ਆਮ ਆਦਮੀ ਕਲੀਨਿਕਾਂ ਦਾ ਜ਼ਿਲ੍ਹੇ ਦੇ 2 ਲੱਖ 23 ਹਜ਼ਾਰ 163 ਲੋਕਾਂ ਨੇ ਲਿਆ ਲਾਭ : ਈਸ਼ਾ ਸਿੰਗਲ

  • ਸਵਾਈਨ ਫਲੂ ਨਾਲ ਨਜਿੱਠਣ ਲਈ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਬਣਾਏ ਗਏ 8 ਫਲੂ ਕਾਰਨਰ
  • ਸਾਡੇ ਬਜੁਰਗ ਸਾਡਾ ਮਾਣ ਮੁਹਿੰਮ ਅਧੀਨ ਬਜੁਰਗਾਂ ਦਾ ਮੁਫਤ ਚੈਕਅੱਪ ਕਰਕੇ ਦਿੱਤੀਆਂ ਜਾ ਰਹੀਆਂ ਹਨ ਮੁਫਤ ਦਵਾਈਆਂ
  • ਅਮਲੋਹ ਵਿਖੇ 22.34 ਲੱਖ ਦੀ ਲਾਗਤ ਨਾਲ ਬਣਾਇਆ ਜਾ ਰਿਹੈ ਨਵਾਂ ਆਮ ਆਦਮੀ ਕਲੀਨਿਕ
  • ਵਧੀਕ ਡਿਪਟੀ ਕਮਿਸ਼ਨਰ (ਜ) ਈਸ਼ਾ ਸਿੰਗਲ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹਾ ਸਿਹਤ ਸੋਸਾਇਟੀ ਦੀ ਕੀਤੀ ਮੀਟਿੰਗ

ਫ਼ਤਹਿਗੜ੍ਹ ਸਾਹਿਬ, 19 ਦਸੰਬਰ : ਪੰਜਾਬ ਸਰਕਾਰ ਵੱਲੋਂ ਨਾਗਰਿਕਾਂ ਨੂੰ ਉਨ੍ਹਾਂ ਦੇ ਘਰਾਂ ਨਜ਼ਦੀਕ ਮਿਆਰੀ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਮੰਤਵ ਨਾਲ ਜ਼ਿਲ੍ਹੇ ਵਿੱਚ ਖੋਲ੍ਹੇ ਗਏ 19 ਆਮ ਆਦਮੀ ਕਲੀਨਿਕਾਂ ਤੋਂ ਹੁਣ ਤੱਕ 2 ਲੱਖ 23 ਹਜ਼ਾਰ 163 ਵਿਅਕਤੀਆਂ ਨੇ ਆਪਣਾ ਚੈਕਅੱਪ ਕਰਵਾਇਆ ਹੈ ਅਤੇ ਇਨ੍ਹਾਂ ਕਲੀਨਿਕਾਂ ਵਿੱਚ 36211 ਮੁਫਤ ਲੈਬ ਟੈਸਟ ਵੀ ਕੀਤੇ ਗਏ ਹਨ। ਇਹ ਜਾਣਕਾਰੀ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ਼੍ਰੀਮਤੀ ਈਸ਼ਾ ਸਿੰਗਲ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਰਾ ਸਿਹਤ ਸੋਸਾਇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦਿੱਤੀ। ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ ਵੱਧ ਤੋਂ ਵੱਧ ਲੋਕਾਂ ਨੂੰ ਆਮ ਆਦਮੀ ਕਲੀਨਿਕਾਂ ਦਾ ਲਾਭ ਦੇਣ ਲਈ ਅਮਲੋਹ ਦੀ ਟੈਲੀਫੋਨ ਐਕਸਚੇਂਜ ਨੇੜੇ 22.34 ਲੱਖ ਦੀ ਲਾਗਤ ਨਾਲ ਇੱਕ ਹੋਰ ਆਮ ਆਦਮੀ ਕਲੀਨਿਕ ਬਣਾਇਆ ਜਾ ਰਿਹਾ ਹੈ ਤਾਂ ਜੋ ਨਾਗਰਿਕ ਆਪਣੇ ਘਰਾਂ ਨੇੜੇ ਸਿਹਤ ਸਹੂਲਤਾਂ ਦਾ ਲਾਭ ਲੈ ਸਕਣ। ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਸਵਾਈਨ ਫਲੂ ਦੀ ਬਿਮਾਰੀ ਨਾਲ ਨਜਿੱਠਣ ਲਈ ਜ਼ਿਲ੍ਹਾ ਹਸਪਤਾਲ, ਸਬ ਡਵੀਜ਼ਨਲ ਹਸਪਤਾਲ, ਬਲਾਕ ਪ੍ਰਾਇਮਰੀ ਸਿਹਤ ਕੇਂਦਰ ਤੇ ਕਮਿਉਨਿਟੀ ਹੈਲਥ ਸੈਂਟਰ ਵਿਖੇ ਕੁੱਲ 08 ਫਲੂ ਕਾਰਨਰ ਬਣਾਏ ਗਏ ਹਨ ਜਿਥੇ ਕਿ ਸਵਾਈਨ ਫਲੂ ਦੇ ਸੰਭਾਵਿਤ ਮਰੀਜਾਂ ਦਾ ਇਲਾਜ ਕੀਤਾ ਜਾਂਦਾ ਹੈ। ਇਨ੍ਹਾਂ ਫਲੂ ਕਾਰਨਰਾਂ ਵਿੱਚ ਲੋੜੀਂਦੀਆਂ ਮਸ਼ੀਨਾਂ ਦਾ ਪ੍ਰਬੰਧ ਵੀ ਕੀਤਾ ਗਿਆ ਹੈ ਅਤੇ ਇਸ ਬਿਮਾਰੀ ਦੇ ਮਰੀਜਾਂ ਦਾ ਇਲਾਜ ਕਰਨ ਵਾਸਤੇ 128 ਬੈੱਡ ਵੀ ਸਥਾਪਤ ਕੀਤੇ ਗਏ ਹਨ। ਉਨ੍ਹਾਂ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਆਮ ਲੋਕਾਂ ਨੂੰ ਸਵਾਈਨ ਫਲੂ ਤੋਂ ਬਚਾਅ ਸਬੰਧੀ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇ ਤਾਂ ਜੋ ਇਹ ਬਿਮਾਰੀ ਵਧੇਰੇ ਨਾ ਫੈਲ ਸਕੇ। ਉਨ੍ਹਾਂ ਇਹ ਵੀ ਕਿਹਾ ਕਿ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਜਣੇਪੇ ਦੀ ਦਰ ਵਿੱਚ ਵਾਧਾ ਕਰਨ ਲਈ ਯੋਗ ਉਪਰਾਲੇ ਕੀਤੇ ਜਾਣ ਅਤੇ ਗਰਭ ਦੌਰਾਨ ਹੋਈਆਂ ਮੌਤਾਂ ਬਾਰੇ ਵਿਸਥਾਰ ਵਿੱਚ ਰਿਪੋਰਟ ਤਿਆਰ ਕੀਤੀ ਜਾਵੇ। ਈਸ਼ਾ ਸਿੰਗਲ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਬਜੁਰਗ ਨਾਗਰਿਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਮੰਤਵ ਨਾਲ ਸ਼ੁਰੂ ਕੀਤੀ ਗਈ " ਸਾਡੇ ਬਜ਼ੁਰਗ ਸਾਡਾ ਮਾਣ " ਮੁਹਿੰਮ ਤਹਿਤ ਬਸੀ ਪਠਾਣਾ ਦੇ ਓਲਡ ਏਜ ਹੋਮ ਵਿਖੇ 906 ਬਜੁਰਗਾਂ ਦੀ ਸਿਹਤ ਜਾਂਚ ਕੀਤੀ ਗਈ ਅਤੇ 646 ਬਜੁਰਗਾਂ ਦੇ ਲੈਬ ਟੈਸਟ ਕੀਤੇ ਗਏ। ਇਸ ਤੋਂ ਇਲਾਵਾ 906 ਬਜੁਰਗਾਂ ਦੇ ਸਿਹਤ ਕਾਰਡ ਵੀ ਬਣਾਏ ਗਏ। ਉਨ੍ਹਾਂ ਦੱਸਿਆ ਕਿ ਦਿਲ ਦੇ ਦੌਰੇ ਦੇ ਮਰੀਜਾਂ ਨੂੰ ਫੌਰੀ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਮੰਤਵ ਨਾਲ ਜ਼ਿਲ੍ਹਾ ਹਸਪਤਾਲ ਫ਼ਤਹਿਗੜ੍ਹ ਸਾਹਿਬ, ਕਮਿਊਨਿਟੀ ਸਿਹਤ ਕੇਂਦਰ ਅਮਲੋਹ ਅਤੇ ਖੇੜਾ ਵਿਖੇ ਹਾਰਟ ਅਟੈਕ ਰਿਸਪੌਂਸ ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ ਜੋ ਕਿ 24 ਘੰਟੇ ਕੰਮ ਕਰ ਰਹੀਆਂ ਹਨ। ਇਨ੍ਹਾਂ ਟੀਮਾਂ ਦੀ ਰਾਜ ਪੱਧਰੀ ਟੀਮ ਵੱਲੋਂ ਨਿਗਰਾਨੀ ਕੀਤੀ ਜਾਂਦੀ ਹੈ। ਮੀਟਿੰਗ ਵਿੱਚ ਸਿਵਲ ਸਰਜਨ ਡਾ: ਦਵਿੰਦਰਜੀਤ ਕੌਰ, ਡਿਪਟੀ ਮੈਡੀਕਲ ਕਮਿਸ਼ਨਰ ਡਾ: ਸਰਿਤਾ, ਡੀ.ਡੀ.ਪੀ.ਓ. ਹਿਤੇਨ ਕਪਿਲਾ ਤੋਂ ਇਲਾਵਾ ਸਮੂਹ ਐਸ.ਐਮ.ਓਜ਼ ਤੇ ਹੋਰ ਅਧਿਕਾਰੀ ਹਾਜਰ ਸਨ।