ਜ਼ਿਲ੍ਹੇ ਦੇ ਆਮ ਆਦਮੀ ਕਲੀਨਿਕ ਲੋਕਾਂ ਲਈ ਵਰਦਾਨ: ਡਿਪਟੀ ਕਮਿਸ਼ਨਰ

  • ਕਿਹਾ; ਆਮ ਆਦਮੀ ਕਲੀਨਿਕਸ ਦਾ ਸਿਹਤਮੰਦ ਸਮਾਜ ਦੇ ਨਿਰਮਾਣ ਵਿੱਚ ਅਹਿਮ ਯੋਗਦਾਨ
  • ਡਿਪਟੀ ਕਮਿਸ਼ਨਰ ਨੇ ਭਗੜਾਣਾ ਦੇ ਆਮ ਆਦਮੀ ਕਲੀਨਿਕ ਦਾ ਲਿਆ ਜਾਇਜ਼ਾ 

ਫ਼ਤਹਿਗੜ੍ਹ ਸਾਹਿਬ, 28 ਸਤੰਬਰ : ਮੁੱਖ ਮੰਤਰੀ ਸ. ਭਗਵੰਤ ਮਾਨ ਵੱਲੋਂ ਆਮ ਲੋਕਾਂ ਨੂੰ ਘਰਾਂ ਨੇੜੇ ਮਿਆਰੀ ਸਿਹਤ ਸਹੂਲਤਾਂ ਉਪਲਬਧ ਕਰਵਾਉਣ ਦੇ ਮੰਤਵ ਨਾਲ ਖੋਲ੍ਹੇ ਗਏ ਆਮ ਆਦਮੀ ਕਲੀਨਕ ਜ਼ਿਲ੍ਹੇ ਦੇ ਲੋਕਾਂ ਲਈ ਵਰਦਾਨ ਸਾਬਤ ਹੋ ਰਹੇ ਹਨ ਅਤੇ ਲੋਕ ਆਪਣੇ ਘਰਾਂ ਨਜ਼ਦੀਕ ਸਿਹਤ ਸਹੂਲਤਾਂ ਹਾਸਲ ਕਰਕੇ ਸਿਹਤਮੰਦ ਸਮਾਜ ਦੇ ਨਿਰਮਾਣ ਵਿੱਚ ਅਹਿਮ ਯੋਗਦਾਨ ਪਾ ਰਹੇ ਹਨ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ੍ਰੀਮਤੀ ਪਰਨੀਤ ਸ਼ੇਰਗਿੱਲ ਨੇ ਭਗੜਾਣਾ ਵਿਖੇ ਸਥਿਤ ਆਮ ਆਦਮੀ ਕਲੀਨਿਕ ਦਾ ਦੌਰਾ ਕਰਨ ਮੌਕੇ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਲੀਨਿਕ ਵਿਚ ਆਏ ਮਰੀਜ਼ਾਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਕੋਲੋਂ ਕਲੀਨਿਕ ਵਿੱਚ ਹੋਰ ਸੁਧਾਰ ਲਈ ਸੁਝਾਅ ਵੀ ਲਏ। ਉਨ੍ਹਾਂ ਕਲੀਨਿਕ ਵਿੱਚ ਓ.ਪੀ.ਡੀ. ਸੇਵਾਵਾਂ, ਸਾਫ਼-ਸਫ਼ਾਈ, ਡਾਕਟਰੀ ਸਾਜ਼ੋ-ਸਮਾਨ ਦਾ ਵੀ ਜਾਇਜ਼ਾ ਵੀ ਲਿਆ। ਡਿਪਟੀ ਕਮਿਸ਼ਨਰ ਨੇ ਕਲੀਨਿਕ ਦੇ ਡਾਕਟਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕੋਲੋਂ ਕਲੀਨਿਕ ਵਿਚ ਉਪਲਬਧ ਸਿਹਤ ਸਹੂਲਤਾਂ ਬਾਰੇ ਜਾਣਕਾਰੀ ਲਈ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿਚ ਵੱਖ-ਵੱਖ ਥਾਈਂ ਖੁਲ੍ਹੇ ਆਮ ਆਦਮੀ ਕਲੀਨਿਕ ਮਿਆਰੀ ਤੇ ਸੁਚੱਜੀਆਂ ਸਿਹਤ ਸਹੂਲਤਾਂ ਦੇਣ ਪੱਖੋਂ ਲੋਕਾਂ ਲਈ ਵਰਦਾਨ ਸਾਬਤ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਕੇਂਦਰਾਂ ਪ੍ਰਤੀ ਲੋਕ ਕਾਫ਼ੀ ਉਤਸ਼ਾਹਿਤ ਹਨ ਅਤੇ ਵੱਧ ਤੋਂ ਵੱਧ ਗਿਣਤੀ ਵਿਚ ਜਾਂਚ ਅਤੇ ਇਲਾਜ ਲਈ ਆ ਰਹੇ ਹਨ। ਡਿਪਟੀ ਕਮਿਸ਼ਨਰ ਨੇ ਸਿਹਤ ਅਧਿਕਾਰੀਆਂ ਨੂੰ ਆਖਿਆ ਕਿ ਆਮ ਆਦਮੀ ਕਲੀਨਿਕਾਂ ਵਿਚ ਆਉਣ ਵਾਲੇ ਮਰੀਜ਼ਾਂ ਨੂੰ ਕਿਸੇ ਕਿਸਮ ਦੀ ਦਿੱਕਤ ਪੇਸ਼ ਨਹੀਂ ਹੋਣੀ ਚਾਹੀਦੀ। ਇਸ ਮੌਕੇ ਵੱਖੋ ਵੱਖ ਵਿਭਾਗਾਂ ਦੇ ਅਧਿਕਾਰੀ, ਆਮ ਆਦਮੀ ਕਲੀਨਿਕ ਦਾ ਸਟਾਫ, ਆਮ ਲੋਕ ਤੇ ਪਤਵੰਤੇ ਹਾਜ਼ਰ ਸਨ।