ਝੋਨੇ ਦੀ ਪਰਾਲੀ ਦੇ ਸੁਚੱਜੇ ਪ੍ਰਬੰਧਨ ਅਤੇ ਵਾਤਾਵਰਨ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਮੈਨੇਜਮੈਂਟ ਆਫ਼ ਕਰਾਪ ਰੈਜੀਡਿਊ ਸਕੀਮ ਤਹਿਤ 1250 ਆਧੁਨਿਕ ਖੇਤੀਬਾੜੀ ਸੰਦ ਮੁਹੱਈਆ ਕਰਵਾਏ ਗਏ- ਡਾ ਪੱਲਵੀ

  • 237 ਹੋਰ ਆਧੁਨਿਕ ਖੇਤੀਬਾੜੀ ਸੰਦਾਂ ਦੇ ਡਰਾਅ ਕੱਢ ਕੇ ਜ਼ਿਲ੍ਹਾ ਪੱਧਰੀ ਕਮੇਟੀ ਵਲੋਂ ਖਰੀਦਣ ਦੀ ਪ੍ਰਵਾਨਗੀ ਜਾਰੀ
  • ਜ਼ਿਲ੍ਹੇ ਅੰਦਰ ਸਾਉਣੀ ਸੀਜ਼ਨ 2023-24 ਦੌਰਾਨ ਫ਼ਸਲੀ ਰਹਿੰਦ ਖੂੰਹਦ ਨੂੰ ਅੱਗ ਲਗਾਉਣ ਦੇ ਰੁਝਾਣ ਨੂੰ ਨਿਲ ਕਰਨ ਵਿਰੁੱਧ ਜ਼ੀਰੋ ਸਹਿਣਸ਼ੀਲਤਾ ਨੀਤੀ ਅਪਣਾਈ ਜਾਵੇਗੀ

ਮਾਲੇਰਕੋਟਲਾ 22 ਸਤੰਬਰ : ਡਿਪਟੀ ਕਮਿਸ਼ਨਰ ਡਾ ਪੱਲਵੀ ਨੇ ਕਿਹਾ ਕਿ ਜ਼ਿਲ੍ਹੇ ਅੰਦਰ ਸਾਉਣੀ ਸੀਜ਼ਨ 2023-24 ਦੌਰਾਨ ਫ਼ਸਲੀ ਰਹਿੰਦ ਖੂੰਹਦ ਨੂੰ ਅੱਗ ਲਗਾਉਣ ਦੇ ਰੁਝਾਣ ਨੂੰ ਨਿਲ ਕਰਨ ਵਿਰੁੱਧ ਜ਼ੀਰੋ ਸਹਿਣਸ਼ੀਲਤਾ ਨੀਤੀ ਅਪਣਾਈ ਜਾਵੇਗੀ ਤਾਂ ਜੋ ਜ਼ਿਲ੍ਹੇ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਜ਼ੀਰੋ (ਨਿਲ) ਕੀਤਾ ਜਾ ਸਕੇ । ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਆਪਣੇ ਜੀਵਨ, ਵਾਤਾਵਰਣ ਤੇ ਧਰਤੀ ਨੂੰ ਸੰਭਾਲਣ ਲਈ ਪਰਾਲੀ ਨੂੰ ਬਿਨਾਂ ਅੱਗ ਲਗਾਏ ਸੰਭਾਲਣ ਜਾਂ ਜ਼ਮੀਨ ਵਿੱਚ ਹੀ ਵਾਹੁਣ ਲਈ ਆਪਣੀ ਸੋਚ ਬਦਲਣਾ ਸਮੇਂ ਦੀ ਲੋੜ ਹੈ । ਉਨ੍ਹਾਂ ਦੱਸਿਆ ਕਿ ਝੋਨੇ ਦੀ ਪਰਾਲੀ ਦੇ ਸੁਚੱਜੇ ਪ੍ਰਬੰਧਨ ਅਤੇ ਵਾਤਾਵਰਨ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਪੰਜਾਬ ਸਰਕਾਰ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਮਾਲੇਰਕੋਟਲਾ ਦਫ਼ਤਰ ਵੱਲੋਂ ਮੈਨੇਜਮੈਂਟ ਆਫ਼ ਕਰਾਪ ਰੈਜੀਡਿਊ ਸਕੀਮ ਤਹਿਤ 1250 ਆਧੁਨਿਕ ਖੇਤੀਬਾੜੀ ਸੰਦ ਮੁਹੱਈਆ ਕਰਵਾਏ ਜਾ ਚੁੱਕੇ ਹਨ ਜਿਨ੍ਹਾਂ ਵਿੱਚੋਂ ਨਿੱਜੀ ਕਿਸਾਨਾਂ ਨੂੰ 1091, ਸਹਿਕਾਰੀ ਸਭਾਵਾਂ ਨੂੰ 159 ਆਧੁਨਿਕ ਖੇਤੀਬਾੜੀ ਸੰਦ ਮੁਹੱਈਆ ਕਰਵਾਏ ਜਾ ਚੁੱਕੇ ਹਨ । ਇਸ ਤੋਂ ਇਲਾਵਾਂ 237 ਆਧੁਨਿਕ ਖੇਤੀਬਾੜੀ ਸੰਦਾਂ ਦੇ ਡਰਾਅ ਕੱਢ ਕੇ ਜ਼ਿਲ੍ਹਾ ਪੱਧਰੀ ਕਮੇਟੀ ਵਲੋਂ ਖਰੀਦਣ ਦੀ ਪ੍ਰਵਾਨਗੀ ਦਿੱਤੀ ਜਾ ਚੁੱਕੀ ਹੈ । ਜਿਸ ਨਾਲ ਜ਼ਿਲ੍ਹੇ ਵਿੱਚ ਕੁਲ ਖੇਤੀਬਾੜੀ ਸੰਦਾ ਦੀ ਗਿਣਤੀ 1487 ਹੋ ਜਾਵੇਗੀ । ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਜਲਦ ਤੋਂ ਜਲਦ ਖੇਤੀਬਾੜੀ ਮਸ਼ੀਨਰੀ ਦੀ ਖਰੀਦ ਨੂੰ ਯਕੀਨੀ ਬਣਾਉਣ । ਉਨ੍ਹਾਂ ਹੋਰ ਕਿਹਾ ਕਿ  ਭਵਿੱਖ ਵਿੱਚ ਲੋੜ ਅਨੁਸਾਰ ਖੇਤੀ ਪ੍ਰਬੰਧਨ ਲਈ ਹੋਰ ਖੇਤੀਬਾੜੀ ਸੰਦ ਮੁਹੱਈਆ ਕਰਵਾਏ ਜਾ ਸਕਦੇ ਹਨ ਤਾਂ ਜੋ  ਹਰੇਕ ਕਿਸਾਨ ਨੂੰ ਪਰਾਲੀ ਸੰਭਾਲਣ ਲਈ ਮਸ਼ੀਨਾਂ ਦੀ ਸਹੂਲਤ ਪ੍ਰਾਪਤ ਹੋ ਸਕੇ, ਭਾਵੇਂ ਇਹ ਕਿਰਾਏ 'ਤੇ ਹੋਵੇ ਜਾਂ ਫਿਰ ਮੁਫ਼ਤ। ਉਨ੍ਹਾਂ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾ ਕੇ ਸਗੋਂ ਵੱਖ-ਵੱਖ ਤਰੀਕਿਆਂ ਨਾਲ ਸੰਭਾਲਣ ਅਤੇ ਜ਼ਿਲ੍ਹੇ ਵਿੱਚ ਉਪਲਬਧ ਸੀ.ਆਰ.ਐਮ.( ਮੈਨੇਜਮੈਂਟ ਆਫ਼ ਕਰਾਪ ਰੈਜੀਡਿਊ ਸਕੀਮ) ਮਸ਼ੀਨਰੀ ਦੀ ਪੂਰੀ ਸਮਰੱਥਾ ਮੁਤਾਬਕ ਵੱਧ ਤੋਂ ਵੱਧ ਵਰਤੋਂ ਯਕੀਨੀ ਬਣਾਉਣ ਲਈ ਰਣਨੀਤੀ ਉਲੀਕਣ ਤਾਂ ਜੋ ਅੱਗਾਂ ਲਗਾਉਣ ਦੇ ਰੁਝਾਨ ਨੂੰ ਠੱਲ ਪਾਈ ਜਾ ਸਕੇ । ਉਨ੍ਹਾਂ ਮੁੱਖ ਖੇਤੀਬਾੜੀ ਅਫ਼ਸਰ ਮਾਲੇਰਕੋਟਲਾ ਨੂੰ ਹਦਾਇਤ ਕੀਤੀ ਕਿ ਮਸ਼ੀਨਾਂ ਦਾ ਸਾਰਾ ਸੂਚੀ ਡਾਟਾ ਤਿਆਰ ਕੀਤਾ ਜਾਵੇ ਤਾਂ ਜੋ ਮਸ਼ੀਨਾਂ ਦੀ ਸਹੀ ਸਥਿਤੀ,ਉਪਲਬਧਤਾ ਬਾਰੇ ਕਿਸਾਨਾਂ ਨੂੰ ਪਤਾ ਚੱਲ ਸਕੇ । ਇਹ ਡਾਟਾ ਬੇਸ ਹਰੇਕ ਬਲਾਕ, ਮਾਰਕੀਟ ਕਮੇਟੀ ਤੇ ਐਸ.ਡੀ.ਐਮਜ਼ ਦਫ਼ਤਰਾਂ ਕੋਲ ਉਪਲਬਧ ਕਰਵਾਇਆ ਜਾਵੇ । ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਇਸ ਸਾਲ ਝੋਨੇ ਦੀ ਪਰਾਲੀ ਨੂੰ ਇਕੱਠਾ ਕਰਨ ਲਈ ਐਕਸ ਸੀਟੂ ਤਕਨੀਕ ਅਪਣਾਉਣ।