ਪਸ਼ੂ ਪਾਲਣ ਵਿਭਾਗ ਬਰਨਾਲਾ ਵੱਲੋਂ ਗਾਵਾਂ ਨੂੰ ਲੰਪੀ ਸਕਿਨ ਬਿਮਾਰੀ ਤੋਂ ਬਚਾਉਣ ਲਈ 25800 ਪਸ਼ੂਆਂ ਦਾ ਟੀਕਾਕਰਨ

ਬਰਨਾਲਾ, 14 ਮਾਰਚ : ਪਸ਼ੂ ਪਾਲਣ ਵਿਭਾਗ ਬਰਨਾਲਾ ਵੱਲੋਂ ਗਾਵਾਂ ਨੂੰ ਲੰਪੀ ਸਕਿਨ ਬਿਮਾਰੀ ਤੋਂ ਬਚਾਉਣ ਲਈ ਸ਼ੁਰੂ ਕੀਤੀ ਗਈ ਟੀਕਾਕਰਨ ਮੁਹਿੰਮ ਤਹਿਤ 18 ਦਿਨਾਂ ਵਿੱਚ 25800 ਪਸ਼ੂਆਂ ਦਾ ਟੀਕਾਕਰਨ ਕੀਤਾ ਜਾ ਚੁੱਕਾ ਹੈ।  ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ.ਲਖਬੀਰ ਸਿੰਘ ਡਿਪਟੀ ਡਾਇਰੈਕਟਰ,ਪਸ਼ੂ ਪਾਲਣ ਵਿਭਾਗ,ਬਰਨਾਲਾ ਨੇ ਦੱਸਿਆ ਕਿ ਸ. ਗੁਰਮੀਤ ਸਿੰਘ ਖੁੱਡੀਆਂ ਕੈਬਨਿਟ ਮੰਤਰੀ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ, ਪੰਜਾਬ ਅਤੇ ਸ਼੍ਰੀ ਵਿਕਾਸ ਪ੍ਰਤਾਪ ਵਧੀਕ ਮੁੱਖ ਸਕੱਤਰ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਪੰਜਾਬ ਸਰਕਾਰ ਦੀ ਅਗਵਾਈ ਵਿੱਚ ਤੇਲੰਗਾਨਾ ਸਟੇਟ ਵੈਟਨਰੀ ਬਾਇਓਲੌਜੀਕਲ ਐਂਡ ਰਿਸਰਚ ਇੰਸਟੀਚਿਊਟ, ਹੈਦਰਾਬਾਦ ਤੋਂ 78.75 ਲੱਖ ਰੁਪਏ ਦੀ ਲਾਗਤ ਨਾਲ ਗੋਟ ਪੋਕਸ ਵੈਕਸੀਨ ਦੀਆਂ 25 ਲੱਖ ਖੁਰਾਕਾਂ ਖਰੀਦੀਆਂ ਗਈਆਂ ਹਨ। ਉਹਨਾਂ ਕਿਹਾ ਕਿ ਡਾ. ਗੁਰਸ਼ਰਨਜੀਤ ਸਿੰਘ ਬੇਦੀ ਨਿਰਦੇਸ਼ਕ ਪਸ਼ੂ ਪਾਲਣ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਹੇਠ ਘਰ ਘਰ ਅੰਦਰ ਜਾ ਕੇ ਗੋਕਿਆਂ ਦਾ ਟੀਕਾਕਰਨ ਕਰਨ ਲਈ ਜ਼ਿਲ੍ਹੇ ਵਿੱਚ 14 ਟੀਮਾਂ ਦਾ ਗਠਨ ਕੀਤਾ ਗਿਆ ਹੈ। ਡਾ.