ਸਰਕਾਰ ਦੇ ਖ਼ਜ਼ਾਨੇ ਵਿੱਚ ਜ਼ਮੀਨ ਅਤੇ ਜਾਇਦਾਦ ਦੀਆਂ ਰਜਿਸਟਰੀਆਂ ਤੋਂ ਦਸੰਬਰ 2022 ਦੇ ਮੁਕਾਬਲੇ ਦਸੰਬਰ 2023 ਵਿੱਜ 1.94 ਕਰੋੜ ਰੁਪਏ ਦਾ ਵਾਧਾ : ਡਿਪਟੀ ਕਮਿਸ਼ਨਰ

ਫਾਜ਼ਿਲਕਾ 8 ਜਨਵਰੀ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਦਿੱਤੀਆਂ ਗਈਆਂ ਪਾਰਦਰਸ਼ੀ, ਮੁਸ਼ਕਲ ਰਹਿਤ ਅਤੇ ਭ੍ਰਿਸ਼ਟਾਚਾਰ ਮੁਕਤ ਸੇਵਾਵਾਂ ਦੇ ਨਤੀਜੇ ਵਜੋਂ ਪੰਜਾਬ ਸਰਕਾਰ ਨੇ ਪਿਛਲੇ ਸਾਲ ਦੇ ਮੁਕਾਬਲੇ ਦਸੰਬਰ ਮਹੀਨੇ ਵਿੱਚ ਜ਼ਮੀਨਾਂ ਅਤੇ ਜਾਇਦਾਦ ਦੀਆਂ ਰਜਿਸਟਰੀਆਂ ਤੋਂ 32 ਫੀਸਦੀ ਵੱਧ ਆਮਦਨ ਪ੍ਰਾਪਤ ਕੀਤੀ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਨੇ ਦੱਸਿਆ ਕਿ ਫਾਜ਼ਿਲਕਾ ਜ਼ਿਲ੍ਹੇ ਵਿੱਚੋਂ ਦਸੰਬਰ 2023 ਵਿੱਚ ਜ਼ਮੀਨ ਅਤੇ ਜਾਇਦਾਦ ਦੀਆਂ ਰਜਿਸਟਰੀਆਂ ਤੋਂ ਪੰਜਾਬ ਸਰਕਾਰ ਦੇ ਖ਼ਜ਼ਾਨੇ ਵਿੱਚ ਦਸੰਬਰ 2022 ਦੇ ਮੁਕਾਬਲੇ 1.94 ਕਰੋੜ ਰੁਪਏ ਤੋਂ ਵੱਧ ਆਏ ਹਨ। ਦਸੰਬਰ 2022 ਵਿੱਚ 6.51 ਕਰੋੜ ਰੁਪਏ ਦੇ ਮੁਕਾਬਲੇ ਦਸੰਬਰ 2023 ਵਿੱਚ 8.46 ਕਰੋੜ ਰੁਪਏ ਸਰਕਾਰੀ ਖ਼ਜ਼ਾਨੇ ਵਿੱਚ ਆਏ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਫਾਜ਼ਿਲਕਾ ਜ਼ਿਲ੍ਹੇ ਵਿੱਚ ਅਪ੍ਰੈਲ 2023 ਤੋਂ ਦਸੰਬਰ 2023 ਤੱਕ ਕੁੱਲ 47.02 ਕਰੋੜ ਰੁਪਏ ਤੋਂ ਵੱਧ ਦੀ ਆਮਦਨ ਹੋਈ ਹੈ। ਪਿਛਲੇ ਸਾਲ ਇਹੀ ਆਮਦਨ 44.35 ਕਰੋੜ ਰੁਪਏ ਤੋਂ ਵੱਧ ਦੀ ਸੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਪੱਸ਼ਟ ਦਿਸ਼ਾ-ਨਿਰਦੇਸ਼ ਦਿੱਤੇ ਹਨ ਕਿ ਭ੍ਰਿਸ਼ਟਾਚਾਰ ਨੂੰ ਕਿਸੇ ਵੀ ਪੱਧਰ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਮਾਲ ਵਿਭਾਗ ਵਿਚ ਵੀ ਜੇਕਰ ਲੋਕਾਂ ਨੂੰ ਕਿਸੇ ਵੀ ਪੱਧਰ 'ਤੇ ਕੰਮ ਕਰਵਾਉਣ ਵਿਚ ਕੋਈ ਦਿੱਕਤ ਪੇਸ਼ ਆਉਂਦੀ ਹੈ ਤਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਕ ਹੈਲਪਲਾਈਨ ਨੰਬਰ 8184900002 ਜਾਰੀ ਕੀਤਾ ਹੈ, ਜਿਸ 'ਤੇ ਵਟਸਐਪ 'ਤੇ ਲਿਖਤੀ ਸ਼ਿਕਾਇਤ ਕੀਤੀ ਜਾ ਸਕਦੀ ਹੈ। ਪ੍ਰਵਾਸੀ ਭਾਰਤੀ ਆਪਣੀ ਲਿਖਤੀ ਸ਼ਿਕਾਇਤ ਨੰਬਰ 9464100168 'ਤੇ ਭੇਜ ਸਕਦੇ ਹਨ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਸੂਬੇ ਦੇ ਖਜ਼ਾਨੇ ਨੂੰ ਹੋਰ ਮਜ਼ਬੂਤ ਕਰਨ ਲਈ ਸਰਕਾਰ ਤੇ ਪ੍ਰਸ਼ਾਸਨ ਦਾ ਸਾਥ ਦੇਣਾ ਚਾਹੀਦਾ ਹੈ ਅਤੇ ਕਿਸੇ ਵੀ ਅਧਿਕਾਰੀ/ਕਰਮਚਾਰੀ ਨੂੰ ਕਿਸੇ ਵੀ ਜਾਇਜ਼ ਕੰਮ ਲਈ ਰਿਸ਼ਵਤ ਨਾ ਦਿੱਤੀ ਜਾਵੇ ਅਤੇ ਜੇਕਰ ਮਾਲ ਵਿਭਾਗ ਦਾ ਕੋਈ ਅਧਿਕਾਰੀ/ਕਰਮਚਾਰੀ ਕਿਸੇ ਵੀ ਕੰਮ ਦੇ ਬਦਲੇ ਕੋਈ ਪੈਸੇ ਮੰਗਦਾ ਹੈ ਤਾਂ ਬੇਝਿਜਕ ਹੋ ਕੇ ਉਸਦੀ ਸ਼ਿਕਾਇਤ ਕੀਤੀ ਜਾਵੇ। ਦੋਸ਼ੀ ਨੂੰ ਕਿਸੇ ਵੀ ਹਾਲਤ ਵਿੱਚ ਬਖਸ਼ਿਆ ਨਹੀਂ ਜਾਵੇਗਾ।