ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਅਧੀਨ 35503 ਲਾਭਪਾਤਰੀਆਂ ਨੇ 16 ਕਰੋੜ 80 ਲੱਖ ਦਾ ਕਰਵਾਇਆ ਇਲਾਜ਼: ਪਰਨੀਤ ਸ਼ੇਰਗਿੱਲ

  • ਮੁੱਖ ਮੰਤਰੀ ਕੈਂਸਰ ਰਾਹਤ ਯੋਜਨਾ ਅਧੀਨ ਕੈਂਸਰ ਦੇ 1030 ਮਰੀਜਾਂ ਨੂੰ ਇਲਾਜ ਲਈ 11.15 ਕਰੋੜ ਦੀ ਦਿੱਤੀ ਸਹਾਇਤਾ
  • ਡੀ.ਸੀ. ਵੱਲੋਂ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਜਣੇਪੇ ਦੀ ਦਰ ਵਧਾਉਣ ਦੀ ਹਦਾਇਤ
  • ਆਮ ਆਦਮੀ ਕਲੀਨਿਕਾਂ ਵਿੱਚ ਮਰੀਜਾਂ ਲਈ ਪੀਣ ਵਾਲੇ ਪਾਣੀ ਤੇ ਸਾਫ ਸਫਾਈ ਦੇ ਪੁਖਤਾ ਪ੍ਰਬੰਧ ਯਕੀਨੀ ਬਣਾਉਣ ਦੇ ਹੁਕਮ
  • ਡਿਪਟੀ ਕਮਿਸ਼ਨਰ ਪਰਨੀਤ ਸ਼ੇਰਗਿੱਲ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹਾ ਸਿਹਤ ਸੋਸਾਇਟੀ ਦੀ ਮੀਟਿੰਗ ਦੀ ਕੀਤੀ ਪ੍ਰਧਾਨਗੀ

ਫ਼ਤਹਿਗੜ੍ਹ ਸਾਹਿਬ, 04 ਅਕਤੂਬਰ : ਪੰਜਾਬ ਸਰਕਾਰ ਵੱਲੋਂ ਆਮ ਲੋਕਾਂ ਨੂੰ ਬਿਹਤਰ ਤੇ ਮੁਫਤ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਮੰਤਵ ਨਾਲ ਸ਼ੁਰੂ ਕੀਤੀ ਗਈ ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਅਧੀਨ ਹੁਣ ਤੱਕ ਜ਼ਿਲ੍ਹੇ ਦੇ 35503 ਲਾਭਪਾਤਰੀਆਂ ਦੇ ਇਲਾਜ ਲਈ 16 ਕਰੋੜ 80 ਲੱਖ 98 ਹਜ਼ਾਰ 292 ਰੁਪਏ ਖਰਚ ਕੀਤੇ ਜਾ ਚੁੱਕੇ ਹਨ ਅਤੇ ਇਸੇ ਤਰ੍ਹਾਂ ਆਮ ਲੋਕਾਂ ਨੂੰ ਘਰਾਂ ਨੇੜੇ ਮਿਆਰੀ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਜ਼ਿਲ੍ਹੇ ਵਿੱਚ ਖੋਲ੍ਹੇ ਗਏ 19 ਆਮ ਆਦਮੀ ਕਲੀਨਿਕਾਂ ਤੋਂ ਹੁਣ ਤੱਕ 01 ਲੱਖ 96 ਹਜ਼ਾਰ 336 ਨਾਗਰਿਕਾਂ ਨੇ ਇਲਾਜ ਕਰਵਾਇਆ ਹੈ ਅਤੇ ਇਨ੍ਹਾਂ ਕਲੀਨਿਕਾਂ ਵਿੱਚ 