ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 87780 ਮੀਟਰਿਕ ਟਨ ਝੋਨੇ ਦੀ ਖਰੀਦ ਕੀਤੀ ਗਈ: ਡਿਪਟੀ ਕਮਿਸ਼ਨਰ

  • ਖਰੀਦ ਏਜੰਸੀਆਂ ਵੱਲੋਂ 27587 ਮੀਟਰਿਕ ਟਨ ਝੋਨੇ ਦੀ ਕਰਵਾਈ ਗਈ ਲਿਫਟਿੰਗ
  • ਖਰੀਦੇ ਗਏ ਝੋਨੇ ਦੀ ਅਦਾਇਗੀ ਵਜੋਂ ਕਿਸਾਨਾਂ ਦੇ ਖਾਤਿਆਂ ਵਿੱਚ ਜਮ੍ਹਾਂ ਕਰਵਾਏ 178.29 ਕਰੋੜ ਰੁਪਏ
  • ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਦੀ ਥਾਂ ਉਸ ਨੂੰ ਖੇਤ ਵਿੱਚ ਹੀ ਵਾਹੁਣ ਕਿਸਾਨ : ਪਰਨੀਤ ਸ਼ੇਰਗਿੱਲ

ਫ਼ਤਹਿਗੜ੍ਹ ਸਾਹਿਬ, 13 ਅਕਤੂਬਰ : ਝੋਨੇ ਦੀ ਖਰੀਦ ਲਈ ਜ਼ਿਲ੍ਹੇ ਵਿੱਚ ਬਣਾਏ ਗਏ 32 ਖਰੀਦ ਕੇਂਦਰਾਂ "ਤੇ ਹੁਣ ਤੱਕ 91325 ਮੀਟਰਿਕ ਟਨ ਝੋਨੇ ਦੀ ਆਮਦ ਹੋਈ ਹੈ ਜਿਸ ਵਿੱਚੋਂ ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ 87780 ਮੀਟਰਿਕ ਟਨ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਦੱਸਿਆ ਕਿ ਖਰੀਦੇ ਗਏ ਝੋਨੇ ਦੀ ਅਦਾਇਗੀ ਵਜੋਂ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਡੀ.ਬੀ.ਟੀ. ਪ੍ਰਣਾਲੀ ਤਹਿਤ 178.29 ਕਰੋੜ ਰੁਪਏ ਜਮ੍ਹਾਂ ਕਰਵਾਏ ਗਏ ਹਨ ਅਤੇ ਮੰਡੀਆਂ ਵਿੱਚ ਖਰੀਦੇ ਗਏ ਝੋਨੇ ਵਿੱਚੋਂ 27587 ਮੀਟਰਿਕ ਟਨ ਝੌਨੇ ਦੀ ਲਿਫਟਿੰਗ ਕਰਵਾਈ ਜਾ ਚੁੱਕੀ ਹੈ। ਖਰੀਦ ਸਬੰਧੀ ਵਿਸਥਾਰ ਸਹਿਤ ਜਾਣਕਾਰੀ ਦਿੰਦਿਆਂ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਦੱਸਿਆ ਕਿ ਮੰਡੀਆਂ ਵਿੱਚ ਖਰੀਦੇ ਗਏ ਝੋਨੇ ਵਿੱਚੋਂ ਪਨਗ੍ਰੇਨ ਵੱਲੋਂ 39935 ਮੀਟਰਿਕ ਟਨ, ਮਾਰਕਫੈੱਡ ਵੱਲੋਂ 19631 ਮੀਟਰਿਕ ਟਨ, ਪਨਸਪ ਵੱਲੋਂ 18289 ਮੀਟਰਿਕ ਟਨ ਅਤੇ ਵੇਅਰ ਹਾਊਸ ਵੱਲੋਂ 9925 ਮੀਟਰਿਕ ਟਨ ਝੋਨੇ ਦੀ ਖਰੀਦ ਕੀਤੀ ਗਈ ਹੈ। ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਸਰਕਾਰ ਵੱਲੋਂ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਰਾਹੀਂ ਫਸਲਾਂ ਦੀ ਰਹਿੰਦ-ਖੂੰਹਦ ਦੀ ਸੁਚੱਜੀ ਸੰਭਾਲ ਲਈ ਸਬਸਿਡੀ ਤੇ ਖੇਤੀ ਮਸ਼ੀਨਰੀ ਮੁਹੱਈਆ ਕਰਵਾਈ ਗਈ ਹੈ ਜਿਸ ਦੀ ਵਰਤੋਂ ਨਾਲ ਪਰਾਲੀ ਨੂੰ ਅੱਗ ਲਗਾਉਣ ਦੀ ਥਾਂ ਉਸ ਨੂੰ ਖੇਤ ਵਿੱਚ ਹੀ ਵਾਹਿਆ ਜਾ ਸਕਦਾ ਹੈ। ਇਸ ਲਈ ਕਿਸਾਨ ਪਰਾਲੀ ਪ੍ਰਬੰਧਨ ਲਈ ਖੇਤੀ ਮਸ਼ੀਨਾਂ ਦੀ ਵਰਤੋਂ ਕਰਨ ਨੂੰ ਤਰਜ਼ੀਹ ਦੇਣ ਅਤੇ ਪਰਾਲੀ ਨੂੰ ਅੱਗ ਨਾ ਲਗਾਉਣ ਤਾਂ ਜੋ ਵਾਤਾਵਰਣ ਪ੍ਰਦੂਸ਼ਣ ਦਾ ਖਾਤਮਾ ਕੀਤਾ ਜਾ ਸਕੇ।