ਪਰਾਲੀ ਦੀ ਸੁਚੱਜੀ ਸੰਭਾਲ ਲਈ 6.47 ਕਰੋੜ ਦੀ ਸਬਸਿਡੀ ਤੇ ਦਿੱਤੀਆਂ 588 ਖੇਤੀ ਮਸ਼ੀਨਾ: ਡਿਪਟੀ ਕਮਿਸ਼ਨਰ

  • ਜ਼ਮੀਨ ਦੀ ਉਪਜਾਊ ਸ਼ਕਤੀ ਬਰਕਰਾਰ ਰੱਖਣ ਲਈ ਪਰਾਲੀ ਨੂੰ ਖੇਤ ਵਿੱਚ ਹੀ ਵਾਹੁਣ ਕਿਸਾਨ
  • ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਹੁਣ ਤੱਕ 79932 ਮੀਟਰਿਕ ਟਨ ਝੋਨੇ ਦੀ ਹੋਈ ਖਰੀਦ
  • ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹੇ ਦੇ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਦੀ ਕੀਤੀ ਗਈ ਅਪੀਲ

ਫ਼ਤਹਿਗੜ੍ਹ ਸਾਹਿਬ, 12 ਅਕਤੂਬਰ : ਡਿਪਟੀ ਕਮਿਸ਼ਨਰ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਜ਼ਿਲ੍ਹੇ ਵਿੱਚ ਪਰਾਲੀ ਨੂੰ ਅੱਗ ਨਾ ਲਗਾਉਣ ਲਈ ਚਲਾਈ ਜਾ ਰਹੀ ਜਾਗਰੂਕਤਾ ਮੁਹਿੰਮ ਬਾਰੇ ਗੱਲਬਾਤ ਕਰਦਿਆਂ ਕਿਹਾ ਕਿ ਪਰਾਲੀ ਨੂੰ ਅੱਗ ਲਗਾਉਣ ਦੀ ਸਮੱਸਿਆ ਅੱਜ ਦੇ ਸਮੇਂ ਅੰਦਰ ਇੱਕ ਗੰਭੀਰ ਚੁਣੋਤੀ ਦਾ ਰੂਪ ਧਾਰਨ ਕਰ ਚੁੱਕੀ ਹੈ, ਜਿਸ ਨੂੰ ਰੋਕਣਾ ਹਰੇਕ ਨਾਗਰਿਕ ਦਾ ਫਰਜ਼ ਬਣਦਾ ਹੈ। ਉਨ੍ਹਾਂ ਕਿਹਾ ਕਿ ਜੇਕਰ ਵਾਤਾਵਰਣ ਪ੍ਰਦੂਸ਼ਣ ਨੂੰ ਠੱਲ ਪਾਉਣ ਲਈ ਅਸੀਂ ਹੁਣ ਵੀ ਸੁਚੇਤ ਨਾ ਹੋਏ ਤਾਂ ਆਉਣ ਵਾਲੇ ਸਮੇਂ ਅੰਦਰ ਇਸ ਦੇ ਗੰਭੀਰ ਨਤੀਜੇ ਭੁਗਤਣੇ ਪੈ ਸਕਦੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਫਸਲਾਂ ਦੀ ਰਹਿੰਦ-ਖੂੰਹਦ ਦੀ ਸੁਚੱਜੀ ਸੰਭਾਲ ਲਈ ਨਿੱਜੀ ਕਿਸਾਨਾਂ, ਸਹਿਕਾਰੀ ਸਭਾਵਾਂ ਤ ਐਫ.ਪੀ.ਓਜ਼ ਨੂੰ 80 ਫੀਸਦੀ ਸਬਸਿਡੀ ਤੇ ਆਧੁਨਿਕ ਖੇਤੀ ਮਸ਼ੀਨਰੀ ਮੁਹੱਈਆ ਕਰਵਾਈ ਗਈ ਹੈ ਤਾਂ ਜੋ ਪਰਾਲੀ ਨੂੰ ਅੱਗ ਲਗਾਉਣ ਦੀ ਪ੍ਰਥਾ ਦਾ ਖਾਤਮਾ ਕੀਤਾ ਜਾ ਸਕੇ। ਪਰਨੀਤ ਸ਼ੇਰਗਿੱਲ ਨੇ ਦੱਸਿਆ ਕਿ ਫਸਲਾਂ ਦੀ ਰਹਿੰਦ-ਖੂੰਹਦ ਦੇ ਸੁਚੱਜੇ ਪ੍ਰਬੰਧਨ ਲਈ ਪੰਜਾਬ ਸਰਕਾਰ ਵੱਲੋਂ ਜ਼ਿਲ੍ਹੇ ਵਿੱਚ ਵੱਡੀ ਪੱਧਰ ਤੇ ਖੇਤੀ ਮਸ਼ੀਨਰੀ ਮੁਹੱਈਆ ਕਰਵਾਈ ਜਾ ਰਹੀ ਹੈ ਅਤੇ ਇਸ ਸਾਲ ਹੁਣ ਤੱਕ 6.47 ਕਰੋੜ ਰੁਪਏ ਦੀ ਸਬਸਿਡੀ ਤੇ ਕਿਸਾਨਾਂ, ਕਿਸਾਨ ਗਰੁੱਪਾਂ ਤੇ ਸਹਿਕਾਰੀ ਸਭਾਵਾਂ ਰਾਹੀਂ 588 ਆਧੁਨਿਕ ਖੇਤੀ ਮਸ਼ੀਨਾਂ ਮੁਹੱਈਆ ਕਰਵਾਈਆਂ ਜਾ ਚੁੱਕੀਆਂ ਹਨ। ਜਿਨ੍ਹਾਂ ਦੀ ਮਦਦ ਨਾਲ ਕਿਸਾਨ ਝੋਨੇ ਦੀ ਪਰਾਲੀ ਨੂੰ ਖੇਤ ਵਿੱਚ ਹੀ ਵਾਹ ਸਕਦੇ ਹਨ। ਉਨ੍ਹਾਂ ਦੱਸਿਆ ਕਿ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਕਿਸਾਨਾਂ, ਸਹਿਕਾਰੀ ਸਭਾਵਾਂ ਗ੍ਰਾਮ ਪੰਚਾਇਤਾਂ ਅਤੇ ਫਾਰਮ ਪ੍ਰਡਿਊਸ ਆਰਗੇਨਾਈਜੇਸ਼ਨਾਂ ਨੂੰ ਪਰਾਲੀ ਪ੍ਰਬੰਧਨ ਲਈ ਸੁਪਰ ਸੀਡਰ, ਸਮਾਰਟ ਸੀਡਰ, ਹੈਪੀ ਸੀਡਰ, ਐਮ.ਬੀ. ਪਲਾਓ, ਪੈਡੀ ਚੋਪਰ, ਸਰਫੇਸ ਸੀਡਰ ਅਤੇ ਬੇਲਰ ਆਦਿ ਆਨ ਲਾਈਨ ਡਰਾਅ ਕੱਢਣ ਦੀ ਪ੍ਰਕ੍ਰਿਆ ਮੁਕੰਮਲ ਕਰਕੇ ਦਿੱਤੀਆਂ ਗਈਆਂ ਹਨ। ਡਿਪਟੀ ਕਮਿਸ਼ਨਰ ਨੇ ਝੋਨੇ ਦੀ ਖਰੀਦ ਬਾਰੇ ਗੱਲਬਾਤ ਕਰਦਿਆਂ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਹੁਣ ਤੱਕ 83888 ਮੀਟਰਿਕ ਟਨ ਝੋਨੇ ਦੀ ਆਮਦ ਹੋਈ ਹੈ ਜਿਸ ਵਿੱਚੋਂ ਖਰੀਦ ਏਜੰਸੀਆਂ ਵੱਲੋਂ 79932 ਮੀਟਰਿਕ ਟਨ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਮੰਡੀਆਂ ਵਿੱਚ ਖਰੀਦੇ ਗਏ ਝੋਨੇ ਵਿੱਚੋਂ ਪਨਗ੍ਰੇਨ ਵੱਲੋਂ 36007 ਮੀਟਰਿਕ ਟਨ, ਮਾਰਕਫੈੱਡ ਵੱਲੋਂ 17928 ਮੀਟਰਿਕ ਟਨ, ਪਨਸਪ ਵੱਲੋਂ 16594 ਮੀਟਰਿਕ ਟਨ ਅਤੇ ਵੇਅਰ ਹਾਊਸ ਵੱਲੋਂ 9404 ਮੀਟਰਿਕ ਟਨ ਝੋਨੇ ਦੀ ਖਰੀਦ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਕਿਸਾਨਾਂ ਨੂੰ ਤੈਅ ਸਮੇਂ ਅੰਦਰ ਅਦਾਇਗੀ ਕਰਨ ਲਈ ਸਰਕਾਰ ਵੱਲੋਂ ਦਿੱਤੇ ਆਦੇਸ਼ਾਂ ਅਨੁਸਾਰ ਹੁਣ ਤੱਕ ਡੀ.ਬੀ.ਟੀ. ਸਕੀਮ ਅਧੀਨ ਕਿਸਾਨਾਂ ਦੇ ਖਾਤਿਆਂ ਵਿੱਚ 167.20 ਕਰੋੜ ਰੁਪਏ ਜਮ੍ਹਾਂ ਕਰਵਾਏ ਗਏ ਹਨ ਅਤੇ ਖਰੀਦ ਏਜੰਸੀਆਂ ਵੱਲੋਂ 25526 ਮੀਟਰਿਕ ਟਨ ਝੋਨੇ ਦੀ ਲਿਫਟਿੰਗ ਕਰਵਾਈ ਜਾ ਚੁੱਕੀ ਹੈ। ਪਰਨੀਤ ਸ਼ੇਰਗਿੱਲ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਪਰਾਲੀ ਨੂੰ ਅੱਗ ਨਾ ਲਗਾਉਣ ਲਈ ਚਲਾਈ ਜਾ ਰਹੀ ਮੁਹਿੰਮ ਵਿੱਚ ਵੱਧ ਤੋਂ ਵੱਧ ਸਹਿਯੋਗ ਦੇ ਕੇ ਸ਼ਹੀਦਾਂ ਦੀ ਧਰਤੀ ਫ਼ਤਹਿਗੜ੍ਹ ਸਾਹਿਬ ਨੂੰ ਪ੍ਰਦੂਸ਼ਣ ਮੁਕਤ ਕਰਨ ਵਿੱਚ ਆਪਣਾ ਯੋਗਦਾਨ ਪਾਉਣ। ਉਨ੍ਹਾਂ ਇਹ ਵੀ ਕਿਹਾ ਕਿ ਪਰਾਲੀ ਨੂੰ ਅੱਗ ਲਗਾਉਣ ਦੀ ਥਾਂ ਉਸ ਨੂੰ ਖੇਤ ਵਿੱਚ ਹੀ ਵਾਹਿਆ ਜਾਵੇ ਤਾਂ ਜੋ ਜ਼ਮੀਨ ਦੀ ਉਪਜਾਊ ਸ਼ਕਤੀ ਬਰਕਰਾਰ ਰਹਿ ਸਕੇ।