31243 ਲੈਬ ਟੈਸਟ ਵੀ ਮੁਫਤ ਕੀਤੇ ਗਏ ਹਨ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਕੀਤੀ ਗਈ ਜ਼ਿਲ੍ਹਾ ਸਿਹਤ ਸੋਸਾਇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦਿੱਤੀ। ਉਨ੍ਹਾਂ ਕਿਹਾ ਕਿ ਆਮ ਆਦਮੀ ਕਲੀਨਿਕ ਲੋਕਾਂ ਲਈ ਇੱਕ ਵੱਡੀ ਰਾਹਤ ਵਜੋਂ ਸਾਹਮਣੇ ਆ ਰਹੇ ਹਨ ਅਤੇ ਲੋਕ ਆਪਣੇ ਇਲਾਜ ਲਈ ਆਪਣੇ ਘਰਾਂ ਨੇੜੇ ਚੈਕਅੱਪ ਕਰਵਾ ਕੇ ਸਿਹਤ ਸਹੂਲਤਾਂ ਦਾ ਲਾਭ ਲੈ ਰਹੇ ਹਨ। ਉਨ੍ਹਾਂ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਆਮ ਆਦਮੀ ਕਲੀਨਿਕਾਂ ਵਿੱਚ ਆਉਣ ਵਾਲੇ ਮਰੀਜ਼ਾਂ ਲਈ ਪੀਣ ਵਾਲੇ ਸਾਫ ਸੁਥਰੇ ਪਾਣੀ ਅਤੇ ਸਾਫ ਸਫਾਈ ਦਾ ਪ੍ਰਬੰਧ ਕਰਨ ਨੂੰ ਯਕੀਨੀ ਬਣਾਇਆ ਜਾਵੇ ਤਾਂ ਜੋ ਲੋਕਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਹੋਰ ਦੱਸਿਆ ਕਿ ਕੈਂਸਰ ਵਰਗੀ ਖ਼ਤਰਨਾਕ ਬਿਮਾਰੀ ਤੋਂ ਬਚਾਅ ਲਈ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਕੈਂਸਰ ਰਾਹਤ ਯੋਜਨਾ ਅਧੀਨ ਕੈਂਸਰ ਦੇ ਮਰੀਜਾਂ ਨੂੰ ਸਰਕਾਰੀ ਤੇ ਇੰਮਪੈਨਲਡ ਗੈਰ ਸਰਕਾਰੀ ਹਸਪਤਾਲਾਂ ਵਿੱਚ ਇਲਾਜ ਕਰਵਾਉਣ ਲਈ ਸਰਕਾਰ ਵੱਲੋਂ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਜਾਂਦੀ ਹੈ ਅਤੇ ਇਸ ਯੋਜਨਾ ਅਧੀਨ ਹੁਣ ਤੱਕ ਕੈਂਸਰ ਦੇ 1030 ਮਰੀਜਾਂ ਦੇ ਇਲਾਜ ਲਈ 11 ਕਰੋੜ 15 ਲੱਖ 03 ਹਜ਼ਾਰ 406 ਰੁਪਏ ਦੀ ਮਾਲੀ ਸਹਾਇਤਾ ਦਿੱਤੀ ਜਾ ਚੁੱਕੀ ਹੈ ਤਾਂ ਜੋ ਇਸ ਨਾ-ਮੁਰਾਦ ਬਿਮਾਰੀ ਦੇ ਸ਼ਿਕਾਰ ਵਿਅਕਤੀਆਂ ਨੂੰ ਇਲਾਜ ਕਰਵਾਉਣ ਵਿੱਚ ਕੋਈ ਪ੍ਰੇਸ਼ਾਨੀ ਪੇਸ਼ ਨਾ ਆਵੇ। ਡਿਪਟੀ ਕਮਿਸ਼ਨਰ ਨੇ ਹੋਰ ਦੱਸਿਆ ਕਿ ਸਰਕਾਰ ਵੱਲੋਂ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਜਣੇਪਾ ਕਰਵਾਉਣ ਲਈ ਆਉਣ ਵਾਲੀਆਂ ਔਰਤਾਂ ਨੂੰ ਪੇਂਡੂ ਖੇਤਰ ਵਿੱਚ ਜਣੇਪਾ ਕਰਵਾਉਣ ਲਈ 700 ਰੁਪਏ ਅਤੇ ਸ਼ਹਿਰੀ ਖੇਤਰ ਦੇ ਸਰਕਾਰੀ ਸਿਹਤ ਕੇਂਦਰ ਵਿੱਚ ਜਣੇਪਾ ਕਰਵਾਉਣ ਵਾਲੀਆਂ ਔਰਤਾਂ ਨੂੰ 600 ਰੁਪਏ ਦੀ ਸਹਾਇਤਾ ਦਿੱਤੀ ਜਾਂਦੀ ਹੈ ਜਦੋਂ ਕਿ ਘਰ ਵਿੱਚ ਜਣੇਪਾ ਕਰਨ ਵਾਲੀਆਂ ਔਰਤਾਂ ਨੂੰ 500 ਰੁਪਏ ਦਿੱਤੇ ਜਾਂਦੇ ਹਨ ਅਤੇ ਇਸ ਸਕੀਮ ਅਧੀਨ ਹੁਣ ਤੱਕ 280 ਔਰਤਾਂ ਨੂੰ ਲਾਭ ਦਿੱਤਾ ਗਿਆ ਹੈ। ਉਨ੍ਹਾਂ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਸਰਕਾਰ ਵੱਲੋਂ ਗਰਭਵਤੀ ਔਰਤਾਂ ਨੂੰ ਜਣੇਪੇ ਲਈ ਦਿੱਤੀ ਜਾਣ ਵਾਲੀ ਮਾਲੀ ਸਹਾਇਤਾ ਬਾਰੇ ਵੱਧ ਤੋਂ ਵੱਧ ਲੋਕਾਂ ਨੂੰ ਜਾਗਰੂਕ ਕੀਤਾ ਜਾਵੇ ਅਤੇ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਜਣੇਪੇ ਦੀ ਦਰ ਵਧਾਉਣ ਲਈ ਹੋਰ ਉਪਰਾਲੇ ਕੀਤੇ ਜਾਣ। ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ਼੍ਰੀ ਸੁਰਿੰਦਰ ਸਿੰਘ ਧਾਲੀਵਾਲ, ਸਿਵਲ ਸਰਜਨ ਡਾ: ਦਵਿੰਦਰਜੀਤ ਕੌਰ, ਸਹਾਇਕ ਸਿਵਲ ਸਰਜਨ ਡਾ: ਸਵਪਨਜੀਤ ਕੌਰ, ਡਿਪਟੀ ਮੈਡੀਕਲ ਕਮਿਸ਼ਨਰ ਡਾ: ਸਰਿਤਾ, ਜ਼ਿਲ੍ਹਾ ਟੀਕਾਕਰਨ ਅਫਸਰ ਡਾ: ਰਾਜੇਸ਼, ਜ਼ਿਲ੍ਹਾ ਸਿਹਤ ਅਫਸਰ ਡਾ: ਨਵਜੋਤ ਕੌਰ, ਜ਼ਿਲ੍ਹਾ ਐਪੀਡਿਮਾਲੋਜਿਸਟ ਡਾ: ਗੁਰਪ੍ਰੀਤ ਕੌਰ, ਜ਼ਿਲ੍ਹਾ ਪ੍ਰੋਗਰਾਮ ਮੈਨੇਜਰ ਸ਼੍ਰੀਮਤੀ ਕਸੀਤਿਜ਼ ਸੀਮਾ, ਜ਼ਿਲ੍ਹਾ ਮਾਸ ਮੀਡੀਆ ਅਫਸਰ ਸ਼੍ਰੀ ਬਲਜਿੰਦਰ ਸਿੰਘ, ਸਮੂਹ ਸੀਨੀਅਰ ਮੈਡੀਕਲ ਅਫਸਰਾਂ ਤੋਂ ਇਲਾਵਾ ਹੋਰ ਅਧਿਕਾਰੀ ਵੀ ਹਾਜ਼ਰ ਸਨ।