2 ਲੱਖ ਵਿਦਿਆਰਥੀਆਂ ਤੱਕ ਪਹੁੰਚ ਬਣਾਕੇ ਡੇਂਗੂ ਫੈਲਣ ਦੇ ਕਾਰਨਾਂ ਸਬੰਧੀ ਕੀਤਾ ਜਾਵੇਗਾ ਜਾਗਰੂਕ : ਸਿਹਤ ਮੰਤਰੀ

  • ਹਰ ਸ਼ੁੱਕਰਵਾਰ ਡੇਂਗੂ 'ਤੇ ਵਾਰ ਤਹਿਤ ਸਿੱਖਿਆ ਸੰਸਥਾਵਾਂ ਰਾਹੀਂ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਜਾਗਰੂਕ : ਡਾ. ਬਲਬੀਰ ਸਿੰਘ

ਪਟਿਆਲਾ, 10 ਅਕਤੂਬਰ 2024 : ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਹਰ ਸ਼ੁੱਕਰਵਾਰ ਡੇਂਗੂ 'ਤੇ ਵਾਰ ਮੁਹਿੰਮ ਤਹਿਤ ਇਸ ਸ਼ੁੱਕਰਵਾਰ 11 ਅਕਤੂਬਰ ਨੂੰ ਸਵੇਰੇ 8 ਵਜੇ ਤੋਂ ਸੂਬੇ ਦੀਆਂ ਸਿੱਖਿਆ ਸੰਸਥਾਵਾਂ ਰਾਹੀਂ 2 ਲੱਖ ਵਿਦਿਆਰਥੀਆਂ ਨੂੰ ਡੇਂਗੂ ਫੈਲਣ ਦੇ ਕਾਰਨਾਂ ਸਬੰਧੀ ਜਾਗਰੂਕ ਕਰਨ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾਵੇਗੀ। ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਹਰੇਕ ਸ਼ੁੱਕਰਵਾਰ ਨੂੰ ਡੇਂਗੂ ਦੀ ਰੋਕਥਾਮ ਲਈ ਜਾਗਰੂਕਤਾ ਮੁਹਿੰਮ ਚਲਾਈ ਜਾਂਦੀ ਹੈ ਤੇ ਲੱਖਾਂ ਘਰਾਂ ਦੀ ਜਾਂਚ ਕੀਤੀ ਜਾਂਦੀ ਹੈ ਤੇ ਇਸ ਵਾਰ ਵਿਸ਼ੇਸ਼ ਤੌਰ 'ਤੇ ਸਿੱਖਿਆ ਸੰਸਥਾਵਾਂ ਰਾਹੀਂ ਵਿਦਿਆਰਥੀਆਂ ਜਰੀਏ ਲੋਕਾਂ ਤੱਕ ਪਹੁੰਚ ਬਣਾਈ ਜਾਵੇਗੀ। ਉਨ੍ਹਾਂ ਕਿਹਾ ਕਿ ਸੂਬੇ ਦੇ ਸਕੂਲਾਂ, ਕਾਲਜਾਂ, ਯੂਨੀਵਰਸਿਟੀਆਂ, ਤਕਨੀਕੀ ਸਿੱਖਿਆ ਸੰਸਥਾਵਾਂ, ਮੈਡੀਕਲ ਕਾਲਜ, ਨਰਸਿੰਗ ਕਾਲਜ ਦੇ ਵਿਦਿਆਰਥੀਆਂ ਤੇ ਅਧਿਆਪਕਾਂ ਤੱਕ ਪਹੁੰਚ ਕਰਕੇ ਉਨ੍ਹਾਂ ਨੂੰ ਪਹਿਚਾਣ ਕਰਵਾਈ ਜਾਵੇਗੀ ਕਿ ਡੇਂਗੂ ਦਾ ਲਾਰਵਾ ਕਿਸ ਤਰ੍ਹਾਂ ਦਾ ਹੁੰਦਾ ਹੈ, ਕਿਥੇ ਕਿਥੇ ਪਨਪਦਾ ਹੈ, ਕੂਲਰ, ਫ਼ਰਿਜ ਦੀ ਟਰੇਅ, ਪੰਛੀਆਂ ਲਈ ਰੱਖੇ ਕਟੋਰਿਆਂ ਸਮੇਤ ਟਾਇਰਾਂ ਆਦਿ 'ਚ ਖੜੇ ਪਾਣੀ ਰਾਹੀਂ ਫੈਲਦੇ ਲਾਰਵੇ ਸਬੰਧੀ ਵਿਦਿਆਰਥੀਆਂ ਨੂੰ ਜਾਗਰੂਕ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜੇਕਰ ਅਸੀਂ  ਮੱਛਰ ਦੀ ਬ੍ਰੀਡਿੰਗ ਦੀ ਰੋਕਥਾਮ ਕਰ ਲਈ ਤਾਂ ਬਿਮਾਰੀ ਆਪਣੇ ਆਪ ਕੰਟਰੋਲ ਹੋ ਜਾਵੇਗੀ। ਡਾ. ਬਲਬੀਰ ਸਿੰਘ ਨੇ ਕਿਹਾ ਕਿ ਸ਼ੁੱਕਰਵਾਰ ਨੂੰ 2 ਤੋਂ 3 ਲੱਖ ਲੋਕਾਂ ਤੱਕ ਪਹੁੰਚ ਬਣਾਉਂਦਿਆਂ ਲੋਕਾਂ ਦੀ ਸ਼ਮੂਲੀਅਤ ਕਰਕੇ ਸੂਬੇ ਦੀ ਸਿੱਖਿਆ ਸੰਸਥਾ, ਪਿੰਡ ਤੇ ਗਲੀ ਮੁਹੱਲੇ ਤੱਕ ਪਹੁੰਚ ਕੇ ਲੋਕਾਂ ਨੂੰ ਜਾਗਰੂਕ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਡੇਂਗੂ 'ਤੇ ਕੰਟਰੋਲ ਜਾਗਰੂਕਤਾ ਨਾਲ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਮੁਹਿੰਮ ਦੌਰਾਨ ਪਾਣੀ ਰਾਹੀਂ ਫੈਲਣ ਵਾਲੀਆਂ ਬਿਮਾਰੀਆਂ ਸਬੰਧੀ ਵੀ ਜਾਗਰੂਕ ਕੀਤਾ ਜਾਵੇਗਾ।