਟੀਓ ਨੂੰ ਜੀ. ਵੀ. ਕੇ. ਥਰਮਲ ਪਲਾਂਟ ਗੋਇੰਦਵਾਲ਼ ਸਾਹਿਬ ਖਰੀਦਣ ‘ਤੇ ਦਿੱਤੀਆਂ ਵਧਾਈਆਂ
ਤਰਨ ਤਾਰਨ, 05 ਜਨਵਰੀ : ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈ. ਟੀ. ਓ. ਵੱਲੋਂ ਅੱਜ ਕਰਮਚਾਰੀਆਂ ਦੀ ਹਾਜ਼ਰੀ ਦੀ ਚੈਕਿੰਗ ਲਈ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ. ਐੱਸ. ਪੀ. ਸੀ. ਐੱਲ.) ਦੇ ਦਫ਼ਤਰ, ਤਰਨ ਤਾਰਨ ਵਿੱਚ ਅਚਨਚੇਤ ਨਿਰੀਖਣ ਕੀਤਾ ਗਿਆ। ਬਿਜਲੀ ਮੰਤਰੀ ਨੇ ਪੀ. ਐਸ. ਪੀ. ਸੀ. ਐਲ. ਦੇ ਦਫ਼ਤਰ ਪਹੁੰਚੇ ਅਤੇ ਮੁਲਾਜ਼ਮਾਂ ਦੇ ਹਾਜ਼ਰੀ ਰਜਿਸਟਰਾਂ ਦੀ ਖੁਦ ਜਾਂਚ ਕੀਤੀ।ਚੈਕਿੰਗ ਉਪਰੰਤ ਉਨ੍ਹਾਂ ਕਿਹਾ ਕਿ ਅਚਨਚੇਤ ਦੌਰੇ ਦਾ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਵਿਭਾਗ ਦਾ ਸਟਾਫ਼ ਸਮੇਂ ਸਿਰ ਡਿਊਟੀ `ਤੇ ਹਾਜ਼ਰ ਰਹੇ। ਉਨ੍ਹਾਂ ਮੁਲਾਜ਼ਮਾਂ ਨੂੰ ਡਿਊਟੀ ਦੌਰਾਨ ਆਪਣੇ ਸ਼ਨਾਖਤੀ ਕਾਰਡ ਪਹਿਨਣ ਲਈ ਵੀ ਕਿਹਾ। ਸ. ਹਰਭਜਨ ਸਿੰਘ ਈ. ਟੀ. ਓ. ਨੇ ਅਧਿਕਾਰੀਆਂ ਨੂੰ ਸਪੱਸ਼ਟ ਕਿਹਾ ਕਿ ਕੰਮਕਾਜ ਵਿੱਚ ਕਿਸੇ ਵੀ ਕਿਸਮ ਦੀ ਕੁਤਾਹੀ ਨਹੀਂ ਹੋਣੀ ਚਾਹੀਦੀ ਅਤੇ ਲੋਕਾਂ ਨੂੰ ਆਪਣੇ ਕੰਮ ਕਰਵਾਉਣ ਲਈ ਪ੍ਰੇਸ਼ਾਨੀ ਨਹੀਂ ਆਉਣੀ ਚਾਹੀਦੀ। ਕੈਬਨਿਟ ਮੰਤਰੀ ਨੇ ਲੋਕਾਂ ਨੂੰ ਆਪਣੇ ਰੋਜ਼ਾਨਾ ਦੇ ਕੰਮ ਆਸਾਨੀ ਨਾਲ ਕਰਵਾਉਣ ਵਿੱਚ ਮੱਦਦ ਕਰਨ ਲਈ ਸਮੂਹ ਕਰਮਚਾਰੀਆਂ ਨੂੰ ਉਤਸ਼ਾਹਿਤ ਵੀ ਕੀਤਾ। ਇਸ ਮੌਕੇ ਮੰਤਰੀ ਨੇ ਉਨ੍ਹਾਂ ਨੂੰ ਜ਼ੀਰੋ ਪੈਂਡੈਂਸੀ ਦਾ ਟੀਚਾ ਹਾਸਲ ਕਰਨ ਲਈ ਵੀ ਕਿਹਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਲੋਕਾਂ ਦੇ ਭਲੇ ਲਈ ਲੋਕ ਪੱਖੀ ਅਤੇ ਵਿਕਾਸ ਪੱਖੀ ਨੀਤੀਆਂ ਨੂੰ ਲਾਗੂ ਕਰਨ ਲਈ ਵਚਨਬੱਧ ਹੈ। ਇਸ ਮੌਕੇ ਪੀ. ਐਸ. ਪੀ. ਸੀ. ਐਲ. ਦੇ ਅਧਿਕਾਰੀਆ ਕ੍ਰਮਚਾਰੀਆਂ ਨੇ ਬਿਜਲੀ ਮੰਤਰੀ ਹਰਭਜਨ ਸਿੰਘ ਨੂੰ ਜੀ. ਵੀ. ਕੇ. ਥਰਮਲ ਪਲਾਂਟ ਗੋਇੰਦਵਾਲ਼ ਸਾਹਿਬ ਖਰੀਦਣ ਤੇ ਵਧਾਈਆਂ ਦਿੰਦਿਆ ਕਿਹਾ ਕਿ ਵਿਭਾਗ ਲਈ ਇਹ ਬਹੁਤ ਵੱਡੀ ਉਪਲੱਬਧੀ ਹੈ।