- ਸਰਕਾਰ ਦੀਆਂ ਵੱਖ-ਵੱਖ ਯੋਜਨਾਵਾਂ ਅਤੇ ਲੋਕ ਭਲਾਈ ਦੀਆਂ ਸਕੀਮਾਂ ਪ੍ਰਤੀ ਆਮ ਲੋਕਾਂ ਨੂੰ ਕੀਤਾ ਜਾਵੇਗਾ ਜਾਗਰੂਕ
ਤਰਨ ਤਾਰਨ, 24 ਨਵੰਬਰ : ਕੇਂਦਰ ਸਰਕਾਰ ਦੀਆਂ ਵੱਖ-ਵੱਖ ਯੋਜਨਾਵਾਂ ਅਤੇ ਲੋਕ ਭਲਾਈ ਦੀਆਂ ਸਕੀਮਾਂ ਨੂੰ ਯੋਗ ਲਾਭਪਾਤਰੀਆਂ ਤੱਕ ਯਕੀਨੀ ਪੁੱਜਦਾ ਯਕੀਨੀ ਬਣਾਉਣ ਅਤੇ ਉਹਨਾਂ ਪ੍ਰਤੀ ਆਮ ਲੋਕਾਂ ਨੂੰ ਜਾਗਰੂਕ ਕਰਨ ਕੇਂਦਰ ਸਰਕਾਰ ਵਲੋਂ 15 ਨਵੰਬਰ, 2023 ਤੋਂ 26 ਜਨਵਰੀ 2024 ਤੱਕ “ਵਿਕਸਤ ਭਾਰਤ ਸੰਕਲਪ ਯਾਤਰਾ” ਸ਼ੁਰੂ ਕੀਤੀ ਗਈ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਸੰਦੀਪ ਕੁਮਾਰ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਇਸ ਯਾਤਰਾ ਦੇ ਅਗੇਤੇ ਪ੍ਰਬੰਧਾ ਦਾ ਜਾਇਜ਼ਾ ਲੈਣ ਲਈ ਕੀਤੀ ਵਿਸ਼ੇਸ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦਿੱਤੀ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕੇਂਦਰ ਸਰਕਾਰ ਵਲੋਂ 15 ਨਵੰਬਰ ਨੂੰ ਦੇਸ਼ ਭਰ ਦੇ ਪੇਂਡੂ ਅਤੇ ਸ਼ਹਿਰੀ ਖੇਤਰਾਂ ਵਿੱਚ ਕੇਂਦਰ ਦੇ ਪ੍ਰਮੁੱਖ ਯੋਜਨਾਵਾਂ ਤੇ ਪ੍ਰੋਗਰਾਮਾਂ ਨੂੰ ਲਾਭਪਾਤਰੀਆਂ ਤੱਕ ਪਹੁੰਚਣ ਦੀ ਮੁਹਿੰਮ ਸ਼ੁਰੂ ਕੀਤੀ ਗਈ ਹੈ ਅਤੇ ਇਸੇ ਲੜੀ ਤਹਿਤ ਇਹ ਯਾਤਰਾ 04 ਦਸੰਬਰ ਤੋਂ ਜਿਲ੍ਹਾ ਤਰਨ ਤਾਰਨ ਦੇ ਵੱਖ-ਵੱਖ ਪਿੰਡਾਂ ਵਿੱਚ ਪਹੁੰਚ ਕੇ ਕੇਂਦਰ ਸਰਕਾਰ ਦੀਆਂ ਯੋਜਨਾਵਾਂ ਸਬੰਧੀ ਜਾਗਰੂਕ ਕਰੇਗੀ।ਉਹਨਾਂ ਦੱਸਿਆ ਕਿ ਜ਼ਿਲ੍ਹਾ ਤਰਨ ਤਾਰਨ ਵਿੱਚ “ਵਿਕਸਤ ਭਾਰਤ ਸੰਕਲਪ ਯਾਤਰਾ” 04 ਦਸੰਬਰ ਤੋਂ ਬਲਾਕ ਨੌਸ਼ਹਿਰਾ ਪੰਨੂਆਂ ਤੋਂ ਸ਼ੁਰੂ ਹੋਵੇਗੀ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿੱਚ 05 ਜਾਗਰੂਕਤਾ ਵੈਨਾਂ ਨੂੰ ਭੇਜ ਕੇ ਕੈਂਪ ਲਗਾਏ ਜਾਣਗੇ, ਜਿਸ ਦੀ ਜਾਣਕਾਰੀ ਸਬੰਧਤ ਪਿੰਡਾਂ ਨੂੰ ਦਿੱਤੀ ਜਾਵੇਗੀ ਅਤੇ ਮੌਕੇ ਉੱਤੇ ਹੀ ਯੋਗ ਲਾਭਪਾਤਰੀਆਂ ਨੂੰ ਵੱਖ-ਵੱਖ ਯੋਜਨਾਵਾਂ ‘ਤੇ ਪ੍ਰੋਗਰਾਮਾਂ ਦੇ ਲਾਭ ਦਿੱਤੇ ਜਾਣਗੇ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਪੰਚਾਇਤੀ ਵਿਭਾਗ ਦੇ ਸਮੂਹ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਨ੍ਹਾਂ ਦੇ ਅਧੀਨ ਆਉਂਦੇ ਪਿੰਡਾਂ ਵਿੱਚ ਉੱਕਤ ਜਾਗਰੂਕਤਾ ਵੈਨ ਦੇ ਪਹੁੰਚਣ ਸਮੇਂ ਚਲਾਏ ਜਾਣ ਵਾਲੇ ਸਮਾਗਮ ਦੀ ਤਿਆਰੀ ਪਹਿਲਾ ਤੋਂ ਹੀ ਕੀਤੀ ਜਾਵੇ, ਇਸ ਸਬੰਧੀ ਢੁੱਕਵੀ ਥਾਂ ਦੀ ਸ਼ਨਾਖਤ ਕਰਕੇ ਸਟੇਜ ਅਤੇ ਹੋਰ ਪ੍ਰਬੰਧ ਮੁਕੰਮਲ ਕਰ ਲਏ ਜਾਣ ਅਤੇ ਪਿੰਡਾਂ ਦੇ ਲੋਕਾਂ ਨੂੰ ਪਹਿਲਾਂ ਤੋਂ ਹੀ ਇਸ ਸਬੰਧੀ ਮੁਨਾਦੀ ਕਰਾ ਕੇ ਦੱਸਿਆ ਜਾਵੇ ਤਾਂ ਜੋ ਪਿੰਡਾਂ ਦੇ ਵੱਧ ਤੋਂ ਵੱਧ ਲੋਕ ਇਸ ਸਮਾਗਮ ਵਿੱਚ ਹਿੱਸਾ ਲੈ ਸਰਕਾਰ ਦੀਆਂ ਭਲਾਈ ਸਕੀਮਾਂ ਸਬੰਧੀ ਜਾਗੂਰਕ ਹੋਣ ਅਤੇ ਸਰਕਾਰ ਦੀਆਂ ਭਲਾਈ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਉਠਾ ਸਕਣ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ੍ਰੀ ਗੁਰਪ੍ਰੀਤ ਸਿੰਘ ਗਿੱਲ, ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਸ਼੍ਰੀਮਤੀ ਪਰਮਜੀਤ ਕੌਰ ਅਤੇ ਪੰਚਾਇਤੀ ਵਿਭਾਗ ਦੇ ਹੋਰ ਅਧਿਕਾਰੀ ਵੀ ਹਾਜ਼ਰ ਸਨ।