ਕਰਮਜੀਤ ਸਿੰਘ ਧੂਰੀ ਸਹਾਇਕ ਡਾਇਰੈਕਟਰ ਪਸ਼ੂ ਪਾਲਣ ਵਿਭਾਗ ਬਰਨਾਲਾ ਨੇ ਕਿਹਾ ਕਿ ਇਸ ਟੀਕਾਕਰਨ ਮੁਹਿੰਮ ਲਈ ਪਸ਼ੂ ਪਾਲਣ ਵਿਭਾਗ ਵੱਲੋਂ ਜ਼ਿਲ੍ਹਾ ਬਰਨਾਲਾ ਵਿਖੇ ਗੋਟ ਪੋਕਸ ਵੈਕਸੀਨ ਦੀਆਂ 64000 ਖੁਰਾਕਾਂ ਭੇਜੀਆ ਗਈਆਂ ਹਨ। ਉਹਨਾਂ ਨੇ ਕਿਹਾ ਕਿ ਪਸ਼ੂ ਪਾਲਣ ਵਿਭਾਗ ਦੀਆਂ ਟੀਮਾਂ ਵੱਲੋਂ ਜ਼ਿਲ੍ਹੇ ਦੇ ਸਾਰੇ ਸ਼ਹਿਰਾਂ ਅਤੇ ਪਿੰਡਾਂ ਵਿੱਚ ਘਰ-ਘਰ ਜਾ ਕੇ ਗਾਵਾਂ ਦਾ ਟੀਕਾਕਰਨ ਬਿਲਕੁੱਲ ਮੁਫਤ ਕੀਤਾ ਜਾ ਰਿਹਾ ਹੈ। ਇਸ ਦੇ ਨਾਲ ਹੀ ਜ਼ਿਲ੍ਹੇ ਦੀਆਂ ਸਾਰੀਆਂ ਗਊਸ਼ਾਲਾਵਾਂ ਵਿਚਲੇ ਸਾਰੇ ਗਊਵੰਸ਼ ਦਾ ਟੀਕਾਕਰਨ ਵੀ ਬਿਲਕੁੱਲ ਮੁਫਤ ਕੀਤਾ ਜਾ ਰਿਹਾ ਹੈ। ਡਾ.ਲਖਬੀਰ ਸਿੰਘ ਡਿਪਟੀ ਡਾਇਰੈਕਟਰ,ਪਸ਼ੂ ਪਾਲਣ ਵਿਭਾਗ,ਬਰਨਾਲਾ ਨੇ ਜ਼ਿਲ੍ਹੇ ਦੇ ਸਮੁੱਚੇ ਸਟਾਫ ਨੂੰ ਗਊਵੰਸ਼ ਦੇ 100 ਫੀਸਦੀ ਟੀਕਾਕਰਨ ਨੂੰ ਮਿੱਥੇ ਸਮੇਂ ਵਿੱਚ ਯਕੀਨੀ ਬਣਾਉਣ ਲਈ ਮੁਹਿੰਮ ਨੂੰ ਹੋਰ ਤੇਜ਼ ਕਰਨ ਦੀ ਹਦਾਇਤ ਕੀਤੀ। ਉਹਨਾਂ ਨੇ ਪਸ਼ੂ ਪਾਲਕਾਂ ਨੂੰ ਇਸ ਮੁਹਿੰਮ ਲਈ ਵੱਧ ਤੋਂ ਵੱਧ ਸਹਿਯੋਗ ਦੇਣ ਦੀ ਅਪੀਲ ਕਰਦਿਆਂ ਕਿਹਾ ਕਿ ਇਸ ਟੀਕਾਕਰਨ ਦਾ ਪਸ਼ੂਆਂ ਉੱਪਰ ਕੋਈ ਦੁਰਪ੍ਰਭਾਵ ਨਹੀਂ ਪੈਂਦਾ ਸਗੋਂ ਗੋਕਿਆਂ ਨੂੰ ਅਗਾਊਂ ਟੀਕਾਕਰਨ ਕਰਵਾਉਣ ਨਾਲ ਇਸ ਬੀਮਾਰੀ ਨਾਲ ਹੋਣ ਵਾਲੇ ਆਰਥਿਕ ਨੁਕਸਾਨ ਤੋਂ ਬਚਿਆ ਜਾ ਸਕਦਾ ਹੈ।