ਜ਼ਿਲ੍ਹਾ ਸੰਗਰੂਰ ਨੂੰ ਹਰਿਆਲੀ ਭਰਪੂਰ ਬਣਾਉਣ ਲਈ ਲਗਾਏ ਜਾਣਗੇ 5 ਲੱਖ ਬੂਟੇ: ਜਤਿੰਦਰ ਜੋਰਵਾਲ

  • ਸਮੂਹ ਵਿਭਾਗਾਂ ਨੂੰ ਖਾਲੀ ਥਾਵਾਂ ਦੀ ਚੋਣ ਕਰਕੇ ਬੂਟੇ ਲਗਾਉਣ ਲਈ ਪ੍ਰੇਰਿਆ
  • ਬੂਟੇ ਲਗਾਉਣ ਤੇ ਸਹੀ ਸਾਂਭ ਸੰਭਾਲ ਕਰਨ ਲਈ ਲੋਕਾਂ ਤੋਂ ਸਰਗਰਮ ਸਹਿਯੋਗ ਮੰਗਿਆ

ਸੰਗਰੂਰ, 11 ਜੂਨ : ਜ਼ਿਲ੍ਹਾ ਸੰਗਰੂਰ ਨੂੰ ਹਰਿਆਲੀ ਪੱਖੋਂ ਭਰਪੂਰ ਬਣਾਉਣ ਦੇ ਮਿੱਥੇ ਟੀਚੇ ਤਹਿਤ ਮੌਜੂਦਾ ਵਿੱਤੀ ਵਰ੍ਹੇ ਅੰਦਰ 5 ਲੱਖ ਬੂਟੇ ਲਗਾਉਣ ਅਤੇ ਉਨ੍ਹਾਂ ਦੀ ਸਹੀ ਪਰਵਰਿਸ਼ ਕਰਨ ਦਾ ਟੀਚਾ ਮਿਥਿਆ ਗਿਆ ਹੈ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੱਖ-ਵੱਖ ਵਿਭਾਗਾਂ ਦੇ ਮੁਖੀਆਂ ਨਾਲ ਮੀਟਿੰਗ ਦੌਰਾਨ ਕੀਤਾ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਸ ਸਾਲ ਮਿੱਥੇ ਗਏ ਇਸ ਟੀਚੇ ਨੂੰ ਹਾਸਲ ਕਰਨ ਲਈ ਲੋਕਾਂ ਦੀ ਸਰਗਰਮ ਹਿੱਸੇਦਾਰੀ ਦੀ ਜ਼ਰੂਰਤ ਹੈ ਕਿਉਂਕਿ ਹਰ ਨਾਗਰਿਕ ਦਾ ਵੀ ਇਹ ਨੈਤਿਕ ਫਰਜ਼ ਹੈ ਕਿ ਉਹ ਆਪਣੇ ਆਲੇ ਦੁਆਲੇ ਨੂੰ ਹਰਿਆਲੀ ਭਰਪੂਰ ਬਣਾਉਣ ਲਈ ਕੁਦਰਤ ਨਾਲ ਆਪਣੀ ਸਾਂਝ ਨੂੰ ਮਜ਼ਬੂਤ ਕਰੇ। ਡਿਪਟੀ ਕਮਿਸ਼ਨਰ ਨੇ ਵਿਭਾਗੀ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਹਰੇਕ ਵਿਭਾਗ ਦੇ ਅਧੀਨ ਆਉਂਦੀਆਂ ਥਾਵਾਂ ਵਿੱਚੋਂ ਅਜਿਹੇ ਖਾਲੀ ਸਥਾਨਾਂ ਦੀ ਸੂਚੀ ਮੁਹੱਈਆ ਕਰਵਾਈ ਜਾਵੇ ਜਿਥੇ ਕਿ 1 ਜੁਲਾਈ ਤੋਂ ਬੂਟੇ ਲਗਾਏ ਜਾ ਸਕਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਵਣ ਵਿਭਾਗ ਵੱਲੋਂ ਇਸ ਟੀਚੇ ਦੀ ਪ੍ਰਾਪਤੀ ਲਈ ਯੋਜਨਾ ਤਿਆਰ ਕੀਤੀ ਗਈ ਹੈ ਜਿਸ ਨੂੰ ਸਾਰਿਆਂ ਦੇ ਸਹਿਯੋਗ ਨਾਲ ਨੇਪਰੇ ਚੜ੍ਹਾਇਆ ਜਾਵੇਗਾ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮਗਨਰੇਗਾ ਰਾਹੀਂ 1.5 ਲੱਖ ਬੂਟੇ ਲਗਾਏ ਜਾਣਗੇ ਜਦਕਿ ਸਰਕਾਰੀ ਵਿਭਾਗਾਂ ਦੇ ਅਧਿਕਾਰੀਆਂ ਦੇ ਨਾਲ ਨਾਲ ਕਿਸਾਨਾਂ, ਸਮਾਜ ਸੇਵੀ ਸੰਗਠਨਾਂ, ਗੈਰ ਸਿਆਸੀ ਜਥੇਬੰਦੀਆਂ, ਵਿਦਿਅਕ ਅਦਾਰਿਆਂ, ਯੂਥ ਕਲੱਬਾਂ, ਖੇਡ ਕਲੱਬਾਂ ਨਾਲ ਤਾਲਮੇਲ ਕਰਦੇ ਹੋਏ ਵੀ ਇਸ ਉਦੇਸ਼ ਦੀ ਪੂਰਤੀ ਲਈ ਉਪਰਾਲੇ ਕੀਤੇ ਜਾਣਗੇ। ਇਸ ਮੌਕੇ ਵਣ ਮੰਡਲ ਅਧਿਕਾਰੀ ਮੋਨਿਕਾ ਦੇਵੀ ਯਾਦਵ ਨੇ ਦੱਸਿਆ ਕਿ ਇਸ ਮੁਹਿੰਮ ਤਹਿਤ ਜ਼ਿਲ੍ਹਾ ਨਿਵਾਸੀਆਂ ਨੂੰ 1 ਲੱਖ ਬੂਟੇ ਮੁਫ਼ਤ ਮੁਹੱਈਆ ਕਰਵਾਏ ਜਾਣਗੇ ਤਾਂ ਜੋ ਲੋਕ ਆਪਣੇ ਆਲੇ ਦੁਆਲੇ ਖਾਲੀ ਪਈਆਂ ਥਾਵਾਂ, ਪਲਾਟਾਂ ਆਦਿ ਵਿੱਚ ਬੂਟੇ ਲਗਾ ਸਕਣ। ਉਨ੍ਹਾਂ ਦੱਸਿਆ ਕਿ ਰਵਾਇਤੀ ਕਿਸਮਾਂ ਦੇ ਬੂਟੇ ਜਿਵੇਂ ਬੋਹੜ, ਪਿੱਪਲ, ਕਿੱਕਰ, ਟਾਹਲੀ, ਨਿੰਮ ਆਦਿ ਦੇ ਨਾਲ ਨਾਲ ਫੁੱਲਾਂ ਦੀਆਂ ਵਿਭਿੰਨ ਕਿਸਮਾਂ, ਛਾਂਦਾਰ ਬੂਟੇ ਵੀ ਵੰਡੇ ਜਾਣਗੇ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਵਣ ਵਿਭਾਗ ਦੀਆਂ 6 ਨਰਸਰੀਆਂ ਵਿੱਚ 8 ਲੱਖ ਬੂਟੇ ਤਿਆਰ ਕੀਤੇ ਗਏ ਹਨ ਜਦਕਿ 5 ਨਰਸਰੀਆਂ ਵਿੱਚ ਮਗਨਰੇਗਾ ਸਕੀਮ ਤਹਿਤ ਬੂਟੇ ਵਿਕਸਤ ਕੀਤੇ ਗਏ ਹਨ। ਮੀਟਿੰਗ ਦੌਰਾਨ ਐਸ.ਡੀ.ਐਮ ਸੰਗਰੂਰ ਚਰਨਜੋਤ ਸਿੰਘ, ਐਸ.ਡੀ.ਐਮ ਧੂਰੀ ਅਮਿਤ ਗੁਪਤਾ, ਐਸ.ਡੀ.ਐਮ ਭਵਾਨੀਗੜ੍ਹ ਵਿਨੀਤ ਕੁਮਾਰ, ਐਸ.ਡੀ.ਐਮ ਦਿੜ੍ਹਬਾ ਰਾਜੇਸ਼ ਸ਼ਰਮਾ, ਐਸ.ਡੀ.ਐਮ ਸੁਨਾਮ ਪ੍ਰਮੋਦ ਸਿੰਗਲਾ ਵੀ ਹਾਜ਼ਰ ਸਨ।