ਜ਼ਿਲ੍ਹੇ ਦੀਆਂ ਮੰਡੀਆਂ 'ਚੋਂ 91 ਫੀਸਦੀ ਲਿਫਟਿੰਗ ਤੇ 68 ਮੰਡੀਆਂ 'ਚੋਂ 100 ਫੀਸਦੀ ਲਿਫਟਿੰਗ ਮੁਕੰਮਲ

ਪਟਿਆਲਾ, 10 ਮਈ : ਜ਼ਿਲ੍ਹੇ ਦੀਆਂ ਮੰਡੀਆਂ 'ਚੋਂ 91 ਫੀਸਦੀ ਕਣਕ ਦੀ ਲਿਫਟਿੰਗ ਹੋ ਚੁੱਕੀ ਹੈ ਜਦਕਿ 68 ਮੰਡੀਆਂ 'ਚੋਂ 100 ਫੀਸਦੀ ਲਿਫਟਿੰਗ ਮੁਕੰਮਲ ਹੋਈ ਹੈ। ਇਹ ਪ੍ਰਗਟਾਵਾ ਕਰਦਿਆਂ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ ਨਿਰਦੇਸ਼ਾਂ ਅਤੇ ਪੰਜਾਬ ਸਰਕਾਰ ਦੀਆਂ ਹਦਾਇਤਾਂ ਮੁਤਾਬਕ ਕਣਕ ਦੇ ਇਸ ਸੀਜਨ ਦੌਰਾਨ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕਿਸਾਨਾਂ ਨੂੰ ਮੰਡੀਆਂ ਵਿੱਚ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਗਈ। ਡਿਪਟੀ ਕਮਿਸ਼ਨਰ ਨੇ ਅੱਜ ਇੱਥੇ ਕਣਕ ਦੀ ਲਿਫ਼ਟਿੰਗ ਦਾ ਜਾਇਜ਼ਾ ਲੈਣ ਲਈ ਕੀਤੀ ਮੀਟਿੰਗ 'ਚ ਦੱਸਿਆ  ਕਿ ਜ਼ਿਲ੍ਹੇ ਅੰਦਰ ਕੁਲ 891518 ਮੀਟ੍ਰਿਕ ਟਨ ਕਣਕ ਦੀ ਖਰੀਦ ਅਤੇ 809218 ਮੀਟ੍ਰਿਕ ਟਨ ਦੀ ਲਿਫਟਿੰਗ ਕੀਤੀ ਗਈ ਹੈ। ਇਸ ਤੋਂ ਇਲਾਵਾ ਕਿਸਾਨਾਂ ਨੂੰ 1886.68 ਕਰੋੜ ਰੁਪਏ ਦੀ ਅਦਾਇਗੀ ਕੀਤੀ ਗਈ ਹੈ। ਉਨ੍ਹਾਂ ਅੱਗੇ ਦੱਸਿਆ ਕਿ ਜ਼ਿਲ੍ਹੇ ਦੀਆਂ 68 ਮੰਡੀਆਂ ਵਿੱਚ 100 ਫ਼ੀਸਦੀ ਲਿਫਟਿੰਗ ਦਾ ਕੰਮ ਮੁਕੰਮਲ ਕਰ ਲਿਆ ਗਿਆ ਹੈ ਅਤੇ ਬਹੁਤੇ ਖਰੀਦ ਕੇਂਦਰ ਹੁਣ ਬੰਦ ਹੋ ਚੁੱਕੇ ਹਨ। ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਅਪੀਲ ਵੀ ਕੀਤੀ ਕਿ ਉਹ ਕਣਕ ਦੇ ਨਾੜ ਨੂੰ ਅੱਗ ਨਾ ਲਗਾਉਣ ਕਿਉਂਕਿ ਅਜਿਹਾ ਕਰਨ ਨਾਲ ਵਾਤਾਵਰਣ ਗੰਧਲਾ ਹੁੰਦਾ ਹੈ ਅਤੇ ਲੋਕਾਂ ਨੂੰ ਇਸ ਨਾਲ ਸਾਂਹ ਤੇ ਹੋਰ ਭਿਆਨਕ ਬਿਮਾਰੀਆਂ ਲੱਗਣ ਦਾ ਖ਼ਤਰਾ ਹੈ।