ਤਰਨ ਤਾਰਨ 20 ਨਵੰਬਰ 2024 : ਪ੍ਰਧਾਨ ਮੰਤਰੀ ਸੂਰਿਆ ਘਰ ਯੋਜਨਾ ਤਹਿਤ ਜਿਲ੍ਹਾ ਤਰਨ ਤਾਰਨ ਵਿੱਚ 5000 ਹਜ਼ਾਰ ਤੋਂ ਵੱਧ ਆਬਾਦੀ ਵਾਲੇ ਪਿੰਡ ਨੂੰ ਮਾਡਲ ਸੋਲਰ ਵਿਲੇਜ਼ ਦੇ ਤੌਰ ਤੇ ਵਿਕਸਿਤ ਕੀਤਾ ਜਾਵੇਗਾ ਤਾਂ ਜੋ ਲੋਕਾਂ ਨੂੰ ਸੋਲਰ ਊਰਜਾ ਸਬੰਧੀ ਵੱਧ ਤੋਂ ਵੱਧ ਜਾਗਰੂਕ ਕੀਤਾ ਜਾ ਸਕੇ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾਂ ਡਿਪਟੀ ਕਮਿਸ਼ਨਰ ਤਰਨਤਾਰਨ ਸ਼੍ਰੀ ਰਾਹੁਲ ਆਈ. ਏ. ਐਸ. ਨੇ ਅੱਜ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨਤਾਰਨ ਵਿਖੇ ਸਬੰਧਤ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਕੀਤਾ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ਼੍ਰੀ ਸੰਜੀਵ ਸ਼ਰਮਾ, ਜਿਲ੍ਹਾ ਵਿਕਾਸ ਤੇ ਪੰਚਾਇਤ ਅਫਸਰ ਸ਼੍ਰੀ ਰਜਿੰਦਰ ਸਿੰਘ ਸੰਧੂ, ਪੇਡਾ ਅਧਿਕਾਰੀ ਸ਼੍ਰੀ ਯਸ਼ਪਾਲ, ਸ਼੍ਰੀ ਹਰਕ੍ਰਿਸ਼ਨ ਸਿੰਘ ਏ. ਐਸ. ਈ, ਪੀ.ਐਸ.ਪੀ. ਸੀ. ਐਲ. ਅਤੇ ਐਲ. ਡੀ. ਐੱਮ. ਸ਼੍ਰੀ ਕੰਵਲ ਕੁਮਾਰ ਸਹਿਗਲ ਤੋਂ ਇਲਾਵਾ ਹੋਰ ਅਧਿਕਾਰੀ ਹਾਜਰ ਸਨ। ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਪੀ.ਐਸ.ਪੀ. ਸੀ. ਐਲ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਸ ਯੋਜਨਾ ਤਹਿਤ ਮਾਡਲ ਪਿੰਡ ਚੁਣਨ ਲਈ ਜਿਲ੍ਹਾ ਤਰਨ ਤਾਰਨ ਦੇ ਪਿੰਡਾਂ ਵਿੱਚ ਚੱਲ ਰਹੇ ਸ਼ੋਲਰ ਊਰਜਾ ਦੇ ਘਰੇਲੂ ਕਨੈਕਸ਼ਨਾਂ ਸਬੰਧੀ ਰਿਪੋਰਟ ਭੇਜੀ ਜਾਵੇ। ਇਸ ਤੋਂ ਇਲਾਵਾ ਉਨ੍ਹਾਂ ਪੇਡਾ ਅਧਿਕਾਰੀਆਂ ਨੂੰ ਕਿਹਾ ਕਿ ਜ਼ਿਲ੍ਹੇ ਦੇ ਜਿਨ੍ਹਾਂ ਪਿੰਡਾਂ ਵਿੱਚ ਸੋਲਰ ਲਾਈਟਾਂ, ਪੰਪ ਜਾਂ ਸਕੂਲਾਂ ਵਿੱਚ ਸੋਲਰ ਊਰਜਾ ਦੇ 5 ਕਿਲੋਵਾਟ ਦੇ ਕਨੈਕਸ਼ਨ ਲੱਗੇ ਹਨ, ਇਸ ਸਬੰਧੀ ਵੀ ਰਿਪੋਰਟ ਤਿਆਰ ਕਰਕੇ ਭੇਜੀ ਜਾਵੇ। ਇਸ ਮੌਕੇ ਉਨ੍ਹਾਂ ਸਬੰਧਿਤ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਜਿਲ੍ਹੇ ਦੀਆਂ ਪੰਚਾਇਤਾਂ ਨੂੰ ਵੀ ਸੋਲਰ ਊਰਜਾ ਸਬੰਧੀ ਜਾਗਰੂਕ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਸੂਰਿਆ ਘਰ ਯੋਜਨਾ ਤਹਿਤ ਚੁਣੇ ਜਾਣ ਵਾਲੇ ਮਾਡਲ ਸੋਲਰ ਵਿਲੀਜ ਵਿਚ ਸਰਕਾਰ ਵੱਲੋਂ ਸੋਲਰ ਊਰਜਾ ਨੂੰ ਉਤਸ਼ਾਹਿਤ ਕਰਨ ਲਈ ਇਕ ਕਰੋੜ ਰੁਪਏ ਖਰਚ ਕੀਤੇ ਜਾਣਗੇ।